ਨਵੀਂਆਂ ਸੇਵਾਵਾਂ ’ਚ ਗਰਭਵਤੀ ਔਰਤਾਂ ਦੀ ਜਾਂਚ, ਗੈਰ-ਸੰਚਾਰੀ ਰੋਗ, ਪਰਿਵਾਰ ਨਿਯੋਜਨ ਸੇਵਾਵਾਂ, ਕੁਪੋਸ਼ਿਤ ਬੱਚਿਆਂ ਦੀ ਪਛਾਣ ਤੇ ਦੇਖਭਾਲ, ਕੁੱਤੇ ਦੇ ਵੱਢਣ ’ਤੇ ਐਂਟੀ ਰੇਬੀਜ਼ ਟੀਕਾਕਰਨ ਸ਼ਾਮਲ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 01 ਜੁਲਾਈ ,ਬੋਲੇ ਪੰਜਾਬ ਬਿਊਰੋ;
ਪੰਜਾਬ ਦੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਜਲਦ ਹੀ ਸੂਬੇ ਦੇ ਆਮ ਆਦਮੀ ਕਲੀਨਿਕਾਂ ਵਿਚ ਪੰਜ ਹੋਰ ਨਵੀਆਂ ਸੇਵਾਵਾਂ ਦੇਣੀਆਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ’ਚ ਗਰਭਵਤੀ ਔਰਤਾਂ ਦੀ ਜਾਂਚ, ਗੈਰ-ਸੰਚਾਰੀ ਰੋਗ, ਪਰਿਵਾਰ ਨਿਯੋਜਨ ਸੇਵਾਵਾਂ, ਕੁਪੋਸ਼ਿਤ ਬੱਚਿਆਂ ਦੀ ਪਛਾਣ ਤੇ ਦੇਖਭਾਲ, ਕੁੱਤੇ ਦੇ ਵੱਢਣ ’ਤੇ ਐਂਟੀ ਰੇਬੀਜ਼ ਟੀਕਾਕਰਨ ਸ਼ਾਮਲ ਹਨ।
ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਪਹਿਲਕਦਮੀ ’ਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ, ਡਾ. ਬਲਬੀਰ ਸਿੰਘ ਦੇ ਨਿਰਦੇਸ਼ਾਂ ’ਤੇ ਇਨ੍ਹਾਂ ਸੇਵਾਵਾਂ ਲਈ ਜ਼ਿਲ੍ਹੇ ਦੇ ਆਮ ਆਦਮੀ ਕਲੀਨਿਕਾਂ ਦੇ ਡਾਕਟਰਾਂ ਦੀ ਦੂਜੀ ਟਰੇਨਿੰਗ ਅੱਜ ਮੁਕੰਮਲ ਹੋਈ। ਉਨ੍ਹਾਂ ਕਿਹਾ ਕਿ ਇਹ ਨਵੀਆਂ ਸੇਵਾਵਾਂ ਸ਼ੁਰੂ ਹੋਣ ਨਾਲ ਸ਼ਹਿਰਾਂ ਅਤੇ ਪਿੰਡਾਂ ਦੇ ਲੋਕਾਂ ਨੂੰ ਬਹੁਤ ਜ਼ਿਆਦਾ ਲਾਭ ਮਿਲੇਗਾ ਕਿਉਂਕਿ ਉਨ੍ਹਾਂ ਨੂੰ ਘਰ ਦੇ ਲਾਗੇ ਹੀ ਇਹ ਮਿਆਰੀ ਸੇਵਾਵਾਂ ਮਿਲ ਸਕਣਗੀਆਂ ਜਦਕਿ ਪਹਿਲਾਂ ਉਨ੍ਹਾਂ ਨੂੰ ਦੂਰ-ਦੁਰਾਡੇ ਜਾਣਾ ਪੈਂਦਾ ਸੀ।
ਇਸ ਮੌਕੇ ਡਾਇਰੈਕਟਰ ਖ਼ਰੀਦ- ਡਾ. ਪਵਨਪ੍ਰੀਤ ਕੌਰ ਨੇ ਵੀ ਡਾਕਟਰਾਂ ਨਾਲ ਵਿਚਾਰ-ਵਟਾਂਦਰਾ ਕੀਤਾ ਅਤੇ ਦਵਾਈਆਂ, ਡਾਕਟਰੀ ਸਾਜ਼ੋ-ਸਮਾਨ ਆਦਿ ਬਾਰੇ ਅਪਣੇ ਵਿਚਾਰ ਰੱਖੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੁਣ ਆਮ ਆਦਮੀ ਕਲੀਨਿਕਾਂ ਵਿਚ ਗੈਰ-ਸੰਚਾਰੀ ਬਿਮਾਰੀਆਂ (ਜਿਵੇਂ ਹਾਈਪਰਟੈਂਸ਼ਨ, ਸ਼ੂਗਰ, ਓਰਲ ਕੈਂਸਰ) ਦੀ ਸਕਰੀਨਿੰਗ ਤੇ ਇਲਾਜ, ਰੇਬੀਜ਼ ਤੋਂ ਬਚਾਅ ਲਈ ਟੀਕਾਕਰਨ, ਕੁਪੋਸ਼ਿਤ ਬੱਚਿਆਂ ਦੀ ਜਲਦ ਪਛਾਣ ਤੇ ਇਲਾਜ ਪ੍ਰਬੰਧਨ ਸੇਵਾਵਾਂ ਮੁਹੱਈਆ ਕਰਵਾਉਣ ਦੀ ਲੋੜ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ।
ਟਰੇਨਿੰਗ ਦੌਰਾਨ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਗਿਰੀਸ਼ ਡੋਗਰਾ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਤਮੰਨਾ ਸਿੰਘਲ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਅਨਾਮਿਕਾ ਸੋਨੀ, ਮੈਡੀਕਲ ਸਪੈਸ਼ਲਿਸਟ ਡਾ. ਇਸ਼ਾਨ ਸ਼ਰਮਾ, ਡਾ. ਇੰਦਰਪ੍ਰੀਤ ਕੌਰ ਨੇ ਵੱਖ-ਵੱਖ ਵਿਸ਼ਿਆਂ ਬਾਰੇ ਆਪੋ-ਅਪਣੇ ਵਿਚਾਰ ਸਾਂਝੇ ਕੀਤੇ।
ਜ਼ਿਕਰਯੋਗ ਹੈ ਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ’ਚ ਇਸ ਮੌਕੇ 40 ਆਮ ਆਮਦੀ ਕਲੀਨਿਕ ਲੋਕਾਂ ਨੂੰ ਮੁਫ਼ਤ ਅਤੇ ਨਿਰੰਤਰ ਸਿਹਤ ਸੇਵਾਵਾਂ ਦੇ ਰਹੇ ਹਨ, ਜਿਨ੍ਹਾਂ ’ਚ 48 ਤਰ੍ਹਾਂ ਦੇ ਲੈਬ ਟੈਸਟ, 112 ਤਰ੍ਹਾਂ ਦੀਆਂ ਦਵਾਈਆਂ ਸ਼ਾਮਿਲ ਹਨ।












