ਦੇਸ਼ ਨੂੰ ਬਚਾਉਣ ਲਈ ਕਾਂਗਰਸ ਨੂੰ ਸੱਤਾ ਵਿਚ ਲਿਆਉਣਾ ਜ਼ਰੂਰੀ; ਜਨ ਸੰਪਰਕ ਮੁਹਿੰਮ ਤਹਿਤ ਪਿੰਡ ਭਵਾਨੀਪੁਰ ਵਿੱਚ ਪਬਲਿਕ ਮੀਟਿੰਗ ਨੂੰ ਸੰਬੋਧਨ ਕੀਤਾ
ਗੜ੍ਹਸ਼ੰਕਰ, 3 ਮਾਰਚ,ਬੋਲੇ ਪੰਜਾਬ ਬਿਓਰੋ : ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਜਨ ਸੰਪਰਕ ਮੁਹਿੰਮ ਨੂੰ ਅੱਗੇ ਤੋਰਦਿਆਂ ਅੱਜ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਦੇ ਪਿੰਡ ਭਵਾਨੀਪੁਰ ਵਿਖੇ ਪਬਲਿਕ ਮੀਟਿੰਗ ਨੂੰ ਸੰਬੋਧਨ ਕੀਤਾ। ਜਿੱਥੇ ਸੰਸਦ ਮੈਂਬਰ ਨੇ ਦੇਸ਼ ਦੇ ਵਿਕਾਸ ਲਈ ਕਾਂਗਰਸ ਵੱਲੋਂ ਪਾਏ ਯੋਗਦਾਨ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਵਿਕਾਸ ਦੀ ਰਾਜਨੀਤੀ ਵਿੱਚ ਵਿਸ਼ਵਾਸ ਰੱਖਦੀ ਹੈ। ਜਦਕਿ ਭਾਜਪਾ ਨੇ ਦੇਸ਼ ਨਾਲ ਸਿ0ਰਫ ਧੋਖਾ ਹੀ ਕੀਤਾ ਹੈ, ਜਿਸਨੇ ਚੋਣਾਂ ਤੋਂ ਬਾਅਦ ਲੋਕਾਂ ਨਾਲ ਕੀਤਾ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ।
ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਪਾਰਟੀ ਨੇ ਹਮੇਸ਼ਾ ਦੇਸ਼ ਦੇ ਵਿਕਾਸ ਨੂੰ ਪਹਿਲ ਦਿੱਤੀ ਹੈ। ਚਾਹੇ ਉਹ ਡਾ. ਮਨਮੋਹਨ ਸਿੰਘ ਦੀ ਅਗਵਾਈ ਵਾਲੀ ਯੂ.ਪੀ.ਏ ਸਰਕਾਰ ਹੋਵੇ ਜਾਂ ਸੂਬੇ ਦੀ ਪਿਛਲੀ ਕਾਂਗਰਸ ਸਰਕਾਰ ਹੋਵੇ। ਖਾਸ ਕਰਕੇ ਸੂਬੇ ਦੀ ਪਿਛਲੀ ਕਾਂਗਰਸ ਸਰਕਾਰ ਦੌਰਾਨ ਲੋਕ ਸਭਾ ਹਲਕੇ ਦਾ ਸਰਬਪੱਖੀ ਵਿਕਾਸ ਹੋਇਆ ਹੈ। ਜਿਸ ਵਿੱਚ ਇਲਾਕੇ ਦੀਆਂ ਨਵੀਆਂ ਸੜਕਾਂ ਦਾ ਨਿਰਮਾਣ, ਪਿੰਡ ਬੱਲੋਵਾਲ ਸੌਂਖੜੀ ਵਿੱਚ ਖੇਤੀਬਾੜੀ ਕਾਲਜ ਖੋਲ੍ਹਣ ਵਰਗੇ ਵਿਕਾਸ ਕਾਰਜ ਸ਼ਾਮਲ ਹਨ। ਇਸ ਤੋਂ ਇਲਾਵਾ, ਵਿਕਾਸ ਕਾਰਜਾਂ ਲਈ ਆਪਣੇ ਪੱਧਰ ’ਤੇ ਸੰਸਦੀ ਕੋਟੇ ਵਿੱਚੋਂ ਕਈ ਗਰਾਂਟਾਂ ਜਾਰੀ ਕੀਤੀਆਂ ਗਈਆਂ ਹਨ।
ਸੰਸਦ ਮੈਂਬਰ ਨੇ ਕੇਂਦਰ ਦੀ ਭਾਜਪਾ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਇਨ੍ਹਾਂ ਲੋਕਾਂ ਨੇ ਦੇਸ਼ ਨੂੰ ਸਿਵਾਏ ਧੋਖੇ ਦੇ ਕੁਝ ਨਹੀਂ ਦਿੱਤਾ। ਚੋਣਾਂ ਦੇ ਸਮੇਂ ਭਾਜਪਾ ਨੇ ਕਿਸਾਨਾਂ ਨੂੰ ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੇਣ, ਹਰ ਸਾਲ ਦੋ ਕਰੋੜ ਨੌਜਵਾਨਾਂ ਨੂੰ ਨੌਕਰੀਆਂ ਦੇਣ ਵਰਗੇ ਕਈ ਵੱਡੇ ਵਾਅਦੇ ਕੀਤੇ ਸਨ। ਪਰ ਉਸਨੇ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ। ਇਸਦੇ ਉਲਟ ਕੇਂਦਰ ਨੇ ਤਿੰਨ ਕਾਲੇ ਖੇਤੀ ਕਾਨੂੰਨ ਲਿਆਂਦੇ। ਇੰਨ੍ਹਾਂ ਕਾਨੂੰਨਾਂ ਨੂੰ ਵਾਪਸ ਕਰਵਾਉਣ ਲਈ ਕਿਸਾਨਾਂ ਨੂੰ ਡੇਢ ਸਾਲ ਤੱਕ ਦਿੱਲੀ ਦੀਆਂ ਸਰਹੱਦਾਂ ‘ਤੇ ਸੰਘਰਸ਼ ਕਰਨਾ ਪਿਆ ਅਤੇ 700 ਦੇ ਕਰੀਬ ਕਿਸਾਨ ਸ਼ਹੀਦ ਹੋਏ। ਇਨ੍ਹਾਂ ਨੇ ਅੰਦੋਲਨ ਦੇ ਖਾਤਮੇ ਵੇਲੇ ਐਮਐਸਪੀ ਲਾਗੂ ਕਰਨ ਦਾ ਵਾਅਦਾ ਕੀਤਾ ਸੀ, ਪਰ ਉਨ੍ਹਾਂ ਦੇ ਧੋਖੇ ਕਾਰਨ ਕਿਸਾਨ ਮੁੜ ਸੰਘਰਸ਼ ਦੇ ਰਾਹ ਪੈ ਗਏ ਹਨ।
ਤਿਵਾੜੀ ਨੇ ਕਿਹਾ ਕਿ ਜੇਕਰ ਕੇਂਦਰ ‘ਚ ਕਾਂਗਰਸ ਸੱਤਾ ‘ਚ ਆਉਂਦੀ ਹੈ, ਤਾਂ ਕਿਸਾਨਾਂ ਨੂੰ ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਦਿੱਤਾ ਜਾਵੇਗਾ। ਮਨਰੇਗਾ ਤਹਿਤ ਰੋਜ਼ਾਨਾ ਦੀ ਦਿਹਾੜੀ ਦਰ ਵਧਾਉਣ ਸਮੇਤ ਸਾਲ ਵਿੱਚ 365 ਦਿਨ ਰੁਜ਼ਗਾਰ ਦੀ ਗਰੰਟੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਬਚਾਉਣ ਲਈ ਕਾਂਗਰਸ ਨੂੰ ਸੱਤਾ ਵਿੱਚ ਲਿਆਉਣਾ ਜ਼ਰੂਰੀ ਹੈ।
ਜਿੱਥੇ ਹੋਰਨਾਂ ਤੋਂ ਇਲਾਵਾ, ਲਵ ਕੁਮਾਰ ਗੋਲਡੀ ਸਾਬਕਾ ਵਿਧਾਇਕ, ਰਜਿੰਦਰ ਸਿੰਘ, ਜਸਵੀਰ ਰਾਣਾ, ਪ੍ਰੇਮ ਸਿੰਘ ਇੰਸਪੈਕਟਰ, ਮੱਖਣ ਸਿੰਘ ਆਦਿ ਹਾਜ਼ਰ ਸਨ।