ਮੋਹਾਲੀ 1 ਮਈ ,ਬੋਲੇ ਪੰਜਾਬ ਬਿਊਰੋ :
ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਪੰਜਵੇਂ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਦਾ ਆਯੋਜਨ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਕੀਤਾ ਗਿਆ । ਇਸ ਦਿਨ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਇਸ ਉਪਰੰਤ ਸਾਰਾ ਦਿਨ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ । ਇਸ ਗੁਰਮਤਿ ਸਮਾਗਮ ਵਿੱਚ ਭਾਈ ਗੁਰਦੇਵ ਸਿੰਘ ਦੇ ਇੰਟਰਨੈਸ਼ਨਲ ਪੰਥਕ ਢਾਡੀ ਜੱਥੇ ਨੇ ਪੰਜਵੇਂ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਜੀਵਨ ਬ੍ਰਿਤਾਂਤ ਅਤੇ ਸ੍ਰੀ ਹਰਿਮੰਦਰ ਸਾਹਿਬ ਜੀ ਦੀ ਉਸਾਰੀ ਕਰਵਾਉਣ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਦੱਸਿਆ । ਭਾਈ ਸਵਿੰਦਰ ਸਿੰਘ ਦੇ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ । ਸ਼੍ਰੋਮਣੀ ਪ੍ਰਚਾਰਕ ਭਾਈ ਸੰਦੀਪ ਸਿੰਘ ਜੀ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਨੇ ਆਪਣੇ ਪਵਚਨਾ ਰਾਹੀ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੁਆਰਾ ਉਚਾਰਨ ਧੁਰ ਬਾਣੀ ਦੇ 30 ਰਾਗਾਂ ਵਿੱਚ 2218 ਸ਼ਬਦ, ਸ੍ਰੀ ਸੁਖਮਨੀ ਸਾਹਿਬ ਜੀ, ਸ੍ਰੀ ਬਾਰਹ ਮਾਹ ਜੀ, ਸ੍ਰੀ ਸ਼ਬਦ ਹਜ਼ਾਰੇ ਜੀ ਜੋ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਵਿੱਚ ਬਿਰਾਜਮਾਨ ਹਨ ਉਨਾਂ ਬਾਰੇ ਸੰਗਤਾਂ ਵਿਸਥਾਰ ਸਹਿਤ ਜਾਣੂ ਕਰਵਾਇਆ। ਇਸ ਤੋਂ ਇਲਾਵਾ ਭਾਈ ਓਂਕਾਰ ਸਿੰਘ, ਭਾਈ ਬਹਾਦਰ ਸਿੰਘ, ਭਾਈ ਅਮਰਜੀਤ ਸਿੰਘ, ਭਾਈ ਗੁਰਵਿੰਦਰ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਪ੍ਰਿਤਪਾਲ ਸਿੰਘ, ਭਾਈ ਗੁਰਦੀਪ ਸਿੰਘ, ਭਾਈ ਜੁਝਾਰ ਸਿੰਘ , ਭਾਈ ਬਲਜੀਤ ਸਿੰਘ ਦੇ ਜੱਥਿਆਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਨਿਤਿੰਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀੱ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ । ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਗੁਰੂ ਕਾ ਲੰਗਰ ਸੰਗਤਾਂ ਨੂੰ ਅਤੁੱਟ ਵਰਤਾਇਆ ਗਿਆ ।
ਇਸ ਮੌਕੇ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਆਉਣ ਵਾਲੀ ਮਿਤੀ 7 ਮਈ ਨੂੰ ਦਸਵੀਂ ਦਾ ਸ਼ੁਭ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਜਾਵੇਗਾ ਅਤੇ ਉਨ੍ਹਾਂ ਦੱਸਿਆ ਕਿ ਇਸ ਦਿਨ ਸਵੇਰੇ 9:00 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ । ਇਸ ਉਪਰੰਤ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ, ਇੰਟਰਨੈਸ਼ਨਲ ਢਾਡੀ ਜੱਥੇ ਅਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ । ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਜਾਵੇਗਾ ਜੀ ।












