ਕੋਲਕਾਤਾ, 30 ਅਪ੍ਰੈਲ,ਬੋਲੇ ਪੰਜਾਬ ਬਿਊਰੋ ;
ਪੱਛਮੀ ਬੰਗਾਲ ‘ਚ ਕੋਲਕਾਤਾ ਦੇ ਮੇਚੁਪੱਟੀ ਇਲਾਕੇ ‘ਚ ਮੰਗਲਵਾਰ ਰਾਤ ਨੂੰ ਇਕ ਹੋਟਲ ‘ਚ ਅੱਗ ਲੱਗ ਗਈ। ਇਸ ਹਾਦਸੇ ‘ਚ 14 ਲੋਕਾਂ ਦੀ ਮੌਤ ਹੋ ਗਈ। ਜਦਕਿ ਕਈ ਹੋਰ ਜ਼ਖਮੀ ਹੋ ਗਏ। ਸੂਚਨਾ ਮਿਲਣ ‘ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ।
ਕੋਲਕਾਤਾ ਦੇ ਪੁਲਿਸ ਕਮਿਸ਼ਨਰ ਮਨੋਜ ਕੁਮਾਰ ਵਰਮਾ ਨੇ ਦੱਸਿਆ ਕਿ ਰਾਤ ਕਰੀਬ 8:15 ਵਜੇ ਰਿਤੂਰਾਜ ਹੋਟਲ ਦੇ ਅਹਾਤੇ ‘ਚ ਅੱਗ ਲੱਗ ਗਈ, ਜਿਸ ਨਾਲ ਬੁਰਾਬਾਜ਼ਾਰ ਦੇ ਭੀੜ-ਭੜੱਕੇ ਵਾਲੇ ਇਲਾਕੇ ‘ਚ ਦਹਿਸ਼ਤ ਫੈਲ ਗਈ। ਕਈ ਲੋਕਾਂ ਨੂੰ ਇਮਾਰਤ ਦੀਆਂ ਖਿੜਕੀਆਂ ਅਤੇ ਤੰਗ ਕੰਧਾਂ ਰਾਹੀਂ ਭੱਜਣ ਦੀ ਕੋਸ਼ਿਸ਼ ਕਰਦੇ ਦੇਖਿਆ ਗਿਆ।ਇਸ ਦੌਰਾਨ ਚੌਥੀ ਮੰਜ਼ਿਲ ਤੋਂ ਛਾਲ ਮਾਰਨ ਦੀ ਕੋਸ਼ਿਸ਼ ਕਰਦੇ ਹੋਏ ਕਈ ਲੋਕ ਜ਼ਖਮੀ ਹੋ ਗਏ। ਉਨ੍ਹਾਂ ਕਿਹਾ ਕਿ 14 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ ਅਤੇ ਟੀਮਾਂ ਨੇ ਕਈ ਲੋਕਾਂ ਨੂੰ ਬਚਾਇਆ ਹੈ। ਉਨ੍ਹਾਂ ਕਿਹਾ ਕਿ ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ ਅਤੇ ਬਚਾਅ ਕਾਰਜ ਅਜੇ ਵੀ ਜਾਰੀ ਹਨ।
ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਲਈ ਵਿਸ਼ੇਸ਼ ਟੀਮ ਵੀ ਬਣਾਈ ਗਈ ਹੈ। ਉਨ੍ਹਾਂ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਹਾਲਾਂਕਿ ਉਨ੍ਹਾਂ ਨੇ ਸ਼ੱਕ ਜ਼ਾਹਰ ਕੀਤਾ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ।
