15,000 ਰੁਪਏ ਦੀ ਰਿਸ਼ਵਤ ਲੈਣ ਵਾਲੇ ਇੰਸਪੈਕਟਰ ਸਹਿਕਾਰੀ ਸਭਾਵਾਂ ਤੋਂ ਵਿਜੀਲੈਂਸ ਬਿਊਰੋ ਨੇ 1,90,000 ਰੁਪਏ ਦੀ ਬੇਹਿਸਾਬੀ ਰਕਮ ਬਰਾਮਦ ਕੀਤੀ
ਚੰਡੀਗੜ੍ਹ, 8 ਅਗਸਤ, ਬੋਲੇ ਪੰਜਾਬ ਬਿਊਰੋ :
ਪੰਜਾਬ ਵਿਜੀਲੈਂਸ ਬਿਊਰੋ ਨੇ ਭੂਰਾ ਕੋਹਨਾ ਬਹੁਮੰਤਵੀ ਸਹਿਕਾਰੀ ਸਭਾ ਵਿਖੇ ਤਾਇਨਾਤ ਸਹਿਕਾਰਤਾ ਇੰਸਪੈਕਟਰ ਗੁਰਿੰਦਰ ਸਿੰਘ ਕੋਲੋਂ 1,90,000 ਰੁਪਏ ਦੀ ਬੇਹਿਸਾਬੀ ਰਕਮ ਬਰਾਮਦ ਕੀਤੀ ਹੈ। ਇਸ ਕਰਮਚਾਰੀ ਨੂੰ ਬੀਤੇ ਦਿਨ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਗਿਆ ਸੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਅਦਾਲਤ ਨੇ ਅਗਲੇਰੀ ਪੁੱਛਗਿੱਛ ਲਈ ਦੋ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ। ਉਨਾਂ ਅੱਗੇ ਕਿਹਾ ਕਿ ਉਕਤ ਮੁਲਜ਼ਮ ਦੀ ਜਾਮਾ ਤਲਾਸ਼ੀ ਦੌਰਾਨ ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ 1,90,000 ਰੁਪਏ ਬਰਾਮਦ ਕੀਤੇ ਗਏ ਸਨ ਪਰ ਉਹ ਉਕਤ ਰਕਮ ਦੇ ਸਰੋਤ ਨੂੰ ਜਾਇਜ਼ ਨਹੀਂ ਠਹਿਰਾ ਸਕਿਆ।
ਜ਼ਿਕਰਯੋਗ ਹੈ ਕਿ ਉਕਤ ਇੰਸਪੈਕਟਰ ਨੇ ਸ਼ਿਕਾਇਤਕਰਤਾ ਵਰਿੰਦਰ ਸਿੰਘ ਵਾਸੀ ਤਰਨਤਾਰਨ ਤੋਂ ਉਕਤ ਸਹਿਕਾਰੀ ਸਭਾ ਨੂੰ ਬਹਾਲ ਕਰਨ ਲਈ ਡੇਢ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ, ਜਿਸ ਨੂੰ ਸਰਕਾਰੀ ਫੰਡਾਂ ਦੀ ਦੁਰਵਰਤੋਂ ਦੇ ਦੋਸ਼ਾਂ ਕਾਰਨ ਭੰਗ ਕਰ ਦਿੱਤਾ ਗਿਆ ਸੀ। ਇਸ ਤੋਂ ਇਲਾਵਾ ਮੁਲਜ਼ਮ ਨੇ ਇਸ ਸਬੰਧੀ ਜਲੰਧਰ ਵਿਖੇ ਸੰਯੁਕਤ ਰਜਿਸਟਰਾਰ ਸਹਿਕਾਰੀ ਸਭਾਵਾਂ ਨੂੰ ਇਸ ਕੰਮ ਲਈ ਮਿਲਣ ਦੇ ਬਹਾਨੇ 15 ਹਜ਼ਾਰ ਰੁਪਏ ਦੀ ਮੰਗ ਕੀਤੀ ਸੀ। ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਉਸ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ’ਤੇ ਹੀ ਰੰਗੇ ਹੱਥੀਂ ਕਾਬੂ ਕਰ ਲਿਆ ਸੀ।
ਇਸ ਸਬੰਧੀ ਉਸਦੇ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।