ਬਨੂੜ, 23 ਜੂਨ,ਬੋਲੇ ਪੰਜਾਬ ਬਿਊਰੋ;
ਬਨੂੜ ਨੇੜੇ ਪਿੰਡ ਚੰਗੇੜਾ ਵਿੱਚ ਇੱਕ ਪਰਿਵਾਰ ਨੇ ਆਪਣੀ ਕਾਰ ਅੰਦਰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਇਸ ਦੁਖਦਾਈ ਘਟਨਾ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਡੀਐਸਪੀ ਰਾਜਪੁਰਾ ਮਨਜੀਤ ਸਿੰਘ ਬਰਾੜ ਅਤੇ ਐਸਐਚਓ ਬਨੂੜ ਇੰਸਪੈਕਟਰ ਅਰਸ਼ਦੀਪ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਚੰਗੇਰਾ ਦੇ ਖੇਤਾਂ ਵਿੱਚ ਇੱਕ ਕਾਰ ਖੜ੍ਹੀ ਹੈ, ਜਿਸ ਵਿੱਚ 3 ਲੋਕਾਂ ਦੀਆਂ ਲਾਸ਼ਾਂ ਪਈਆਂ ਹਨ। ਬਨੂੜ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਮੌਕੇ ‘ਤੇ ਪਹੁੰਚ ਕੇ ਕਾਰ ਦੀ ਜਾਂਚ ਕੀਤੀ।
ਜਾਂਚ ਵਿੱਚ ਸਾਹਮਣੇ ਆਇਆ ਕਿ ਇਹ ਤਿੰਨੋਂ ਲਾਸ਼ਾਂ ਇੱਕੋ ਪਰਿਵਾਰ ਦੇ ਮੈਂਬਰਾਂ ਦੀਆਂ ਹਨ, ਜਿਨ੍ਹਾਂ ਨੇ ਆਪਣੇ ਹਥਿਆਰਾਂ ਨਾਲ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਡੀਐਸਪੀ ਮਨਜੀਤ ਸਿੰਘ ਬਰਾੜ ਨੇ ਕਿਹਾ ਕਿ ਇਸ ਮਾਮਲੇ ਦੀ ਵਿਸਥਾਰ ਨਾਲ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਬਠਿੰਡਾ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਫੋਰੈਂਸਿਕ ਟੀਮ ਵੀ ਮੌਕੇ ‘ਤੇ ਪਹੁੰਚ ਰਹੀ ਹੈ, ਜੋ ਉਂਗਲਾਂ ਦੇ ਨਿਸ਼ਾਨ ਅਤੇ ਹੋਰ ਸਬੂਤ ਇਕੱਠੇ ਕਰੇਗੀ ਅਤੇ ਕਾਨੂੰਨੀ ਕਾਰਵਾਈ ਨੂੰ ਅੱਗੇ ਵਧਾਏਗੀ।












