ਸੰਗਰੂਰ, 30 ਮਈ,ਬੋਲੇ ਪੰਜਾਬ ਬਿਊਰੋ;
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਉੱਭਾਵਾਲ, ਸੰਗਰੂਰ ਵਿਖੇ ਦੁਪਹਿਰ 3 ਵਜੇ ਕੀਤਾ ਜਾਵੇਗਾ। ਢੀਂਡਸਾ ਦਾ ਬੁੱਧਵਾਰ ਨੂੰ 89 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਸੀ। ਵੀਰਵਾਰ ਨੂੰ ਉਨ੍ਹਾਂ ਦੀ ਦੇਹ ਚੰਡੀਗੜ੍ਹ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਲਿਆਂਦੀ ਗਈ। ਸ਼ੁੱਕਰਵਾਰ ਨੂੰ ਉਨ੍ਹਾਂ ਦੀ ਦੇਹ ਨੂੰ ਚੰਡੀਗੜ੍ਹ ਤੋਂ ਰਾਜਪੁਰਾ, ਪਟਿਆਲਾ, ਭਵਾਨੀਗੜ੍ਹ ਰਾਹੀਂ ਸੰਗਰੂਰ ਲਿਜਾਇਆ ਜਾਵੇਗਾ ਅਤੇ ਲੋਕ ਉਨ੍ਹਾਂ ਦੀ ਰਿਹਾਇਸ਼ ‘ਤੇ ਅੰਤਿਮ ਦਰਸ਼ਨ ਕਰ ਸਕਣਗੇ। ਵੀਰਵਾਰ ਨੂੰ ਚੰਡੀਗੜ੍ਹ ਵਿੱਚ ਸਾਬਕਾ ਕੈਬਨਿਟ ਮੰਤਰੀ ਮਨਪ੍ਰੀਤ ਬਾਦਲ, ਕੁਲਵੀਰ ਸਿੰਘ ਜ਼ੀਰਾ, ਬੀਬੀ ਜਗੀਰ ਕੌਰ, ਸਾਬਕਾ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ, ਕਾਂਗਰਸੀ ਵਿਧਾਇਕ ਪ੍ਰਗਟ ਸਿੰਘ ਅਤੇ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੰਤਿਮ ਸ਼ਰਧਾਂਜਲੀ ਭੇਟ ਕੀਤੀ ਅਤੇ ਪਰਿਵਾਰ ਨੂੰ ਦਿਲਾਸਾ ਦਿੱਤਾ।












