ਅੰਮ੍ਰਿਤਸਰ, 6 ਜੂਨ, ਬੋਲੇ ਪੰਜਾਬ ਬਿਓਰੋ:
ਅੱਜ ਆਪਰੇਸ਼ਨ ਬਲਿਊ ਸਟਾਰ ਦੀ 40ਵੀਂ ਵਰ੍ਹੇਗੰਢ ਹੈ। ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਵੇਰ ਤੋਂ ਹੀ ਸੰਗਤਾਂ ਦਾ ਭਾਰੀ ਇਕੱਠ ਦੇਖਣ ਨੂੰ ਮਿਲਿਆ।ਜਥੇਬੰਦੀ ਦਲ ਖਾਲਸਾ ਨੇ ਵੀ ਇਸ ਦਿਨ ਅੰਮ੍ਰਿਤਸਰ ਬੰਦ ਰੱਖਣ ਦਾ ਸੱਦਾ ਦਿੱਤਾ ਹੋਇਆ ਹੈ। ਦਲ ਖਾਲਸਾ ਦੇ ਬੁਲਾਰੇ ਪਰਮਜੀਤ ਸਿੰਘ ਦੀ ਵਲੋਂ ਵੀ ਬੰਦ ਨੂੰ ਲੈ ਕੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ‘ਤੇ ਹੋਰਡਿੰਗ ਅਤੇ ਬੈਨਰ ਲਗਾਏ ਗਏ ਹਨ।
ਨੌਜਵਾਨਾਂ ਵੱਲੋਂ ਖਾਲਿਸਤਾਨ ਦੇ ਹੱਕ ਵਿੱਚ ਨਾਅਰੇਬਾਜ਼ੀ ਕਰਨ ਅਤੇ ਤਲਵਾਰਾਂ ਲਹਿਰਾ ਕੇ ਹੰਗਾਮਾ ਕਰਨ ਦੀ ਸੰਭਾਵਨਾ ਨੂੰ ਦੇਖਦੇ ਹੋਏ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਸ਼੍ਰੋਮਣੀ ਕਮੇਟੀ ਨੇ ਅੰਦਰੂਨੀ ਸੁਰੱਖਿਆ ਸਖ਼ਤ ਕਰ ਦਿੱਤੀ ਹੈ ਅਤੇ ਇੱਕ ਹਜ਼ਾਰ ਤੋਂ ਵੱਧ ਟਾਸਕ ਫੋਰਸ ਦੇ ਮੈਂਬਰ ਤੇ ਸੇਵਾਦਾਰ ਤਾਇਨਾਤ ਕੀਤੇ ਹਨ। ਪੰਜਾਬ ਪੁਲਿਸ ਨੇ ਵੀ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਹਨ, ਸਾਦੇ ਕੱਪੜਿਆਂ ਵਿੱਚ ਸੈਂਕੜੇ ਪੁਲਿਸ ਮੁਲਾਜ਼ਮ ਕੈਂਪਸ ਅੰਦਰ ਤਾਇਨਾਤ ਕੀਤੇ ਗਏ ਹਨ।
ਘੰਟਾਘਰ ਚੌਕ ਸਥਿਤ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਦੁਆਰ ਦੇ ਬਾਹਰ ਵੀ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ। ਸੀਨੀਅਰ ਪੁਲੀਸ ਅਧਿਕਾਰੀਆਂ ਦੀ ਅਗਵਾਈ ਹੇਠ ਸ੍ਰੀ ਹਰਿਮੰਦਰ ਸਾਹਿਬ ਲਾਂਘੇ ਦੇ ਹਰ ਨੁੱਕਰ ’ਤੇ ਨਜ਼ਰ ਰੱਖੀ ਜਾ ਰਹੀ ਹੈ। ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਸਾਰੇ ਰਸਤਿਆਂ ’ਤੇ ਪੁਲੀਸ ਨਾਕੇ ਲਗਾ ਕੇ ਸੁਰੱਖਿਆ ਵਧਾ ਦਿੱਤੀ ਗਈ ਹੈ। ਇਸ ਕਾਰਨ ਡੀਐਸਪੀ ਤੋਂ ਲੈ ਕੇ ਐਸਐਸਪੀ ਤੱਕ ਦੇ 24 ਤੋਂ ਵੱਧ ਅਧਿਕਾਰੀ ਤਾਇਨਾਤ ਕੀਤੇ ਗਏ ਹਨ। ਜਦਕਿ ਦੋ ਹਜ਼ਾਰ ਦੇ ਕਰੀਬ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।












