ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਹੋਈ

Uncategorized

9 ਮਾਰਚ ਨੂੰ ਸਿਹਤ ਮੰਤਰੀ ਵਿਰੁੱਧ ਪਟਿਆਲਾ ਵਿਖੇ ਸੂਬਾਈ ਰੈਲੀ ਦਾ ਐਲਾਨ
ਚੰਡੀਗੜ੍ਹ, 19 ਫਰਵਰੀ,ਬੋਲੇ ਪੰਜਾਬ ਬਿਓਰੋ: ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਦੀ ਇੱਕ ਬਹੁਤ ਹੀ ਅਹਿਮ ਜੱਥੇਬੰਦੀ ਦੀ ਸੂਬਾ ਪ੍ਰਧਾਨ ਰਾਣੋ ਖੇੜੀ ਗਿੱਲਾਂ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਸੂਬਾ ਕਮੇਟੀ ਮੈਂਬਰਾਂ ਅਤੇ ਜ਼ਿਲ੍ਹਾ ਆਗੂਆਂ ਵਲੋਂ ਸ਼ਮੂਲੀਅਤ ਕੀਤੀ ਗਈ। ਮੀਟਿੰਗ ਵਿੱਚ ਜੱਥੇਬੰਦੀ ਦੇ ਮੁੱਖ ਸਲਾਹਕਾਰ ਮਨਜੀਤ ਸਿੰਘ ਬਾਜਵਾ ਅਤੇ ਪ.ਸ.ਸ.ਫ. ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਮੀਟਿੰਗ ਦੀ ਕਾਰਵਾਈ ਚਲਾਉਂਦਿਆਂ ਜੱਥੇਬੰਦੀ ਦੀ ਸੂਬਾ ਜਨਰਲ ਸਕੱਤਰ ਲਖਵਿੰਦਰ ਕੌਰ ਝਬਾਲ ਨੇ ਕਿਹਾ ਕਿ ਮੀਟਿੰਗ ਵਿੱਚ ਸਭ ਤੋਂ ਪਹਿਲਾਂ ਪਿਛਲੇ ਕੀਤੇ ਸੰਘਰਸ਼ਾਂ ਵਿੱਚ ਆਸ਼ਾ ਵਰਕਰਾਂ ਦੀ ਸ਼ਮੂਲੀਅਤ ਸਬੰਧੀ ਰਿਪੋਰਟਿੰਗ ਕੀਤੀ ਗਈ ਅਤੇ ਸਾਂਝੇ ਫਰੰਟ ਦੇ ਐਕਸ਼ਨਾਂ ਅਤੇ ਦੇਸ਼ ਵਿਆਪੀ ਹੜਤਾਲ ਮੌਕੇ ਕੀਤੇ ਗਏ ਰੋਸ ਪ੍ਰਦਰਸ਼ਨਾਂ ਵਿੱਚ ਆਸ਼ਾ ਵਰਕਰਾਂ ਵਲੋਂ ਸੂਬੇ ਭਰ ਵਿੱਚ ਕੀਤੀ ਗਈ ਸ਼ਮੂਲੀਅਤ ਤੇ ਸੰਤੁਸ਼ਟੀ ਦਾ ਪ੍ਰਗਟਾਵਾ ਕੀਤਾ ਗਿਆ। ਮੀਟਿੰਗ ਵਿੱਚ ਵੱਖ ਵੱਖ ਆਗੂਆਂ ਵਲੋਂ ਆਪਣੇ ਵਿਚਾਰ ਪ੍ਰਗਟ ਕਰਦਿਆਂ ਸੂਬਾ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਅਤੇ ਭਗਵੰਤ ਮਾਨ ਵਲੋਂ ਚੋਣਾਂ ਤੋਂ ਪਹਿਲਾਂ ਆਸ਼ਾ ਵਰਕਰਾਂ ਨਾਲ ਕੀਤੇ ਵਾਅਦਿਆਂ ਤੋਂ ਪੂਰੀ ਤਰ੍ਹਾਂ ਮੁਕਰਨ ਤੇ ਗੰਭੀਰ ਨੋਟਿਸ ਲਿਆ ਗਿਆ। ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ, ਮੰਤਰੀਆਂ ਅਤੇ ਵਿਧਾਇਕਾਂ ਵਲੋਂ ਆਸ਼ਾ ਵਰਕਰਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨ ਦੇ ਕੀਤੇ ਵਾਅਦਿਆਂ ਤੋਂ ਮੁਕਰਨ ਤੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਜਲਦ ਹੀ ਮੰਗਾਂ ਨੂੰ ਹੱਲ ਨਾ ਕੀਤਾ ਗਿਆ ਤਾਂ ਜਲਦੀ ਹੀ ਆ ਰਹੀਆਂ ਲੋਕ ਸਭਾ ਚੋਣਾਂ ਦੌਰਾਨ ਆਪ ਦੇ ਉਮੀਦਵਾਰਾਂ ਨੂੰ ਹਰਾਉਣ ਵਿੱਚ ਆਸ਼ਾ ਵਰਕਰਾਂ ਵਲੋਂ ਅਹਿਮ ਭੂਮਿਕਾ ਨਿਭਾਈ ਜਾਵੇਗੀ। ਸਾਥੀ ਸਤੀਸ਼ ਰਾਣਾ ਨੇ ਕਿਹਾ ਕਿ ਮੌਜੂਦਾ ਸਰਕਾਰ ਤਾਂ ਮੁਲਾਜ਼ਮ ਵਿਰੋਧੀ ਨੀਤੀਆਂ ਨੂੰ ਲਾਗੂ ਕਰਨ ਵਿੱਚ ਪਹਿਲੀਆਂ ਸਰਕਾਰਾਂ ਨੂੰ ਵੀ ਪਿੱਛੇ ਛੱਡ ਗਈ ਹੈ ਅਤੇ ਸਰਕਾਰ ਨੂੰ ਸਬਕ ਸਿਖਾਉਣਾ ਸਮੇਂ ਦੀ ਲੋੜ ਬਣ ਗੀ ਹੈ। ਮੀਟਿੰਗ ਵਿੱਚ ਵਿਚਾਰ ਚਰਚਾ ਕਰਨ ਉਪਰੰਤ ਸੰਘਰਸ਼ ਦਾ ਐਲਾਨ ਕੀਤਾ ਗਿਆ ਜਿਸਦੇ ਤਹਿਤ ਫੈਸਲਾ ਕੀਤਾ ਗਿਆ ਕਿ ਮਿਤੀ 23 ਤੋਂ 26 ਫਰਵਰੀ ਤੱਕ ਸੀਨੀਅਰ ਮੈਡੀਕਲ ਅਫਸਰਾਂ ਅਤੇ ਮਿਤੀ 29 ਫਰਵੀ ਨੂੰ ਸਿਵਲ ਸਰਜਨਾਂ ਰਾਹੀ ਸਿਹਤ ਮੰਤਰੀ ਨੂੰ ਮਾਸ ਡੈਪੂਟੇਸ਼ਨਾਂ ਰਾਹੀਂ ਮੰਗ ਪੱਤਰ ਭੇਜੇ ਜਾਣਗੇ। ਜੇਕਰ ਸਰਕਾਰ ਵਲੋਂ ਫਿਰ ਵੀ ਮੰਗਾਂ ਨੂੰ ਹੱਲ ਨਾ ਕੀਤਾ ਗਿਆ ਤਾਂ ਮਿਤੀ 9 ਮਾਰਚ ਨੂੰ ਸਿਹਤ ਮੰਤਰੀ ਵਿਰੁੱਧ ਪਟਿਆਲਾ ਵਿਖੇ ਇੱਕ ਵਿਸ਼ਾਲ ਸੂਬਾ ਪੱਧਰੀ ਰੋਸ ਰੈਲੀ ਕਰਕੇ ਸਿਹਤ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ। ਆਗੂਆਂ ਵਲੋਂ ਮੰਗ ਕੀਤੀ ਗਈ ਕਿ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਨੂੰ ਘੱਟੋ ਘੱਟ ਉਜਰਤ ਦੇ ਘੇਰੇ ਅੰਦਰ ਲਿਆ ਕੇ 18,000 ਰੁਪਏ ਮਹੀਨਾ ਮਾਣ ਭੱਤਾ ਦਿੱਤਾ ਜਾਵੇ, ਆਸ਼ਾ ਵਰਕਰਾਂ ਦੇ ਇੰਨਸੈਨਟਿਵ ਵਿੱਚ ਵਾਧਾ ਕੀਤਾ ਜਾਵੇ, ਆਸ਼ਾ ਫੈਸਿਲੀਟੇਟਰਾਂ ਨੂੰ ਹਰ ਮਹੀਨੇ 10,000 ਰੁਪਏ ਅਤੇ ਹਰੇਕ ਟੂਰ ਦਾ 500 ਰੁਪਏ ਦਿੱਤਾ ਜਾਵੇ, ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਨੂੰ ਗਰਮ ਅਤੇ ਸਰਦ ਰੁੱਤ ਦੀਆਂ ਵਰਦੀਆਂ ਸਮੇਂ ਸਿਰ ਦਿੱਤੀਆਂ ਜਾਣ, ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਨੂੰ ਸਮਾਰਟ ਫੋਨ ਦਿੱਤੇ ਜਾਣ, ਆਭਾ ਆਈਡੀਆਂ ਬਣਾਉਣ ਦੇ ਮਾਣ ਭੱਤੇ ਨੂੰ ਦੁੱਗਣਾ ਕੀਤਾ ਜਾਵੇ, ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਨੂੰ 3 ਮਹੀਨੇ ਦੀ ਪ੍ਰਸੂਤਾ ਛੁੱਟੀ ਬੱਝਵੇਂ ਮਾਣ ਭੱਤੇ ਸਹਿਤ ਦਿੱਤੀ ਜਾਵੇ। 7 ਆਸ਼ਾ ਵਰਕਰਾਂ ਮਗਰ ਇੱਕ ਆਸ਼ਾ ਫੈਸਿਲੀਟੇਟਰ ਰੱਖੀ ਜਾਵੇ। ਮੀਟਿੰਗ ਦੇ ਅੰਤ ਵਿੱਚ ਸੂਬਾ ਪ੍ਰਧਾਨ ਵਲੋਂ ਸਮੂਹ ਆਸ਼ਾ ਵਰਕਰਾਂ ਨੂੰ ਅਪੀਲ ਕੀਤੀ ਕਿ ਉਲੀਕੇ ਗਏ ਸੰਘਰਸ਼ ਨੂੰ ਸਫਲ ਬਣਾਉਣ ਲਈ ਪੂਰਣ ਸਹਿਯੋਗ ਕੀਤਾ ਜਾਵੇ।ਇਸ ਮੌਕੇ ਉਪਰੋਕਤ ਆਗੂਆਂ ਤੋਂ ਇਲਾਵਾ ਸੰਦੀਪ ਕੌਰ ਪੱਤੀ, ਹਰਨਿੰਦਰ ਕੌਰ, ਅਮਰਜੀਤ ਕੌਰ, ਸਿਮਰਨਪ੍ਰੀਤ ਕੌਰ, ਜਸਪ੍ਰੀਤ ਕੌਰ, ਰਾਣੋ, ਕਮਲਜੀਤ ਕੌਰ, ਬੇਅੰਤ ਕੌਰ, ਰਾਜ ਕੁਮਾਰੀ, ਰੇਖਾ ਦੇਵੀ, ਵੀਰਪਾਲ ਕੌਰ, ਰਜਨੀ ਸ਼ਰਮਾ, ਮਨਜੀਤ ਕੌਰ, ਪਰਮਜੀਤ ਕੌਰ, ਜਸਵਿੰਦਰ ਕੌਰ, ਬਲਵੀਰ ਕੌਰ, ਕਿਰਨ ਬਾਲਾ, ਪੂਜਾ ਰਾਣੀ, ਗੁਰਮੀਤ ਕੌਰ, ਰੀਟਾ ਰਾਣੀ, ਕਮਲਜੀਤ ਕੌਰ ਆਦਿ ਆਗੂ ਵੀ ਹਾਜਰ ਸਨ।
ਕੈਪਸ਼ਨ: ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ ਦੀ ਹੋਈ ਸੂਬਾ ਪੱਧਰੀ ਮੀਟਿੰਗ ਮੌਕੇ ਹਾਜਰ ਸੂਬਾਈ ਆਗੂ।

Leave a Reply

Your email address will not be published. Required fields are marked *