ਨਵੀਂ ਦਿੱਲੀ, 6 ਫਰਵਰੀ,ਬੋੇਲੇ ਪੰਜਾਬ ਬਿਊਰੋ :
ਅਮਰੀਕਾ ‘ਚ ਗੈਰ-ਕਾਨੂੰਨੀ ਢੰਗ ਨਾਲ ਦਾਖਲ ਹੋਣ ਵਾਲੇ 104 ਭਾਰਤੀ ਬੁੱਧਵਾਰ ਨੂੰ ਭਾਰਤ ਪਰਤ ਆਏ। ਇਹ ਭਾਰਤੀ ਇੱਕ ਅਮਰੀਕੀ ਫੌਜੀ ਜਹਾਜ਼ ਰਾਹੀਂ ਅੰਮ੍ਰਿਤਸਰ ਹਵਾਈ ਅੱਡੇ ’ਤੇ ਪਹੁੰਚੇ। ਵਾਪਸੀ ਦੇ ਦੌਰਾਨ ਉਨ੍ਹਾਂ ਨੂੰ ਹੱਥਕੜੀਆਂ ਪਾਈਆਂ ਗਈਆਂ, ਜਿਸ ਕਾਰਨ ਇਹ ਮਾਮਲਾ ਸਿਆਸੀ ਮੌਰਚੇ ਤੇ ਤਿੱਖਾ ਰੂਪ ਧਾਰ ਚੁੱਕਾ ਹੈ।
ਇਸ ਘਟਨਾ ਨੂੰ ਵਿਰੋਧੀ ਧਿਰ ਨੇ ਲੋਕ ਸਭਾ ਵਿੱਚ ਜ਼ੋਰਦਾਰ ਢੰਗ ਨਾਲ ਉਠਾਇਆ। ਕਾਂਗਰਸ ਨੇ ਇਸ ਕਾਰਵਾਈ ਨੂੰ “ਭਾਰਤੀਆਂ ਦੇ ਸਨਮਾਨ ਦਾ ਅਪਮਾਨ” ਦੱਸਿਆ। ਕਾਂਗਰਸ ਦੇ ਸੀਨੀਅਰ ਆਗੂ ਸ਼ਸ਼ੀ ਥਰੂਰ ਨੇ ਕਿਹਾ, “ਅਮਰੀਕੀ ਹਵਾਈ ਜਹਾਜ਼ ਰਾਹੀਂ ਭਾਰਤੀਆਂ ਨੂੰ ਹੱਥਕੜੀਆਂ ਪਾ ਕੇ ਭੇਜਣਾ ਮਨੁੱਖੀ ਅਧਿਕਾਰਾਂ ਦੀ ਸਾਫ ਉਲੰਘਣਾ ਹੈ। ਇਹ ਮਾਮਲਾ ਗੰਭੀਰ ਹੈ ਅਤੇ ਇਸ ਤੇ ਤੁਰੰਤ ਕਾਰਵਾਈ ਹੋਣੀ ਚਾਹੀਦੀ ਹੈ।”
ਇਸ ਮਾਮਲੇ ਤੇ ਸਮਾਜਵਾਦੀ ਪਾਰਟੀ ਅਤੇ ਕਾਂਗਰਸ ਨੇ ਲੋਕ ਸਭਾ ਦੀ ਕਾਰਵਾਈ ਮੁਲਤਵੀ ਕਰਨ ਦਾ ਪ੍ਰਸਤਾਵ ਪੇਸ਼ ਕੀਤਾ। ਕਾਂਗਰਸ ਸੰਸਦ ਮੈਂਬਰ ਗੋਗੋਈ ਨੇ ਦਾਅਵਾ ਕੀਤਾ ਕਿ ਨਾਗਰਿਕਾਂ ਨਾਲ ਹੋਇਆ ਵਤੀਰਾ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਅਜਿਹੀ ਪ੍ਰਕਿਰਿਆ ’ਤੇ ਦੇਸ਼ ਦੀ ਚੁੱਪੀ ਸਵਾਲ ਖੜ੍ਹੇ ਕਰਦੀ ਹੈ।
ਗੋਗੋਈ ਨੇ ਆਲੋਚਨਾ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਤੇ ਭਾਰਤ ਸਰਕਾਰ ਵੱਲੋਂ ਕੋਈ ਵੀ ਠੋਸ ਜਵਾਬ ਨਾ ਮਿਲਣਾ ਚਿੰਤਾਜਨਕ ਹੈ। ਕਾਂਗਰਸ, ਸੀਪੀਆਈ, ਟੀਐਮਸੀ ਤੇ ਆਪ ਦੇ ਸੰਸਦ ਮੈਂਬਰਾਂ ਨੇ ਰਾਜ ਸਭਾ ਵਿੱਚ ਵੀ ਇਸ ਮੁੱਦੇ ’ਤੇ ਹੰਗਾਮਾ ਕੀਤਾ।
ਸੰਸਦ ਦੀ ਕਾਰਵਾਈ ਮੁਲਤਵੀ ਹੋਣ ਤੋਂ ਬਾਅਦ ਹੁਣ ਸਭ ਦੀਆਂ ਨਜ਼ਰਾਂ ਸਰਕਾਰ ਦੇ ਅਗਲੇ ਬਿਆਨ ਤੇ ਲੱਗੀਆਂ ਹੋਈਆਂ ਹਨ।
