ਤਰਨਤਾਰਨ : ਕਰੋੜਾਂ ਰੁਪਏ ਦੀ ਹੈਰੋਇਨ ਸਮੇਤ 3 ਸਮੱਗਲਰ ਗ੍ਰਿਫਤਾਰ

ਚੰਡੀਗੜ੍ਹ ਪੰਜਾਬ


ਤਰਨਤਾਰਨ, 13 ਅਪ੍ਰੈਲ,ਬੋਲੇ ਪੰਜਾਬ ਬਿਓਰੋ:
ਸੀ.ਆਈ.ਏ. ਸਟਾਫ ਤਰਨਤਾਰਨ ਅਤੇ ਥਾਣਾ ਖਾਲੜਾ ਨੇ 700 ਗ੍ਰਾਮ ਹੈਰੋਇਨ ਬਰਾਮਦ ਕਰਕੇ 3 ਸਮੱਗਲਰਾਂ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਮਾਣਯੋਗ ਅਦਾਲਤ ਤੋਂ ਰਿਮਾਂਡ ਹਾਸਲ ਕਰਕੇ ਮੁਲਜ਼ਮਾਂ ਤੋਂ ਹੋਰ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।ਉਨ੍ਹਾਂ ਤੋਂ ਕਈ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ‘ਚ ਕੀਮਤ 3.5 ਕਰੋੜ ਰੁਪਏ ਤੋਂ ਵੱਧ ਦੱਸੀ ਜਾਂਦੀ ਹੈ।
ਜਾਣਕਾਰੀ ਦਿੰਦਿਆਂ ਐੱਸ.ਪੀ. (ਆਈ.) ਅਜੇ ਰਾਜ ਸਿੰਘ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਸਬੰਧੀ ਐਸ.ਐਸ.ਪੀ. ਅਸ਼ਵਨੀ ਕਪੂਰ ਦੇ ਹੁਕਮਾਂ ‘ਤੇ ਜ਼ਿਲ੍ਹੇ ਭਰ ‘ਚ ਗਸ਼ਤ ਅਤੇ ਨਾਕਾਬੰਦੀ ਤੇਜ਼ ਕਰ ਦਿੱਤੀ ਗਈ ਹੈ।ਸੀ.ਆਈ.ਏ. ਸਟਾਫ਼ ਤਰਨਤਾਰਨ ਦੇ ਏ.ਐਸ.ਆਈ ਅਮਰੀਕ ਚੰਦ ਦੀ ਪੁਲਸ ਪਾਰਟੀ ਨੇ ਤਰਨਤਾਰਨ ਤੋਂ ਪਿੰਡ ਚਹਿਲ ਟੀ ਪੁਆਇੰਟ ਕੋਲ ਪਹੁੰਚ ਕੇ ਇਕ ਨੌਜਵਾਨ ਨੂੰ ਗ੍ਰਿਫਤਾਰ ਕਰ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 500 ਗ੍ਰਾਮ ਹੈਰੋਇਨ ਬਰਾਮਦ ਹੋਈ। ਮੁਲਜ਼ਮ ਦੀ ਪਛਾਣ ਬਲਜਿੰਦਰ ਸਿੰਘ ਉਰਫ ਝਿਲਮਿਲ ਪੁੱਤਰ ਗੁਰਮੇਜ ਸਿੰਘ ਵਾਸੀ ਚਹਿਲ ਵਜੋਂ ਹੋਈ ਹੈ। ਇਸ ਸਬੰਧੀ ਥਾਣਾ ਸਰਾਏ ਅਮਾਨਤ ਖਾਂ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ।
ਇਸ ਤੋਂ ਇਲਾਵਾ ਥਾਣਾ ਖਾਲੜਾ ਦੇ ਇੰਚਾਰਜ ਇੰਸਪੈਕਟਰ ਵਿਨੋਦ ਕੁਮਾਰ ਦੀ ਪੁਲਿਸ ਪਾਰਟੀ ਨੇ ਲਵਪ੍ਰੀਤ ਸਿੰਘ ਉਰਫ਼ ਲਾਭਾ ਪੁੱਤਰ ਮੇਜਰ ਸਿੰਘ ਵਾਸੀ ਮਾੜੀਮੇਘਾ ਅਤੇ ਕਰਨਪ੍ਰੀਤ ਸਿੰਘ ਉਰਫ਼ ਕਰਨ ਪੁੱਤਰ ਹਰਦੇਵ ਸਿੰਘ ਵਾਸੀ ਮਾੜੀਮੇਘਾ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਕੋਲੋਂ 200 ਗ੍ਰਾਮ ਹੈਰੋਇਨ ਬਰਾਮਦ ਕੀਤੀ। ਪੁਲੀਸ ਨੇ ਕੁੱਲ 700 ਗ੍ਰਾਮ ਹੈਰੋਇਨ ਬਰਾਮਦ ਕਰਕੇ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

Leave a Reply

Your email address will not be published. Required fields are marked *