ਚੰਡੀਗੜ੍ਹ, 6 ਜੂਨ, ਬੋਲੇ ਪੰਜਾਬ ਬਿਓਰੋ:
ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕ ਸਭਾ ਚੋਣਾਂ ਦੇ ਨਤੀਜੇ ਆਉਣ ਤੋਂ ਬਾਅਦ ਅਗਲੇ ਕੁਝ ਦਿਨਾਂ ਵਿੱਚ ਫੇਰਬਦਲ ਸ਼ੁਰੂ ਕਰਨਾ ਹੈ। ਮੁੱਖ ਮੰਤਰੀ ਨੇ ਹੁਣ ਸਰਕਾਰ ਦਾ ਏਜੰਡਾ ਨਵੇਂ ਸਿਰੇ ਤੋਂ ਤਿਆਰ ਕਰਨਾ ਹੈ ਅਤੇ ਇਸ ਲਈ ਉਹ ਵਿਆਪਕ ਯੋਜਨਾ ਤਿਆਰ ਕਰਨਗੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਦੇ ਫਤਵੇ ਨੂੰ ਪ੍ਰਵਾਨ ਕਰਦਿਆਂ ਕਿਹਾ ਹੈ ਕਿ ਉਹ ਇਸ ਨੂੰ ਪ੍ਰਵਾਨ ਕਰਦੇ ਹਨ। ਮੁੱਖ ਮੰਤਰੀ ਮਾਨ ਨੇ ਟਵੀਟ ਵਿੱਚ ਕਿਹਾ ਹੈ ਕਿ ਉਹ ਲੋਕ ਸਭਾ ਲਈ ਪੰਜਾਬੀਆਂ ਦੇ ਜਨਤਕ ਫਤਵੇ ਨੂੰ ਆਪਣੇ ਸਿਰ ਮੱਥੇ ’ਤੇ ਰੱਖਦੇ ਹਨ। ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣਾਂ ‘ਚ ਆਮ ਆਦਮੀ ਪਾਰਟੀ ਨੇ ਪੰਜਾਬ ‘ਚ 13 ‘ਚੋਂ 3 ਸੀਟਾਂ ‘ਤੇ ਜਿੱਤ ਹਾਸਲ ਕੀਤੀ ਸੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਟਵੀਟ ਵਿੱਚ ਕਿਹਾ ਕਿ ਲੋਕ ਸੇਵਾ ਅਤੇ ਵਿਕਾਸ ਕਾਰਜ ਜਾਰੀ ਰਹਿਣਗੇ। ਟਵੀਟ ਦੇ ਅੰਤ ‘ਚ ਉਨ੍ਹਾਂ ਨੇ ਲੋਕਾਂ ਵੱਲ ਇਸ਼ਾਰਾ ਕਰਦੇ ਹੋਏ ਕਿਹਾ, ‘ਆਬਾਦ ਰਹੋ ਜ਼ਿੰਦਾਬਾਦ ਰਹੋ’।ਮੁੱਖ ਮੰਤਰੀ ਦੇ ਕਰੀਬੀ ਆਗੂਆਂ ਦਾ ਮੰਨਣਾ ਹੈ ਕਿ ਲੋਕਾਂ ਦੇ ਫ਼ਤਵੇ ਦੇ ਮੱਦੇਨਜ਼ਰ ਭਗਵੰਤ ਮਾਨ ਆਉਣ ਵਾਲੇ ਦਿਨਾਂ ਵਿੱਚ ਪ੍ਰਸ਼ਾਸਨਿਕ ਅਤੇ ਪੁਲਿਸ ਵਿੱਚ ਵੀ ਵੱਡੇ ਫੇਰਬਦਲ ਕਰਨਗੇ ਕਿਉਂਕਿ ਉਨ੍ਹਾਂ ਨੂੰ ਕਈ ਜ਼ਿਲ੍ਹਿਆਂ ਤੋਂ ਸ਼ਿਕਾਇਤਾਂ ਮਿਲੀਆਂ ਹਨ ਕਿ ਅਧਿਕਾਰੀ ਜਨਤਕ ਕੰਮਾਂ ਨੂੰ ਸਹੀ ਢੰਗ ਨਾਲ ਪੂਰਾ ਨਹੀਂ ਕਰ ਰਹੇ ਹਨ ਤੇ ਲੋਕਾਂ ਵਿੱਚ ਸਰਕਾਰ ਪ੍ਰਤੀ ਰੋਸ ਹੈ।












