ਬੱਚਿਆਂ ਦੇ ਭਵਿੱਖ ਨੂੰ ਸੁਰੱਖਿਅਤ ਬਣਾ ਕੇ ਆਮ ਆਦਮੀ ਨੂੰ ਅਖ਼ਤਿਆਰ ਮੁਹੱਈਆ ਕਰਨ ਦਾ ਇਹ ਯਾਦਗਾਰੀ ਦਿਨਃ ਕੇਜਰੀਵਾਲ
ਇਹ ਸਕੂਲ ਵਿਦਿਆਰਥੀਆਂ ਨੂੰ ਜੀਵਨ ਵਿੱਚ ਉੱਚ ਮੁਕਾਮ ਹਾਸਲ ਕਰਨ ਦਾ ਵਿਸ਼ਵਾਸ ਦੇ ਰਹੇ ਨੇ
ਕੇਂਦਰ ਦੇ ਪੱਖਪਾਤੀ ਰਵੱਈਏ ਦਾ ਮੁਕਾਬਲਾ ਕਰਨ ਲਈ ‘ਆਪ’ ਨੂੰ ਸਾਰੀਆਂ 13 ਲੋਕ ਸਭਾ ਸੀਟਾਂ ਜਿਤਾ ਕੇ ਭਗਵੰਤ ਮਾਨ ਦੇ ਹੱਥ ਮਜ਼ਬੂਤ ਕਰਨ ਦੀ ਲੋਕਾਂ ਨੂੰ ਅਪੀਲ
ਵਿਦਿਆਰਥੀ ਮਿਸਾਲੀ ਤਬਦੀਲੀ ਦੇ ਗਵਾਹ ਬਣੇ ਕਿਉਂਕਿ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀ ਹੁਣ ਸਰਕਾਰੀ ਸਕੂਲਾਂ ਵਿੱਚ ਹੋ ਰਹੇ ਨੇ ਦਾਖ਼ਲਃ ਮੁੱਖ ਮੰਤਰੀ
ਪੰਜਾਬ ਸਰਕਾਰ ਆਮ ਆਦਮੀ ਨੂੰ ਲਾਭ ਪਹੁੰਚਾਉਣ ਲਈ ਕੰਮ ਦੀ ਰਾਜਨੀਤੀ ਕਰ ਰਹੀ ਹੈ
ਆਮ ਆਦਮੀ ਨੂੰ ਭਾਰਤੀ ਰਾਜਨੀਤੀ ਦੇ ਕੇਂਦਰ ਵਿੱਚ ਲਿਆਉਣ ਲਈ ਅਰਵਿੰਦ ਕੇਜਰੀਵਾਲ ਦੀ ਸ਼ਲਾਘਾ
ਲੁਧਿਆਣਾ, 3 ਮਾਰਚ,ਬੋਲੇ ਪੰਜਾਬ ਬਿਓਰੋ:
ਵਿਦਿਆਰਥੀਆਂ ਦੀ ਮਿਆਰੀ ਸਿੱਖਿਆ ਤੱਕ ਪਹੁੰਚ ਯਕੀਨੀ ਬਣਾਉਣ ਲਈ ਆਪਣੀ ਮੁਹਿੰਮ ਜਾਰੀ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ 13 ਨਵੇਂ ਸਕੂਲ ਆਫ਼ ਐਮੀਨੈਂਸ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ, ਜਿਸ ਨਾਲ ਸਿੱਖਿਆ ਕ੍ਰਾਂਤੀ ਨੇ ਪੰਜਾਬ ਵਿੱਚ ਇਕ ਹੋਰ ਮੀਲ ਦਾ ਪੱਥਰ ਹਾਸਲ ਕੀਤਾ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਸਕੂਲਾਂ ਦੀ ਉਸਾਰੀ ਕਰ ਕੇ ਵਿਦਿਆਰਥੀਆਂ ਨੂੰ ਜੀਵਨ ਵਿੱਚ ਉੱਚੀਆਂ ਮੰਜ਼ਿਲਾਂ ਹਾਸਲ ਕਰਨ ਦੇ ਸੁਪਨਿਆਂ ਨੂੰ ਉਡਾਣ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਤੋਂ ਬਾਅਦ ਹੁਣ ਪੰਜਾਬ ਵਿੱਚ ਸਿੱਖਿਆ ਦੇ ਖੇਤਰ ਵਿੱਚ ਵੱਡੀ ਕ੍ਰਾਂਤੀ ਦੇਖਣ ਨੂੰ ਮਿਲ ਰਹੀ ਹੈ ਅਤੇ ਇਹ ਸਕੂਲ ਉਸੇ ਦਾ ਝਲਕਾਰਾ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮਹੱਤਵਪੂਰਨ ਮੌਕਾ ਹੈ ਅਤੇ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਦੇਸ਼ ਦਾ ਮੋਹਰੀ ਸੂਬਾ ਹੋਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀ ਇਹ ਪਹਿਲਕਦਮੀ ਖ਼ਾਸ ਕਰ ਕੇ ਗਰੀਬ ਅਤੇ ਪਛੜੇ ਵਰਗਾਂ ਦੇ ਵਿਦਿਆਰਥੀਆਂ ਦੀ ਮਿਆਰੀ ਸਿੱਖਿਆ ਤੱਕ ਪਹੁੰਚ ਯਕੀਨੀ ਬਣਾਏਗੀ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਇਨ੍ਹਾਂ ਸਕੂਲਾਂ ਦੇ ਵਿਦਿਆਰਥੀ ਹਰ ਖੇਤਰ ਵਿੱਚ ਮੱਲਾਂ ਮਾਰ ਕੇ ਸੂਬੇ ਦਾ ਨਾਂ ਰੌਸ਼ਨ ਕਰਨਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਉਪਰਾਲੇ ਨਾਲ ਵਿਦਿਆਰਥੀਆਂ ਦੀ ਕਿਸਮਤ ਪਲਟਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਅਤੇ ਸਿੱਖਿਆ ਦੇ ਖੇਤਰ ਵਿੱਚ ਮਿਸਾਲੀ ਤਬਦੀਲੀ ਦੇਖਣ ਨੂੰ ਮਿਲ ਰਹੀ ਹੈ ਕਿਉਂਕਿ ਹੁਣ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਲੈ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੂਲ ਤਾਂ ਸਿਰਫ਼ ਸ਼ੁਰੂਆਤ ਹੈ ਕਿਉਂਕਿ ਗਰੀਬ ਵਿਦਿਆਰਥੀਆਂ ਦੀ ਭਲਾਈ ਲਈ ਅਜਿਹੇ ਹੋਰ ਸਕੂਲ ਖੋਲ੍ਹੇ ਜਾਣਗੇ। ਉਨ੍ਹਾਂ ਉਮੀਦ ਪ੍ਰਗਟਾਈ ਕਿ ਇਹ ਸਕੂਲ ਆਧੁਨਿਕ ਸਮੇਂ ਦੇ ਮੰਦਰ ਹੋਣਗੇ, ਜੋ ਵਿਦਿਆਰਥੀਆਂ ਦੇ ਜੀਵਨ ਵਿੱਚ ਗੁਣਾਤਮਕ ਤਬਦੀਲੀ ਲਿਆਉਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਿੱਜੀ ਖੇਤਰ ਵਿੱਚ ਸ਼ਾਇਦ ਹੀ ਕੋਈ ਅਜਿਹਾ ਸਕੂਲ ਹੋਵੇ, ਜਿਸ ਵਿੱਚ ਖੇਡ ਮੈਦਾਨ, ਲਾਅਨ ਟੈਨਿਸ, ਸਵੀਮਿੰਗ ਪੂਲ, ਲੈਬਾਰਟਰੀਆਂ ਅਤੇ ਹੋਰ ਸਹੂਲਤਾਂ ਉਪਲਬਧ ਹੋਣ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਮਾਡਲ ਕਮਜ਼ੋਰ ਅਤੇ ਪਛੜੇ ਵਰਗਾਂ ਦੇ ਵਿਦਿਆਰਥੀਆਂ ਦੀ ਸਹੂਲਤ ਲਈ ਦਿੱਲੀ ਵਿੱਚ ਸ਼ੁਰੂ ਕੀਤਾ ਗਿਆ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਉਨ੍ਹਾਂ ਮਾਪਿਆਂ ਦੇ ਧੰਨਵਾਦੀ ਹਨ, ਜਿਨ੍ਹਾਂ ਨੇ ਆਪਣੇ ਬੱਚੇ ਪ੍ਰਾਈਵੇਟ ਸਕੂਲਾਂ ਤੋਂ ਹਟਾ ਕੇ ਇਨ੍ਹਾਂ ਸਕੂਲਾਂ ਵਿੱਚ ਦਾਖਲ ਕਰਵਾਏ ਹਨ। ਉਨ੍ਹਾਂ ਕਿਹਾ ਕਿ ਉਹ ਸੂਬੇ ਅਤੇ ਲੋਕਾਂ ਦੀ ਸੇਵਾ ਕਰਨ ਲਈ ਵੰਡ ਪਾਊ ਰਾਜਨੀਤੀ ਦੀ ਥਾਂ ‘ਕੰਮ ਦੀ ਸਿਆਸਤ’ ਦੇ ਸਿਧਾਂਤ ‘ਤੇ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਵਿਦਿਆਰਥੀਆਂ ਨੂੰ ਜੀਵਨ ਵਿੱਚ ਸਫ਼ਲ ਹੋਣ ਲਈ ਨੀਟ ਅਤੇ ਜੇ.ਈ.ਈ. ਦੀ ਸਿਖਲਾਈ ਦਿੱਤੀ ਜਾ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਕੱਲ੍ਹ ਸੂਬੇ ਵਿੱਚ 165 ਨਵੇਂ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਸਨ ਅਤੇ ਅੱਜ ਇਹ ਸਕੂਲ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਸਮੇਂ ਲੋਕਾਂ ਦੇ ਲੁੱਟੇ ਗਏ ਪੈਸੇ ਦੀ ਭਰਪਾਈ ਕੀਤੀ ਜਾ ਰਹੀ ਹੈ ਅਤੇ ਆਮ ਲੋਕਾਂ ਦੀ ਭਲਾਈ ਲਈ ਇਸ ਦੀ ਸੁਚੱਜੀ ਵਰਤੋਂ ਕੀਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੀਆਂ ਲੋਕ ਪੱਖੀ ਅਤੇ ਵਿਕਾਸ ਪੱਖੀ ਨੀਤੀਆਂ ਨੂੰ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰੱਖਿਆ ਜਾਵੇਗਾ ਅਤੇ ਉਦਯੋਗਿਕ ਸ਼ਹਿਰ ਵਜੋਂ ਲੁਧਿਆਣਾ ਦੀ ਪੁਰਾਣੀ ਸ਼ਾਨ ਬਹਾਲ ਕੀਤੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਆਮ ਲੋਕਾਂ ਨੂੰ ਭਾਰਤੀ ਸਿਆਸਤ ਦੇ ਕੇਂਦਰ ਵਿੱਚ ਲਿਆਉਣ ਦਾ ਸਿਹਰਾ ਅਰਵਿੰਦ ਕੇਜਰੀਵਾਲ ਨੂੰ ਜਾਂਦਾ ਹੈ, ਜਿਨ੍ਹਾਂ ਨੇ ਪਾਰਟੀਆਂ ਨੂੰ ਲੋਕਾਂ ਦੀ ਲੋੜ ਅਨੁਸਾਰ ਆਪਣੇ ਏਜੰਡੇ ਬਦਲਣ ਲਈ ਮਜਬੂਰ ਕੀਤਾ ਹੈ। ਉਨ੍ਹਾਂ ਕਿਹਾ ਕਿ ਸੰਕਲਪ ਪੱਤਰਾਂ ਜਾਂ ਚੋਣ ਮਨੋਰਥ ਪੱਤਰਾਂ ਦੀ ਥਾਂ ਹੁਣ ਸਿਆਸੀ ਪਾਰਟੀਆਂ ਲੋਕਾਂ ਨੂੰ ਭਲਾਈ ਦੀਆਂ ਗਰੰਟੀਆਂ ਦੇ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਨੇ ਫੁੱਟ ਪਾਊ ਰਾਜਨੀਤੀ ਨੂੰ ਨਕਾਰ ਕੇ ਕਦਰਾਂ-ਕੀਮਤਾਂ ‘ਤੇ ਆਧਾਰਤ ਰਾਜਨੀਤੀ ਸ਼ੁਰੂ ਕਰ ਕੇ ਸਿਆਸਤ ‘ਚ ਬਦਲਾਅ ਲਿਆਂਦਾ ਹੈ।
ਦਿੱਲੀ ਦੇ ਮੁੱਖ ਮੰਤਰੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਹ ਸਕੂਲ ਲੋਕਾਂ ਨੂੰ ਸਮਰਪਿਤ ਕਰਨ ਦੇ ਪਵਿੱਤਰ ਮੌਕੇ ‘ਤੇ ਸ਼ਾਮਲ ਹੋਣਾ ਬਹੁਤ ਖ਼ੁਸ਼ੀ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਪਹਿਲੀ ਨਜ਼ਰ ‘ਚ ਕੋਈ ਸੋਚ ਵੀ ਨਹੀਂ ਸਕਦਾ ਕਿ ਇਹ ਕੋਈ ਸਰਕਾਰੀ ਸਕੂਲ ਹੈ, ਜੇ ਪ੍ਰਾਈਵੇਟ ਸਕੂਲ ਇਸ ਪੱਧਰ ‘ਤੇ ਆਉਂਦੇ ਤਾਂ ਭਾਰੀ ਫੀਸਾਂ ਵਸੂਲਦੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਸਕੂਲ ਇਹ ਯਕੀਨੀ ਬਣਾਏਗਾ ਕਿ ਕਮਜ਼ੋਰ ਅਤੇ ਪਛੜੇ ਵਰਗ ਦੇ ਵਿਦਿਆਰਥੀ ਜੀਵਨ ਵਿੱਚ ਉੱਚ ਮੁਕਾਮ ਹਾਸਲ ਕਰਨ ਅਤੇ ਆਪਣੀ ਕਿਸਮਤ ਆਪ ਲਿਖਣ।
ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੂਲ ਵਿਦਿਆਰਥੀਆਂ ਵਿੱਚ ਜ਼ਿੰਦਗੀ ਵਿੱਚ ਅੱਗੇ ਵਧਣ ਲਈ ਆਤਮ ਵਿਸ਼ਵਾਸ ਪੈਦਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਨੂੰ ਹੁਣ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹੇ-ਲਿਖੇ ਸਾਥੀਆਂ ਨਾਲ ਮੁਕਾਬਲਾ ਕਰਨ ਦਾ ਮੌਕਾ ਮਿਲ ਰਿਹਾ ਹੈ ਕਿਉਂਕਿ ਇਨ੍ਹਾਂ ਸਕੂਲਾਂ ਵਿੱਚ ਵਧੀਆ ਸਿੱਖਿਆ ਉਪਲਬਧ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਿਛਲੇ ਸਾਲ ਇਕ ਲੱਖ ਵਿਦਿਆਰਥੀਆਂ ਨੇ ਸਕੂਲ ਆਫ ਐਮੀਨੈਂਸ ਵਿਚ ਦਾਖ਼ਲੇ ਲਈ ਅਪਲਾਈ ਕੀਤਾ ਸੀ, ਜਿਸ ਵਿਚੋਂ 8200 ਵਿਦਿਆਰਥੀ ਦਾਖ਼ਲ ਹੋਏ ਸਨ।
ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਤੋਂ ਪਹਿਲਾਂ ਕਿਸੇ ਵੀ ਮੁੱਖ ਮੰਤਰੀ ਨੇ ਕਦੇ ਵੀ ਸਿੱਖਿਆ ਅਤੇ ਸਿਹਤ ਸੰਸਥਾਵਾਂ ਦਾ ਗੇੜਾ ਨਹੀਂ ਮਾਰਿਆ। ਉਨ੍ਹਾਂ ਸਿੱਖਿਆ ਨੂੰ ਸਫ਼ਲਤਾ ਅਤੇ ਖ਼ੁਸ਼ਹਾਲੀ ਦੀ ਕੁੰਜੀ ਦੱਸਦਿਆਂ ਕਿਹਾ ਕਿ ਇਹ ਸਕੂਲ ਗਰੀਬ ਲੋਕਾਂ ਦੀ ਤਰੱਕੀ ਅਤੇ ਵਿਕਾਸ ਦੇ ਮੋਹਰੀ ਸਾਬਤ ਹੋਣਗੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸੂਬੇ ਦੇ ਲੋਕਾਂ ਦੇ ਹਿੱਤਾਂ ਦੇ ਰਾਖੇ ਹਨ ਅਤੇ ਸਮੇਂ ਦੀ ਲੋੜ ਹੈ ਕਿ ਉਨ੍ਹਾਂ ਦੇ ਹੱਥ ਮਜ਼ਬੂਤ ਕੀਤੇ ਜਾਣ ਤਾਂ ਜੋ ਉਹ ਕੇਂਦਰ ਦੇ ਦਮਨਕਾਰੀ ਅਤੇ ਪੰਜਾਬ ਵਿਰੋਧੀ ਪੈਂਤੜੇ ਦਾ ਡਟ ਕੇ ਮੁਕਾਬਲਾ ਕਰ ਸਕਣ।
ਦਿੱਲੀ ਦੇ ਮੁੱਖ ਮੰਤਰੀ ਨੇ ਸੂਬੇ ਦੇ ਕਰੀਬ ਅੱਠ ਹਜ਼ਾਰ ਕਰੋੜ ਰੁਪਏ ਦੇ ਫੰਡਾਂ ਨੂੰ ਰੋਕਣ ਲਈ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਇਨ੍ਹਾਂ ਫੰਡਾਂ ਦੀ ਵਰਤੋਂ ਸੂਬੇ ਦੇ ਵਿਕਾਸ ਲਈ ਕੀਤੀ ਜਾ ਸਕਦੀ ਸੀ। ਉਨ੍ਹਾਂ ਕਿਹਾ ਕਿ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਪਿਛਲੇ ਦੋ ਸਾਲਾਂ ਵਿੱਚ ਸੂਬੇ ਵਿੱਚ ਬੇਮਿਸਾਲ ਕੰਮ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਲੋਕ ਸਭਾ ਦੀਆਂ ਸਾਰੀਆਂ 13 ਸੀਟਾਂ ਆਮ ਆਦਮੀ ਪਾਰਟੀ ਨੂੰ ਜਿਤਾ ਕੇ ਭਗਵੰਤ ਸਿੰਘ ਮਾਨ ਦੇ ਹੱਥ ਮਜ਼ਬੂਤ ਕੀਤੇ ਜਾਣੇ ਚਾਹੀਦੇ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਸ ਨਾਲ ਪੰਜਾਬ ਦੇ ਮੁੱਖ ਮੰਤਰੀ ਨੂੰ ਕੇਂਦਰ ਸਰਕਾਰ ਦੀਆਂ ਪੱਖਪਾਤੀ ਨੀਤੀਆਂ ਵਿਰੁੱਧ ਲੜਨ ਲਈ ਨਵਾਂ ਜੋਸ਼ ਮਿਲੇਗਾ।
ਜ਼ਿਕਰਯੋਗ ਹੈ ਕਿ ਦੋਵਾਂ ਮੁੱਖ ਮੰਤਰੀਆਂ ਨੇ ਲੁਧਿਆਣਾ, ਆਦਮਪੁਰ (ਜਲੰਧਰ), ਮਾਲ ਮੰਡੀ, ਮਾਲ ਰੋਡ ਅਤੇ ਜੰਡਿਆਲਾ ਗੁਰੂ ਅੰਮ੍ਰਿਤਸਰ, ਪਰਸਰਾਮ ਨਗਰ ਅਤੇ ਰਾਮ ਨਗਰ ਬਠਿੰਡਾ, ਅਮਲੋਹ ਫਤਹਿਗੜ੍ਹ ਸਾਹਿਬ, ਜਲਾਲਾਬਾਦ ਪੱਛਮੀ ਅਤੇ ਅਰਨੀਵਾਲਾ, ਫਾਜ਼ਿਲਕਾ ਵਿਖੇ ਸ਼ੇਖ ਸੁਭਾਨ, ਫਗਵਾੜਾ (ਕਪੂਰਥਲਾ), ਫੇਜ਼ 11 ਐਸ.ਏ.ਐਸ ਨਗਰ (ਮੁਹਾਲੀ) ਅਤੇ ਤਰਨ ਤਾਰਨ ਦੇ ਖਡੂਰ ਸਾਹਿਬ ਵਿਖੇ ਬਣੇ 13 ਸਕੂਲ ਲੋਕਾਂ ਨੂੰ ਸਮਰਪਿਤ ਕੀਤੇ। ਉਨ੍ਹਾਂ ਇੰਦਰਾਪੁਰੀ ਵਿਖੇ ਸਕੂਲ ਦੀ ਨਵੀਂ ਬਣੀ ਇਮਾਰਤ ਦਾ ਵੀ ਦੌਰਾ ਕੀਤਾ ਅਤੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨਾਲ ਵਿਸਥਾਰ ਪੂਰਵਕ ਵਿਚਾਰ-ਵਟਾਂਦਰਾ ਕੀਤਾ।