ਭਗਵੰਤ ਮਾਨ ਸਰਕਾਰ ਨੇ ਐਮਰਜੈਂਸੀ ਦੀ ਯਾਦ ਨੂੰ ਤਾਜਾ ਕਰ ਦਿੱਤਾ:- ਹਰਦੇਵ ਸਿੰਘ ਉੱਭਾ
ਮੋਹਾਲੀ, 25 ਜੂਨ ,ਬੋਲੇ ਪੰਜਾਬ ਬਿਊਰੋ;
ਭਾਜਪਾ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਵਿਜੀਲੈਂਸ ਬਿਊਰੋ ਵੱਲੋਂ ਕੀਤੀ ਗਈ ਗ੍ਰਿਫ਼ਤਾਰੀ ਦੀ ਪੁਰਜੋਰ ਕਰਦਿਆ ਕਿਹਾ ਕਿ ਆਮ ਆਦਮੀ ਦੀ ਪੰਜਾਬ ਸਰਕਾਰ ਨੇ ਐਮਰਜੈਂਸੀ ਦੀ ਯਾਦ ਨੂੰ ਤਾਜਾ ਕਰ ਦਿੱਤਾ ਹੈ। ਇੱਥੇ ਜਾਰੀ ਇੱਕ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਤੰਤਰਿਕ ਅਧਿਕਾਰਾ ਦੀ ਉਲੰਘਣਾ ਕਰਦਿਆਂ ਵਿਰੋਧੀ ਧਿਰ ਦੇ ਆਗੂਆਂ ਦੀ ਆਵਾਜ਼ ਨੂੰ ਚੁੱਪ ਕਰਵਾਉਣਾ ਚਾਹੁੰਦੀ ਹੈ।
ਸੀਨੀਅਰ ਭਾਜਪਾ ਆਗੂ ਹਰਦੇਵ ਸਿੰਘ ਉੱਭਾ ਨੇ ਮਜੀਠੀਆ ਦੀ ਤੁਰੰਤ ਰਿਹਾਈ ਦੀ ਮੰਗ ਕਰਦਿਆਂ ਕਿਹਾ ਕਿ ਭਗਵੰਤ ਮਾਨ ਨੇ ਦਿੱਲੀ ਵਾਲਿਆਂ ਦੇ ਦਬਾਅ ਹੇਠ ਪੰਜਾਬ ਪੁਲਿਸ ਅਤੇ ਵਿਜੀਲੈਂਸ ਬਿਊਰੋ ਰਾਹੀਂ ਇਹ ਸਾਰੀਆ ਚਾਲਾਂ ਚੱਲੀਆਂ ਹਨ। ਉਨ੍ਹਾਂ ਕਿਹਾ ਕਿ ਮਜੀਠੀਆ ‘ਤੇ ਇਸ ਤੋਂ ਪਹਿਲਾਂ ਵੀ ਨਸ਼ਾ ਕੇਸ ਵਿੱਚ ਦੋਸ਼ ਲਾਏ ਗਏ ਸਨ, ਜਿਸ ਵਿੱਚ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਖੁਦ ਮਜੀਠੀਆ ਕੋਲੋਂ ਜਨਤਕ ਤੌਰ ‘ਤੇ ਮਾਫੀ ਮੰਗੀ ਸੀ।
ਉਭਾ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਲੋਕਤੰਤਰ ਵਿੱਚ ਅਜਿਹੇ ਬਦਲੇ ਦੀ ਕਾਰਵਾਈ ਤੋਂ ਗੁਰੇਜ਼ ਕੀਤਾ ਜਾਵੇ ਕਿਉਂਕਿ ਇਹ ਸਿਆਸੀ ਪਾਰਟੀਆਂ ਵਿਚਕਾਰ ਟਕਰਾਅ ਨੂੰ ਵਧਾਉਂਦਾ ਹੈ ਅਤੇ ਰਾਜ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਨੂੰ ਵੀ ਪ੍ਰਭਾਵਿਤ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਚਾਹੇ ਸਿਆਸੀ ਵਿਚਾਰਾਂ ਵਿੱਚ ਕਿੰਨੀ ਵੀ ਭਿੰਨਤਾ ਹੋਵੇ, ਪਰ ਵਿਰੋਧੀ ਆਗੂਆਂ ਨੂੰ ਚੁੱਪ ਕਰਵਾਉਣ ਲਈ ਸਰਕਾਰ ਦੀ ਸ਼ਕਤੀ ਦੀ ਵਰਤੋਂ ਨਹੀਂ ਹੋਣੀ ਚਾਹੀਦੀ।












