ਮੋਹਾਲੀ 26 ਜੂਨ ,ਬੋਲੇ ਪੰਜਾਬ ਬਿਊਰੋ;
ਸੀਨੀਅਰ ਅਕਾਲੀ ਲੀਡਰ ਬਿਕਰਮ ਸਿੰਘ ਮਜੀਠੀਆ ਨੂੰ ਬੀਤੇ ਦਿਨ ਵਿਜੀਲੈਂਸ ਨੇ ਗ੍ਰਿਫ਼ਤਾਰ ਕੀਤਾ ਸੀ। ਅੱਜ ਮਜੀਠੀਆ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਅਦਾਲਤ ਨੇ ਉਹਨਾਂ ਦਾ ਸੱਤ ਦਿਨ ਦਾ ਰਿਮਾਂਡ ਦੇ ਦਿੱਤਾ ਹੈ। ਇਸ ਕੇਸ ਦੀ ਅਗਲੀ ਸੁਣਵਾਈ ਹੁਣ 2 ਜੁਲਾਈ ਨੂੰ ਹੋਵੇਗੀ। ਦੱਸਣਾ ਬਣਦਾ ਹੈ ਕਿ ਬਿਕਰਮ ਸਿੰਘ ਮਜੀਠੀਆ ਉੱਤੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਪਰਚਾ ਦਰਜ ਕੀਤਾ ਗਿਆ ਹੈ। ਵਿਜੀਲੈਂਸ ਨੇ ਅਦਾਲਤ ਤੋਂ 12 ਦਿਨ ਦਾ ਰਿਮਾਂਡ ਮੰਗਿਆ ਸੀ ਪਰ ਰਿਮਾਂਡ 7 ਦਿਨ ਦਾ ਹੀ ਮਿਲ ਸਕਿਆ ਹੈ। ਵਿਜੀਲੈਂਸ ਹੁਣ 540 ਕਰੋੜ ਦੇ ਵਿਤੀ ਲੈਣ ਦੇਣ ਦੇ ਮਾਮਲੇ ਦੀ ਜਾਂਚ ਕਰੇਗੀ। ਇਹ ਕਾਰਵਾਈ ਮਜੀਠੀਆ ਖਿਲਾਫ ਪੰਜਾਬ ਰਾਜ ਅਪਰਾਧ ਪੁਲਿਸ ਸਟੇਸ਼ਨ ਵਿੱਚ ਦਰਜ ਐਫਆਈਆਰ ਨੰਬਰ 02 (2021) ਦੀ ਚੱਲ ਰਹੀ ਜਾਂਚ ਦੇ ਮਾਮਲੇ ‘ਚ ਕੀਤੀ ਗਈ ਹੈ।ਵਿਜੀਲੈਂਸ ਬਿਊਰੋ ਪੰਜਾਬ ਦੁਆਰਾ ਜਾਰੀ ਪ੍ਰੈਸ ਰਿਲੀਜ਼ ਮੁਤਾਬਕ, ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਵੱਲੋਂ ਕੀਤੀ ਗਈ ਜਾਂਚ ਵਿੱਚ ਪਾਇਆ ਗਿਆ ਹੈ ਕਿ ਮਜੀਠੀਆ ਵੱਲੋਂ ਗੈਰ ਕਾਨੂੰਨੀ ਨਸ਼ੀਲੇ ਪਦਾਰਥਾਂ ਦੀ ਕਮਾਈ ਨੂੰ ਵੱਡੇ ਪੱਧਰ ‘ਤੇ ਸਫੇਦ ਧਨ ਵਿੱਚ ਤਬਦੀਲ ਕਰਨ ਦਾ ਖੁਲਾਸਾ ਹੋਇਆ ਹੈ।ਮਜੀਠੀਆ ਦੇ ਵਕੀਲ ਨੇ ਅੱਜ ਕਿਹਾ ਕਿ ਇਹ ਸਾਰਾ ਕੇਸ ਝੂਠਾ ਹੈ ਅਤੇ ਇਹ ਸਿਰਫ ਬਦਲਾਖ਼ੋਰੀ ਕੀਤੀ ਜਾ ਰਹੀ ਹੈ।ਉਨ੍ਹਾਂ ਦੀ ਪੇਸ਼ੀ ਲਈ ਅਦਾਲਤ ਦੇ ਬਾਹਰ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ। ਮਜੀਠੀਆ ਦੇ ਆਉਣ ਤੋਂ ਪਹਿਲਾਂ ਹੀ ਉਨ੍ਹਾਂ ਦੇ ਸਮਰਥਕ ਇਕੱਠੇ ਹੋਣੇ ਸ਼ੁਰੂ ਹੋ ਗਏ ਸਨ। ਹਾਲਾਂਕਿ, ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ। ਪੁਲਿਸ ਨੇ ਪੇਸ਼ੀ ਲਈ ਰਸਤਾ ਸਾਫ਼ ਕਰ ਦਿੱਤਾ ਅਤੇ ਰੱਸੀਆਂ ਦੀ ਵਰਤੋਂ ਕਰਕੇ ਇਸਨੂੰ ਬੰਦ ਕਰ ਦਿੱਤਾ ਸੀ। ਲੋਕਾਂ ਨੂੰ ਅੰਦਰ ਜਾਣ ਦੀ ਇਜਾਜ਼ਤ ਨਹੀਂ ਸੀ।












