ਚੰਡੀਗੜ੍ਹ 25 ਜੂਨ ,ਬੋਲੇ ਪੰਜਾਬ ਬਿਊਰੋ;
ਪੰਜਾਬ ਵਿਜੀਲੈਂਸ ਵੱਲੋਂ ਅੱਜ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਇਹ ਗ੍ਰਿਫ਼ਤਾਰੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਕੀਤੀ ਗਈ । ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕਰਨ ਤੋਂ ਬਾਅਦ, ਵਿਜੀਲੈਂਸ ਟੀਮ ਮਜੀਠੀਆ ਨੂੰ ਮੋਹਾਲੀ ਲੈ ਗਈ। ਜਿੱਥੇ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਮਜੀਠੀਆ ਦੀ ਗ੍ਰਿਫਤਾਰੀ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਵੱਡਾ ਬਿਆਨ ਦਿੱਤਾ ਗਿਆ ਹੈ।
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿੱਚ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰ ਭਾਵੇਂ ਕਿੰਨਾ ਵੀ ਵੱਡਾ ਕਿਸੇ ਰਾਜਨੀਤਿਕ ਪਾਰਟੀ ਦਾ ਆਗੂ ਹੋਵੇ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।
ਦੱਸ ਦਈਏ ਕਿ ਵਿਜੀਲੈਂਸ ਨੇ ਬਿਕਰਮ ਮਜੀਠੀਆ ਦੇ ਘਰੋਂ 29 ਮੋਬਾਈਲ ਫੋਨ, 4 ਲੈਪਟਾਪ, 2 ਆਈਪੈਡ, 8 ਡਾਇਰੀਆਂ ਅਤੇ ਹੋਰ ਦਸਤਾਵੇਜ਼ ਜ਼ਬਤ ਕੀਤੇ ਹਨ। ਐਸਐਸਪੀ ਲਖਬੀਰ ਸਿੰਘ ਦੀ ਅਗਵਾਈ ਹੇਠ ਵਿਜੀਲੈਂਸ ਟੀਮ ਬੁੱਧਵਾਰ ਸਵੇਰੇ ਅੰਮ੍ਰਿਤਸਰ ਦੇ ਗ੍ਰੀਨ ਐਵੇਨਿਊ ਸਥਿਤ ਮਜੀਠੀਆ ਦੇ ਘਰ ਪਹੁੰਚੀ ਸੀ। ਮਜੀਠੀਆ ਨੇ ਇਸ ਕਾਰਵਾਈ ਤੇ ਕਿਹਾ ਕਿ ਇਹ ਸਾਰੀ ਕਾਰਵਾਈ ਰਾਜਨੀਤਿਕ ਬਦਲੇ ਦੀ ਭਾਵਨਾ ਨਾਲ ਕੀਤੀ ਜਾ ਰਹੀ ਹੈ। ਪਰ ਉਹ ਇਸ ਤੋਂ ਡਰਨ ਵਾਲੇ ਨਹੀਂ ਹਨ।












