ਐੱਸ.ਏ.ਐੱਸ ਨਗਰ,31 ਮਈ ,ਬੋਲੇ ਪੰਜਾਬ ਬਿਊਰੋ :
ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ । ਇਸ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ । ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ ।
ਇਸ ਧਾਰਮਿਕ ਸਮਾਗਮ ਵਿੱਚ ਭਾਈ ਕਿਰਪਾਲ ਸਿੰਘ ਜੀ ਲੁਧਿਆਣੇ ਵਾਲਿਆਂ ਦੇ ਇੰਟਰਨੈਸ਼ਨਲ ਢਾਡੀ ਜੱਥੇ ਨੇ ਸ਼ਹੀਦਾਂ ਦੇ ਸਿਰਤਾਜ ਅਤੇ ਸ਼ਾਂਤੀ ਦੇ ਪੁੰਜ, ਧੰਨ ਧੰਨ ਸ੍ਰੀ ਗੁਰੁ ਅਰਜਨ ਦੇਵ ਜੀ ਵੱਲੋ ਜਬਰ ਅਤੇ ਜੁਲਮ ਖਿਲਾਫ ਦਿੱਤੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਬਾਰੇ ਸੰਗਤਾਂ ਨੂੰ ਵਿਸਥਾਰ ਨਾਲ ਸੁਣਾਇਆ। ਭਾਈ ਮਹੀਪਾਲ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਅਕਾਲ ਤਖਤ ਸਾਹਿਬ ਜੀ ਅੰਮ੍ਰਿਤਸਰ ਵਾਲਿਆਂ ਦੇ ਰਾਗੀ ਜੱਥੇ ਨੇ ਆਪਣੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ । ਭਾਈ ਜਤਿੰਦਰ ਸਿੰਘ ਜੀ, ਸ਼੍ਰੋਮਣੀ ਪ੍ਰਚਾਰਕ ਦਮਦਮੀ ਟਕਸਾਲ ਵਾਲਿਆਂ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੁਆਰਾ ਉਚਾਰਣ ਕੀਤੀ ਧੁਰ ਕੀ ਬਾਣੀ ਦੇ ਸ੍ਰੀ ਸੁਖਮਨੀ ਸਾਹਿਬ ਜੀ, ਸ੍ਰੀ ਬਾਰਹ ਮਾਹ ਜੀ, ਸ਼ਬਦ ਹਜ਼ਾਰੇ ਜੀ ਅਤੇ 30 ਰਾਗਾਂ ਵਿੱਚ 2218 ਸ਼ਬਦ ਜੋ ਕਿ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਵਿੱਚ ਸੁਭਾਇਮਾਨ ਹਨ, ਉਨਾਂ ਬਾਰੇ ਵਿਸਥਾਰ ਸਹਿਤ ਜਾਣੂ ਕਰਵਾਇਆ । ਇਸ ਤੋਂ ਇਲਾਵਾ ਬੀਬੀ ਸਿਮਰਨ ਕੌਰ, ਭਾਈ ਹਰਜੀਤ ਸਿੰਘ ਜੀ, ਭਾਈ ਹਰਦੀਪ ਸਿੰਘ, ਭਾਈ ਹਰਮਨਪ੍ਰੀਤ ਸਿੰਘ ਜੀ, ਭਾਈ ਸੁਖਵਿੰਦਰ ਕੌਰ ਜੀ, ਸੁਖਮਨੀ ਸੇਵਾ ਸੋਸਾਇਟੀ ਦੀਆਂ ਬੀਬੀਆਂ, ਭਾਈ ਕੁਲਤਾਰ ਸਿੰਘ ਦੇ ਜੱਥੇ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਹਰਬਖਸ਼ ਸਿੰਘ ਅਤੇ ਭਾਈ ਗੁਰਮੀਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵੀਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ । ਹਜਾਰਾਂ ਸੰਗਤਾਂ ਨੇ ਇਸ ਅਸਥਾਨ ਦੇ ਪਵਿੱਤਰ ਸਰੋਵਰ ਵਿੱਚ ਹਜ਼ਾਰਾਂ ਸੰਗਤਾਂ ਨੇ ਇਸ਼ਨਾਨ ਕੀਤਾ । ਇਸ ਮੌਕੇ ਹਰ ਵਿਭਾਗ ਦੇ ਮਾਹਿਰ ਡਾਕਟਰਾਂ ਨੇ ਮਰੀਜ਼ਾਂ ਦਾ ਮੁਆਇਨਾ ਕੀਤਾ ਅਤੇ ਦਵਾਈ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋੱ ਫਰੀ ਦਿੱਤੀ ਗਈ । ਕੜਾਹਿ, ਛੋਲਿਆਂ ਦਾ ਪ੍ਰਸ਼ਾਦਿ, ਠੰਢੇ ਮਿੱਠੇ ਜਲ ਦੀ ਛਬੀਲ ਅਤੇ ਗੁਰੂ ਕਾ ਲੰਗਰ ਸੰਗਤਾਂ ਨੂੰ ਅਤੁੱਟ ਵਰਤਾਇਆ ਗਿਆ ।












