ਬਠਿੰਡਾ, 21 ਜਨਵਰੀ,ਬੋਲੇ ਪੰਜਾਬ ਬਿਊਰੋ :
ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਦੇ ਖ਼ਿਲਾਫ ਵੱਡੀ ਕਾਰਵਾਈ ਕਰਦਿਆਂ ਨਗਰ ਨਿਗਮ ਬਠਿੰਡਾ ਦੇ ਬਿਲਡਿੰਗ ਇੰਸਪੈਕਟਰ ਪਲਵਿੰਦਰ ਸਿੰਘ ਅਤੇ ਆਰਕੀਟੈਕਟ ਹਨੀ ਮੁੰਜਾਲ ਨੂੰ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਹੈ। ਦੋਵੇਂ ਮੁਲਜ਼ਮ ਨਵੀਂ ਕਾਲੋਨੀ ਦੇ ਨਕਸ਼ੇ ਪਾਸ ਕਰਨ ਲਈ ਪ੍ਰਤੀ ਫਾਇਲ 30,000 ਰੁਪਏ ਰਿਸ਼ਵਤ ਦੀ ਮੰਗ ਕਰ ਰਹੇ ਸਨ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਮੁਤਾਬਕ, ਪਿੰਡ ਬੁਰਜ ਮਹਿਮਾ ਦੇ ਰਹਿਣ ਵਾਲੇ ਸੰਦੀਪ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਇੰਸਪੈਕਟਰ ਪਲਵਿੰਦਰ ਸਿੰਘ ਨੇ ਤਿੰਨ ਫਾਇਲਾਂ ਨੂੰ ਪਾਸ ਕਰਨ ਲਈ ਕੁੱਲ 80,000 ਰੁਪਏ ਰਿਸ਼ਵਤ ਮੰਗੀ ਸੀ। ਉਨ੍ਹਾਂ ਧਮਕੀ ਦਿੱਤੀ ਸੀ ਕਿ ਜੇਕਰ ਰਿਸ਼ਵਤ ਨਾ ਦਿੱਤੀ ਗਈ ਤਾਂ ਫਾਇਲਾਂ ‘ਤੇ ਇਤਰਾਜ਼ ਲਗਾ ਦਿੱਤਾ ਜਾਵੇਗਾ।
ਸ਼ਿਕਾਇਤ ਤੋਂ ਬਾਅਦ, ਵਿਜੀਲੈਂਸ ਦੀ ਬਠਿੰਡਾ ਯੂਨਿਟ ਨੇ ਜਾਲ ਵਿਛਾਇਆ ਅਤੇ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਆਰਕੀਟੈਕਟ ਨੂੰ 30 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਫੜ ਲਿਆ। ਇਸ ਤੋਂ ਬਾਅਦ ਬਿਲਡਿੰਗ ਇੰਸਪੈਕਟਰ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ। ਵਿਜੀਲੈਂਸ ਬਿਊਰੋ ਥਾਣਾ ਬਠਿੰਡਾ ਰੇਂਜ ਵਿੱਚ ਦੋਵੇਂ ਮੁਲਾਜ਼ਮਾਂ ਦੇ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਅਧਿਨਿਯਮ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਮਾਮਲੇ ਦੀ ਅਗਲੀ ਜਾਂਚ ਜਾਰੀ ਹੈ।












