ਦਿੱਲੀ ਗੁਰਦੁਆਰਾ ਕਮੇਟੀ ਦੇ ਧਰਮ ਪ੍ਰਚਾਰ ਵਿਭਾਗ ਦੀ ਪ੍ਰੇਰਨਾ ਸਦਕਾ ਸੈਂਕੜੇ ਪ੍ਰਾਣੀਆਂ ਨੇ ਅੰਮ੍ਰਿਤ ਛਕਿਆ

ਚੰਡੀਗੜ੍ਹ ਨੈਸ਼ਨਲ ਪੰਜਾਬ

ਨਵੀਂ ਦਿੱਲੀ, 14 ਅਪ੍ਰੈਲ ,ਬੋਲੇ ਪੰਜਾਬ ਬਿਓਰੋ (ਮਨਪ੍ਰੀਤ ਸਿੰਘ ਖਾਲਸਾ): ਖ਼ਾਲਸਾ ਸਾਜਨਾ ਦਿਵਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਵਿਭਾਗ ਵੱਲੋਂ ਗੁਰਦੁਆਰਾ ਮਜਨੂੰ ਕਾ ਟਿੱਲਾ ਵਿਖੇ ਅੰਮ੍ਰਿਤ ਸੰਚਾਰ ਦਾ ਵਿਸ਼ਾਲ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਸੈਂਕੜੇ ਲੋਕਾਂ ਨੇ ਅੰਮ੍ਰਿਤਪਾਨ ਕੀਤਾ। ਦਿੱਲੀ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋ ਅਤੇ ਧਰਮ ਪ੍ਰਚਾਰ ਮੁਖੀ ਜਸਪ੍ਰੀਤ ਸਿੰਘ ਕਰਮਸਰ ਨੇ ਅੰਮ੍ਰਿਤਪਾਨ ਕਰਨ ਵਾਲਿਆਂ ਨੂੰ ਵਧਾਈ ਦਿੱਤੀ।
ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜਸਪ੍ਰੀਤ ਸਿੰਘ ਕਰਮਸਰ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਦਿੱਲੀ ਦੇ ਵੱਖ-ਵੱਖ ਹਲਕਿਆਂ ’ਚ ਪ੍ਰਚਾਰਕ ਭੇਜ ਕੇ ਲੋਕਾਂ ਨੂੰ ਅੰਮ੍ਰਿਤ ਛਕਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਸੀ, ਇਸ ਪ੍ਰਚਾਰ ਮੁਹਿੰਮ ਸਦਕਾ ਸੈਂਕੜੇ ਲੋਕਾਂ ਨੇ ਅੱਗੇ ਆ ਕੇ ਅੰਮ੍ਰਿਤ ਛਕਿਆ, ਜੋ ਕਿ ਕਮੇਟੀ ਦੀ ਇੱਕ ਵੱਡੀ ਪ੍ਰਾਪਤੀ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਕਮੇਟੀਆਂ ਦਾ ਮੁੱਖ ਕੰਮ ਲੋਕਾਂ ਨੂੰ ਧਰਮ ਨਾਲ ਜੋੜਨਾ ਹੈ ਅਤੇ ਸਾਨੂੰ ਖੁਸ਼ੀ ਹੈ ਕਿ ਸਾਡੀ ਟੀਮ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ ਸਫ਼ਲ ਹੁੰਦੀ ਨਜ਼ਰ ਆ ਰਹੀ ਹੈ। ਆਉਣ ਵਾਲੇ ਦਿਨਾਂ ਵਿੱਚ ਦਿੱਲੀ ਵਿੱਚ ਹੀ ਨਹੀਂ ਸਗੋਂ ਹੋਰ ਰਾਜਾਂ ਵਿੱਚ ਵੀ ਅਜਿਹੇ ਸਮਾਗਮ ਕਰਵਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ ਅਤੇ ਅਗਲੇ ਖਾਲਸਾ ਸਾਜਨਾ ਦਿਵਸ ਤੋਂ ਪਹਿਲਾਂ ਹਜ਼ਾਰਾਂ ਦੀ ਗਿਣਤੀ ਵਿੱਚ ਲੋਕਾਂ ਨੂੰ ਅੰਮ੍ਰਿਤਧਾਰੀ ਬਣਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ਹਰ ਗੁਰਸਿੱਖ ਨੂੰ ਅੰਮ੍ਰਿਤ ਛਕ ਕੇ ਗੁਰੂ ਵਾਲਾ ਬਣਨਾ ਚਾਹੀਦਾ ਹੈ ਅਤੇ ਅਸੀਂ ਕਿਸੇ ਵੀ ਤਰ੍ਹਾਂ ਦੇ ਲਾਲਚ ਜਾਂ ਜਬਰੀ ਅੰਮ੍ਰਿਤ ਛਕਣ ਦੇ ਸਖ਼ਤ ਖਿਲਾਫ ਹਾਂ, ਹਰ ਸਿੱਖ ਨੂੰ ਅੰਮ੍ਰਿਤ ਦੀ ਮਹੱਤਤਾ ਸਮਝਦੇ ਹੋਏ ਸਵੈਇੱਛਾ ਨਾਲ ਅੰਮ੍ਰਿਤ ਛਕਣ ਲਈ ਅੱਗੇ ਆਉਣਾ ਚਾਹੀਦਾ ਹੈ।
ਧਰਮ ਪ੍ਰਚਾਰ ਮੁਖੀ ਸਰਦਾਰ ਜਸਪ੍ਰੀਤ ਸਿੰਘ ਕਰਮਸਰ ਨੇ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਨੇ ਸਿੱਖਾਂ ਲਈ ਰਹਿਤ ਮਰਯਾਦਾ ਦਾ ਉਪਦੇਸ਼ ਦਿੱਤਾ ਸੀ, ਜਿਸ ਬਾਰੇ ਅੱਜ ਬਹੁਤੇ ਸਿੱਖਾਂ ਨੂੰ ਜਾਣਕਾਰੀ ਨਹੀਂ ਹੈ, ਇਸ ਲਈ ਰਹਿਤ ਮਰਯਾਦਾ ਬਾਰੇ ਜਾਣਕਾਰੀ ਦੇਣ ਵਾਲੀ ਪੁਸਤਕ ਵੀ ਦਿੱਲੀ ਗੁਰਦੁਆਰਾ ਕਮੇਟੀ ਦੇ ਧਰਮ ਪ੍ਰਚਾਰ ਵਿਭਾਗ ਵੱਲੋਂ ਸਮੇਂ-ਸਮੇਂ ’ਤੇ ਵੰਡੀ ਜਾਂਦੀ ਹੈ।

Leave a Reply

Your email address will not be published. Required fields are marked *