ਮੰਗਾਂ ਮੰਨਣ ਤੋਂ ਇਨਕਾਰੀ ‘ਪੰਜਾਬ ਸਰਕਾਰ’ ਖਿਲਾਫ਼ ਲੁਧਿਆਣਾ ‘ਚ ਅਧਿਆਪਕਾਂ ਨੇ ਕੀਤਾ ਸੂਬਾ ਪੱਧਰੀ ਪ੍ਰਦਰਸ਼ਨ

ਐਜੂਕੇਸ਼ਨ ਪੰਜਾਬ

ਅਧਿਆਪਕਾਂ ਨੂੰ ਹਾਸ਼ੀਏ ਧੱਕਣ ਵਾਲੀ ਪੰਜਾਬ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਸਭ ਤੋਂ ਵਧੇਰੇ ਖੋਖਲਾ ਅਤੇ ਝੂਠਾ ਨਾਅਰਾ: ਅਧਿਆਪਕ ਆਗੂ


ਲੁਧਿਆਣਾ, 11 ਜੂਨ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ );


ਪੰਜਾਬ ਸਰਕਾਰ ਵੱਲੋਂ ਰਿਕਾਸਟ ਸੂਚੀਆਂ ‘ਚੋਂ ਬਾਹਰ ਕੀਤੇ ਅਧਿਆਪਕਾਂ ਦਾ ਭਵਿੱਖ ਸੁਰੱਖਿਅਤ ਨਾ ਕਰਨ, ਨਵਨਿਯੁਕਤ ਅਤੇ ਪ੍ਰਮੋਟਡ ਅਧਿਆਪਕਾਂ ਨੂੰ ਬਦਲੀ ਪ੍ਰਕਿਰਿਆ ਵਿੱਚ ਮੌਕਾ ਨਾ ਮਿਲਣ, ਮੈਰੀਟੋਰੀਅਸ ਸਕੂਲ ਅਧਿਆਪਕਾਂ ਨੂੰ ਰੈਗੂਲਰ ਨਾ ਕਰਨ, ਪੁਰਾਣੀ ਪੈਨਸ਼ਨ, ਪੰਜਾਬ ਤਨਖਾਹ ਸਕੇਲ ਅਤੇ ਪੇਂਡੂ ਇਲਾਕਾ ਭੱਤਾ ਬਹਾਲ ਨਾ ਹੋਣ, ਤਰੱਕੀਆਂ ਤੇ ਸਿੱਧੀ ਭਰਤੀਆਂ ਮੁਕੰਮਲ ਨਾ ਹੋਣ ਸਮੇਤ ਹੋਰਨਾਂ ਬੇਇਨਸਾਫੀ ਅਤੇ ਪੱਖਪਾਤ ਵਾਲੀਆਂ ਨੀਤੀਆਂ ਦਾ ਸ਼ਿਕਾਰ ਹੋਏ ਸੈਂਕੜੇ ਅਧਿਆਪਕਾਂ ਨੇ ਅੱਜ ਸੂਬੇ ਦੀਆਂ ਪ੍ਰਮੁੱਖ ਸੰਘਰਸ਼ੀ ਅਧਿਆਪਕ ਜੱਥੇਬੰਦੀਆਂ ਡੈਮੋਕ੍ਰੈਟਿਕ ਟੀਚਰਜ਼ ਫਰੰਟ (ਡੀ.ਟੀ.ਐੱਫ.) ਪੰਜਾਬ, 6635 ਈ ਟੀ ਟੀ ਅਧਿਆਪਕ ਯੂਨੀਅਨ, 4161 ਮਾਸਟਰ ਕਾਡਰ ਯੂਨੀਅਨ ਅਤੇ ਹੋਰ ਸੰਘਰਸ਼ੀ ਜਥੇਬੰਦੀਆਂ ਦੇ ਸਾਂਝੇ ਸੱਦੇ ‘ਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਗੇਟ ਨੰ: 1 ਦੇ ਅੱਗੇ ਰੋਹ ਭਰਪੂਰ ਸੂਬਾ ਪੱਧਰੀ ਰੈਲੀ ਕੀਤੀ ਗਈ। ਪੰਜਾਬ ਭਰ ‘ਚੋਂ ਵੱਡੀ ਗਿਣਤੀ ਵਿੱਚ ਪਹੁੰਚੇ ਇਸ ਪ੍ਰਭਾਵਸ਼ਾਲੀ ਰੋਸ ਪ੍ਰਦਰਸ਼ਨ ਦੌਰਾਨ ਅਧਿਆਪਕਾਂ ਨੇ ਆਪਣੀਆਂ ਮੰਗਾਂ ਪੂਰੀ ਤਰ੍ਹਾਂ ਦਰਕਿਨਾਰ ਹੋਣ ਦੇ ਮੱਦੇਨਜ਼ਰ ਪੰਜਾਬ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਦੇ ਨਾਅਰੇ ਨੂੰ ਸਭ ਤੋਂ ਵਧੇਰੇ ਖੋਖਲਾ ਅਤੇ ਝੂਠਾ ਨਾਅਰਾ ਕਰਾਰ ਦਿੱਤਾ ਗਿਆ। ਸੈਂਕੜਿਆਂ ਦੀ ਗਿਣਤੀ ਵਿੱਚ ਅਧਿਆਪਕਾਂ ਵੱਲੋਂ ਰੋਸ ਮਾਰਚ ਸ਼ੁਰੂ ਕਰਨ ਅਤੇ ਪੁਲਿਸ ਨਾਲ ਹਲਕੀ ਧੱਕਾ ਮੁੱਕੀ ਤੋਂ ਬਾਅਦ 18 ਜੂਨ ਨੂੰ ਮੁੱਖ ਮੰਤਰੀ ਨਾਲ ਚੰਡੀਗੜ੍ਹ ਅਤੇ 13 ਜੂਨ ਨੂੰ ਸਿੱਖਿਆ ਸਕੱਤਰ ਨਾਲ ਮੀਟਿੰਗਾਂ ਦੇਣ ਉਪਰੰਤ ਰੈਲੀ ਦੀ ਸਮਾਪਤੀ ਕੀਤੀ ਗਈ।ਡੀ.ਟੀ.ਐੱਫ. ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, 6635 ਈ ਟੀ ਟੀ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ, 4161 ਅਧਿਆਪਕ ਯੂਨੀਅਨ ਦੇ ਸੰਦੀਪ ਗਿੱਲ, 899 ਅੰਗਰੇਜ਼ੀ ਅਧਿਆਪਕਾਂ ਦੇ ਗੁਰਬਖਸ਼ੀਸ਼ ਸਿੰਘ, ਮੈਰੀਟੋਰੀਅਸ ਅਧਿਆਪਕ ਯੂਨੀਅਨ ਡਾ ਟੀਨਾ, 180 ਈ ਟੀ ਟੀ ਯੂਨੀਅਨ ਦੇ ਗੌਰਵ ਸ਼ਰਮਾ, ਬੇਰੁਜ਼ਗਾਰ ਸਾਂਝਾ ਮੋਰਚਾ ਦੇ ਸੁਖਵਿੰਦਰ ਢਿੱਲਵਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਨਿਯੁਕਤੀ ਸੂਚੀਆਂ ਰਿਕਾਸਟ ਹੋਣ ਕਾਰਨ ਸੂਚੀ ਵਿੱਚੋਂ ਬਾਹਰ ਕੀਤੇ ਮਾਸਟਰ ਤੇ ਈਟੀਟੀ ਕਾਡਰ ਅਧਿਆਪਕਾਂ ਦੀ ਹੁਣ ਤੱਕ ਦੀ ਨੌਕਰੀ ਅਤੇ ਭਵਿੱਖ ਹਾਲੇ ਤੱਕ ਸੁਰੱਖਿਅਤ ਨਹੀਂ ਕੀਤਾ ਹੈ, ਸਗੋਂ ਅਜਿਹੇ ਸੈਂਕੜੇ ਬੇਕਸੂਰ ਅਧਿਆਪਕਾਂ ਨੂੰ ਸੇਵਾਵਾਂ ਟਰਮੀਨੇਟ ਕਰਨ ਸੰਬੰਧੀ ਨੋਟਿਸ ਜਾਰੀ ਕਰਕੇ ਵੱਡੀ ਚਿੰਤਾ ਵਿੱਚ ਪਾ ਦਿੱਤਾ ਹੈ। ਇਸੇ ਤਰ੍ਹਾਂ ਆਪਣੇ ਘਰਾਂ ਤੋਂ ਸੈਕੜੇ ਕਿਲੋਮੀਟਰ ਦੂਰ ਸੇਵਾਵਾਂ ਨਿਭਾਅ ਰਹੇ 6635 ਈਟੀਟੀ, 4161 ਤੇ 2392 ਮਾਸਟਰ, ਪੱਖਪਾਤੀ ਸਟੇਸ਼ਨ ਚੋਣ ਨੀਤੀ ਦਾ ਸ਼ਿਕਾਰ ਈਟੀਟੀ ਤੋਂ ਮਾਸਟਰ ਅਤੇ ਮਾਸਟਰ ਤੋਂ ਲੈਕਚਰਾਰ ਪ੍ਰੋਮੋਟਡ ਅਧਿਆਪਕਾਂ ਨੂੰ ਬਿਨਾਂ ਸ਼ਰਤ ਬਦਲੀ ਦਾ ਵਿਸ਼ੇਸ਼ ਮੌਕਾ ਨਹੀਂ ਦਿੱਤਾ ਗਿਆ ਹੈ। ਆਗੂਆਂ ਨੇ ਮੰਗ ਕੀਤੀ ਕਿ 5178 ਅਧਿਆਪਕਾਂ ਨੂੰ ਪਰਖ ਸਮੇਂ ਵਿੱਚ ਪੂਰੇ ਤਨਖਾਹ ਸਕੇਲ ਅਨੁਸਾਰ ਬਕਾਏ ਦੇਣ ਦੇ ਅਦਾਲਤੀ ਫੈਸਲੇ ਨੂੰ ਜਨਰਲਾਇਜ਼ ਕਰਨ ਦਾ ਫੈਸਲਾ ਲਾਗੂ ਕੀਤਾ ਜਾਵੇ। ਅਧਿਆਪਕ ਸਾਥੀ ਨਰਿੰਦਰ ਭੰਡਾਰੀ, ਓਡੀਐੱਲ ਅਧਿਆਪਕਾਂ ਅਤੇ 7654 ਹਿੰਦੀ ਵਿਸ਼ੇ ਦੇ ਅਧਿਆਪਕਾਂ ਵਿੱਚੋਂ ਪੈਂਡਿੰਗ ਰੈਗੂਲਰ ਆਰਡਰ ਜਾਰੀ ਕੀਤੇ ਜਾਣ। ਡਾ. ਰਵਿੰਦਰ ਕੰਬੋਜ਼ ਦੇ ਟਰਮੀਨੇਸ਼ਨ ਆਰਡਰ ਰੱਦ ਕਰਨ ਅਤੇ ਓ.ਡੀ.ਐੱਲ. ਅਧਿਆਪਕਾਂ ਨੂੰ ਰੈਗੂਲਰ ਦੀ ਮਿਤੀ ਅਨੁਸਾਰ ਬਕਾਏ ਦੇਣ ਦੇ ਹੱਕ ਵਿੱਚ ਆਏ ਅਦਾਲਤੀ ਫੈਸਲੇ ਲਾਗੂ ਕੀਤੇ ਜਾਣ। ਮੈਰੀਟੋਰੀਅਸ ਸਕੂਲ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਪੂਰੇ ਲਾਭਾਂ ਸਹਿਤ ਰੈਗੂਲਰ ਕੀਤਾ ਜਾਵੇ। ਪ੍ਰਿੰਸੀਪਲ, ਬੀਪੀਈਓ ਅਤੇ ਹੈਡਮਾਸਟਰ ਦੀ ਸਿੱਧੀ ਭਰਤੀ ਰੱਦ ਕਰਨ ਦਾ ਫੈਸਲਾ ਵਾਪਿਸ ਲੈ ਕੇ ਇਹਨਾਂ ਕਾਡਰਾਂ ਵਿੱਚ 25% ਕੋਟੇ ਅਨੁਸਾਰ ਸਿੱਧੀ ਭਰਤੀ ਅਤੇ 75% ਕੋਟੇ ਅਨੁਸਾਰ ਤਰੱਕੀਆਂ ਮੁਕੰਮਲ ਕੀਤੀਆਂ ਜਾਣ। ਕੰਪਿਊਟਰ ਅਧਿਆਪਕਾਂ ਨੂੰ ਛੇਵਾਂ ਪੰਜਾਬ ਤਨਖ਼ਾਹ ਕਮਿਸ਼ਨ ਦੇ ਸਾਰੇ ਲਾਭ ਜਾਰੀ ਕਰਕੇ ਸਿੱਖਿਆ ਵਿਭਾਗ ਵਿੱਚ ਰੈਗੂਲਰ ਕੀਤਾ ਜਾਵੇ। 17 ਜੁਲਾਈ 2020 ਤੋਂ ਬਾਅਦ ਭਰਤੀਆਂ ‘ਤੇ ਲਾਗੂ ਨਵੇਂ ਸਕੇਲ ਰੱਦ ਕਰਕੇ ਛੇਵਾਂ ਪੰਜਾਬ ਤਨਖ਼ਾਹ ਸਕੇਲ ਲਾਗੂ ਕਰਨ ਦੇ ਪੱਖ ਵਿੱਚ ਆਏ ਅਦਾਲਤੀ ਫੈਸਲੇ ਨੂੰ ਲਾਗੂ ਕੀਤਾ ਜਾਵੇ, ਪੇਂਡੂ ਭੱਤਾ ਤੇ ਬਾਰਡਰ ਏਰੀਆ ਭੱਤੇ ਸਮੇਤ ਰੋਕੇ ਗਏ ਸਾਰੇ ਭੱਤੇ ਅਤੇ ਏ.ਸੀ.ਪੀ. ਲਾਭ ਬਹਾਲ ਕੀਤਾ ਜਾਵੇ ਅਤੇ ਮੁਲਾਜ਼ਮਾਂ ਦਾ ਪੈਂਡਿੰਗ 13% ਡੀ.ਏ. ਜਾਰੀ ਕੀਤਾ ਜਾਵੇ। 180 ਈ.ਟੀ.ਟੀ. (4500 ਈ.ਟੀ.ਟੀ. ਭਰਤੀ) ਅਧਿਆਪਕਾਂ ਦੀ ਚਾਰ ਸਾਲ ਦੀ ਮੁੱਢਲੀ ਸਰਵਿਸ ਨੂੰ ਬਹਾਲ ਕਰਕੇ ਪੁਰਾਣੇ ਤਨਖਾਹ ਸਕੇਲ ਮੁੜ ਲਾਗੂ ਕੀਤੇ ਜਾਣ। ਅਧਿਆਪਕਾਂ ਦੇ ਈਟੀਟੀ ਤੋਂ ਬੀਪੀਈਓ (ਸੀਐੱਚਟੀ ਤੱਕ ਜਿਲ੍ਹਾ ਕਾਡਰ ਮੰਨਦਿਆਂ) ਅਤੇ ਮਾਸਟਰ ਤੋਂ ਲੈ ਕੇ ਪ੍ਰਿੰਸੀਪਲ ਤੱਕ ਦੇ ਸਾਰੇ ਟੀਚਿੰਗ ਅਤੇ ਨਾਨ-ਟੀਚਿੰਗ ਦੀਆਂ ਸਾਰੀਆਂ ਪੈਡਿੰਗ ਤਰੱਕੀਆਂ ਬਿਨਾਂ ਕਿਸੇ ਪੱਖਪਾਤ ਸਾਰੇ ਖਾਲੀ ਸਟੇਸ਼ਨ ਸ਼ੋ ਕਰਕੇ ਮੁਕੰਮਲ ਕੀਤੀਆਂ ਜਾਣ। ਪੀਟੀਆਈ ਅਤੇ ਆਰਟ ਕਰਾਫਟ ਦੀ ਤਨਖ਼ਾਹ ਰਿਵਿਜ਼ਨ ਦੇ ਫੈਸਲੇ ਨੂੰ ਮੁੱਢੋਂ ਰੱਦ ਕੀਤਾ ਜਾਵੇ।
ਆਗੂਆਂ ਨੇ ਇਹ ਵੀ ਮੰਗ ਕੀਤੀ ਕਿ ਸਮੂਹ ਕੱਚੇ ਅਧਿਆਪਕਾਂ ਤੇ ਨਾਨ ਟੀਚਿੰਗ ਨੂੰ ਸਿੱਖਿਆ ਵਿਭਾਗ ਵਿਚ ਰੈਗੂਲਰ ਕੀਤਾ ਜਾਵੇ। 10ਸਾਲ ਦੀ ਸੇਵਾ ਪੂਰੀ ਕਰ ਚੁੱਕੇ 125 ਵਲੰਟੀਅਰ ਟੀਚਰਜ਼ ਨੂੰ ਐਸੋਸੀਏਟ ਟੀਚਰ ਦਾ ਦਰਜਾ ਦਿੱਤਾ ਜਾਵੇ। 5994 ਈਟੀਟੀ (ਬੈਕਲਾਗ) ਅਤੇ 2364 ਭਰਤੀ ਮੁਕੰਮਲ ਕੀਤੀ ਜਾਵੇ। 3582 ਨੂੰ ਟ੍ਰੇਨਿੰਗ ਲੱਗਣ ਦੀਆਂ ਮਿਤੀਆਂ ਤੋਂ ਸਾਰੇ ਆਰਥਿਕ ਤੇ ਬਾਕੀ ਪੈਂਡਿੰਗ ਲਾਭ ਹਕੀਕੀ ਰੂਪ ਵਿੱਚ ਲਾਗੂ ਕੀਤੇ ਜਾਣ। ਪੁਰਸ਼ ਅਧਿਆਪਕਾਂ ਨੂੰ 10 ਅਤੇ 20 ਸਾਲ ਦੀ ਸਰਵਿਸ ਉਪਰੰਤ ਅਚਨਚੇਤ ਛੁੱਟੀਆਂ ਵਿੱਚ ਵਾਧੇ ਮੌਕੇ ਠੇਕਾ ਅਧਾਰਿਤ ਨੌਕਰੀ ਦੇ ਸਮੇਂ ਨੂੰ ਗਿਣਨਯੋਗ ਮੰਨਿਆ ਜਾਵੇ। ਸਿੱਖਿਆ ਵਿਭਾਗ ਵਿੱਚ ਖਾਲੀ ਪਈਆਂ ਹਰ ਕਿਸਮ ਦੀਆਂ ਨੂੰ ਤੁਰੰਤ ਭਰਿਆ ਜਾਵੇ। 29 ਹੈੱਡਮਾਸਟਰਾਂ ਦੀ ਕੀਤੀ ਟਰਮੀਨੇਸ਼ਨ ਰੱਦ ਕੀਤੀ ਜਾਵੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਡੀ ਟੀ ਐੱਫ ਦੇ ਮਹਿੰਦਰ ਕੌੜਿਆਂਵਾਲੀ, ਅਸ਼ਵਨੀ ਅਵਸਥੀ, ਗੁਰਪਿਆਰ ਕੋਟਲੀ, ਜਗਪਾਲ ਬੰਗੀ, ਬੇਅੰਤ ਫੂਲੇਵਾਲਾ, ਜਰਮਨਜੀਤ ਸਿੰਘ, ਜਸਵਿੰਦਰ ਔਜਲਾ, ਹਰਜਿੰਦਰ ਵਡਾਲਾ ਬਾਂਗਰ, ਰਮਨਜੀਤ ਸੰਧੂ, ਸੁਖਵਿੰਦਰ ਲੀਲ੍ਹ,6635 ਈ ਟੀ ਟੀ ਦੇ ਦੇਸ ਰਾਜ, ਨਿਰਮਲ ਜ਼ੀਰਾ ਅਤੇ ਕੁਲਦੀਪ ਖੋਖਰ , 4161 ਅਧਿਆਪਕ ਯੂਨੀਅਨ ਦੇ ਜਸਵਿੰਦਰ ਐਤੀਆਣਾ, ਲਵਨੀਸ਼ ਢੀਂਗੀ, 899 ਅੰਗਰੇਜ਼ੀ ਅਧਿਆਪਕਾਂ ਦੇ ਸਿੰਪੀ ਮੋਂਗਾ,ਸਿੱਧੀ ਭਰਤੀ ਸਿੱਖਿਆ ਵਿਭਾਗ ਅਧਿਆਪਕ ਯੂਨੀਅਨ ਦੇ ਨਿਤਿਨ ਸੋਢੀ ਅਤੇ ਪ੍ਰਮੋਦ ਬਿਸ਼ਨੋਈ, ਮੈਰੀਟੋਰੀਅਸ ਅਧਿਆਪਕ ਯੂਨੀਅਨ ਡਾ ਅਜੇ, 180 ਈ ਟੀ ਟੀ ਯੂਨੀਅਨ ਦੇ ਸੰਦੀਪ ਸ਼ਰਮਾ ਅਤੇ ਅਮਿਤ ਭਾਟੀਆ ਨੇ ਵੀ ਸੰਬੋਧਨ ਕੀਤਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।