ਐੱਸ. ਏ. ਐੱਸ. ਨਗਰ 6 ਜੁਲਾਈ ,ਬੋਲੇ ਪੰਜਾਬ ਬਿਊਰੋ;
ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ੍ਰੀ ਹਰਿਮੰਦਿਰ ਸਾਹਿਬ ਜੀ ਦੇ ਮੁੱਖ ਗ੍ਰੰਥੀ ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ । ਇਸ ਦਿਹਾੜੇ ਦੇ ਸਬੰਧ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ । ਇਸ ਧਾਰਮਿਕ ਸਮਾਗਮ ਵਿੱਚ ਭਾਈ ਤਰਸੇਮ ਸਿੰਘ ਜੀ ਬਠਿੰਡਾ ਵਾਲਿਆਂ ਦੇ ਢਾਡੀ ਜੱਥੇ ਨੇ ਭਾਈ ਮਨੀ ਸਿੰਘ ਜੀ ਦੁਆਰਾ ਧਰਮ ਦੀ ਖਾਤਰ ਬੰਦ ਬੰਦ ਕਟਵਾ ਕੇ ਪ੍ਰਾਪਤ ਕੀਤੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਦਾ ਪੂਰਾ ਪ੍ਰਸੰਗ ਸੰਗਤਾਂ ਨੂੰ ਵਿਸਥਾਰ ਵਿੱਚ ਸੁਣਾਇਆ । ਭਾਈ ਗੁਰਵਿੰਦਰ ਸਿੰਘ ਜੀ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਜੀ ਲੁਧਿਆਣੇ ਵਾਲਿਆਂ ਦੇ ਰਾਗੀ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ । ਸ਼੍ਰੋਮਣੀ ਪ੍ਰਚਾਰਕ ਭਾਈ ਸ਼ੁਭਕਰਨ ਸਿੰਘ ਜੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਨੇ ਆਪਣੇ ਪ੍ਰਵਚਨਾ ਰਾਹੀਂ ਭਾਈ ਮਨੀ ਸਿੰਘ ਜੀ ਵਲੋਂ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਦੀ ਹੱਥ ਨਾਲ ਲਿੱਖਣ ਦੀ ਸੇਵਾ ਨਿਭਾਉਣ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਜਾਣੂ ਕਰਵਾਇਆ ਇਸ ਤੋਂ ਇਲਾਵਾ ਭਾਈ ਲਖਵਿੰਦਰ ਸਿੰਘ ਜੀ ਸ੍ਰੀ ਅੰਮ੍ਰਿਤਸਰ ਸਾਹਿਬ ਜੀ, ਬੀਬੀ ਕਿਰਨਦੀਪ ਕੌਰ ਜੀ ਦਾ ਇੰਟਰਨੈਸ਼ਨਲ ਢਾਡੀ ਜੱਥਾ, ਭਾਈ ਸ਼ਮਸ਼ੇਰ ਸਿੰਘ ਜੀ ਕਰਨਾਲ ਵਾਲੇ, ਹਰਜੱਸ ਕੀਤਰਨੀ ਜੱਥਾ, ਭਾਈ ਹਰਪ੍ਰੀਤ ਸਿੰਘ ਜੀ ਮੋਗੇ ਵਾਲੇ, ਸ਼ੇਰ ਏ ਪੰਜਾਬ ਕਵੀਸ਼ਰੀ ਜੱਥਾ, ਮਿੱਤਰ ਪਿਅਰੇ ਨੂੰ ਕੀਰਤਨੀ ਜੱਥਾ, ਭਾਈ ਸੁਖਵਿੰਦਰ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁ: ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਨਿਤਿੰਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ ਅਤੇ ਭਾਈ ਗੁਰਨਾਮ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ । ਦਸਵੀਂ ਦੇ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਹਜ਼ਾਰਾਂ ਸੰਗਤਾਂ ਨੇ ਇਸ ਅਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ। ਹਰ ਵਿਭਾਗ ਦੇ ਮਾਹਿਰ ਡਾਕਟਰਾਂ ਵਲੋਂ ਮਰੀਜਾਂ ਦਾ ਮੁਆਇਨਾ ਕੀਤਾ ਗਿਆ ਅਤੇ ਦਵਾਈ ਗੁ ਪ੍ਰਬੰਧਕ ਕਮੇਅੀ ਵਲੋਂ ਦਿੱਤੀ ਗਈ। ਇਸ ਦਿਨ ਕਰਵਾਏ ਗਏ ਵਿਸ਼ਾਲ ਅੰਮ੍ਰਿਤ ਸੰਚਾਰ ਵਿੱਚ ਵੱਡੀ ਗਿਣਤੀ ਵਿੱਚ ਪ੍ਰਾਣੀ ਖੰਡੇ ਬਾਟੇ ਦਾ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੇ। ਗੁਰੂ ਕਾ ਲੰਗਰ ਸੰਗਤਾਂ ਨੂੰ ਅਤੁੱਟ ਵਰਤਾਇਆ ਗਿਆ ।
ਇਸ ਮੌਕੇ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਆਉਣ ਵਾਲੀ ਮਿਤੀ 16 ਜੁਲਾਈ ਨੂੰ ਧੰਨ ਧੰਨ ਅਮਰ ਸ਼ਹੀਦ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਇਸ ਦਿਨ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ, ਇਸ ਉਪਰੰਤ ਸ੍ਰੀ ਦਰਬਾਰ ਸਾਹਿਬ ਅੰਮਿਤਸਰ ਸਾਹਿਬ ਦੇ ਹਜੂਰੀ ਰਾਗੀ ਜੱਥੇ, ਇੰਨਟਰਨੈਸ਼ਨਲ ਢਾਡੀ ਅਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਜੱਸ ਸੁਨਾ ਕੇ ਨਿਹਾਲ ਕਰਣਗੇ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ ਜੀ।












