ਲੁਧਿਆਣਾ, 6 ਅਪ੍ਰੈਲ,ਬੋਲੇ ਪੰਜਾਬ ਬਿਊਰੋ :
ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਤੇ ਲੋਕ ਸਭਾ ਹਲਕਾ ਲੁਧਿਆਣਾ ਤੋਂ ਐੱਮਪੀ ਅਮਰਿੰਦਰ ਸਿੰਘ ਰਾਜਾ ਵੜਿੰਗ ਆਪਣੇ ਸਾਥੀਆਂ ਸਮੇਤ ਕੱਲ੍ਹ ਦੇਰ ਸ਼ਾਮ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਦੇ ਘਰ ਮੁਲਾਕਾਤ ਕਰਨ ਲਈ ਪੁੱਜੇ। ਰਾਜਾ ਵੜਿੰਗ ਨੇ ਲੱਗਭਗ 20 ਮਿੰਟ ਆਸ਼ੂ ਦੇ ਘਰ ਉਨਾਂ ਨਾਲ ਮੁਲਾਕਾਤ ਕਰਨ ਲਈ ਇੰਤਜ਼ਾਰ ਕੀਤਾ ਪਰ ਜਦੋਂ ਆਸ਼ੂ ਘਰ ਨਾ ਪੁੱਜੇ ਤਾਂ ਰਾਜਾ ਵੜਿੰਗ ਆਪਣੇ ਸਾਥੀਆਂ ਸਮੇਤ ਉਨ੍ਹਾਂ ਨਾਲ ਮੁਲਾਕਾਤ ਕੀਤੇ ਬਿਨਾਂ ਹੀ ਵਾਪਸ ਪਰਤ ਗਏ।
ਇਸ ਤੋਂ ਬਾਅਦ ਵੜਿੰਗ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਆਸ਼ੂ ਨਾਲ ਮੁਲਾਕਾਤ ਕਰਨ ਤੇ ਉਨ੍ਹਾਂ ਨੂੰ ਟਿਕਟ ਮਿਲਣ ਦੀ ਵਧਾਈ ਦੇਣ ਦੇ ਲਈ ਪੁੱਜੇ ਸਨ। ਉਨ੍ਹਾਂ ਕਿਹਾ ਕਿ ਰੁਝੇਵੇਂ ਜ਼ਿਆਦਾ ਹੋਣ ਕਰ ਕੇ ਉਨ੍ਹਾਂ ਦੀ ਆਸ਼ੂ ਨਾਲ ਮੁਲਾਕਾਤ ਨਹੀਂ ਹੋ ਸਕੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ’ਚ ਸ਼ਾਨਦਾਰ ਤੇ ਵੱਡੇ ਫਰਕ ਨਾਲ ਜਿੱਤ ਪ੍ਰਾਪਤ ਕਰੇਗੀ। ਵੜਿੰਗ ਨੇ ਕਿਹਾ ਕਿ ਕਾਂਗਰਸ ਪਾਰਟੀ ’ਚ ਕੋਈ ਧੜੇਬੰਦੀ ਨਹੀਂ ਹੈ ਤੇ ਸਾਰੀ ਕਾਂਗਰਸ ਪਾਰਟੀ ਇੱਕਜੁੱਟ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਸਾਰੇ ਆਗੂ ਤੇ ਵਰਕਰ ਆਸ਼ੂ ਨੂੰ ਜਿਤਾਉਣ ਲਈ ਦਿਨ ਰਾਤ ਇੱਕ ਕਰਨਗੇ।












