ਜਗਰਾਓਂ, 28 ਜੁਲਾਈ,ਬੋਲੇ ਪੰਜਾਬ ਬਿਉਰੋ;
ਲੁਧਿਆਣਾ ਦੇ ਜਗਰਾਉਂ ਵਿੱਚ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਵਿਰੁੱਧ ਪਿੰਡ ਵਾਸੀਆਂ ਦਾ ਵਿਰੋਧ ਤੇਜ਼ ਹੋ ਗਿਆ ਹੈ। ਮਲਕ, ਪੋਨਾ ਅਤੇ ਅਲੀਗੜ੍ਹ ਪਿੰਡਾਂ ਦੇ ਲੋਕਾਂ ਨੇ ਆਪਣੇ ਪਿੰਡਾਂ ਦੀਆਂ ਸੜਕਾਂ ‘ਤੇ ਬੋਰਡ ਲਗਾ ਦਿੱਤੇ ਹਨ। ਇਨ੍ਹਾਂ ਬੋਰਡਾਂ ‘ਤੇ ਸਾਫ਼ ਲਿਖਿਆ ਹੈ ਕਿ ਆਮ ਆਦਮੀ ਪਾਰਟੀ ਦਾ ਕੋਈ ਵੀ ਆਗੂ ਇਨ੍ਹਾਂ ਪਿੰਡਾਂ ਵਿੱਚ ਨਾ ਆਵੇ।
ਜਾਣਕਾਰੀ ਅਨੁਸਾਰ ਜਗਰਾਉਂ ਦੇ ਚਾਰ ਪਿੰਡ – ਮਲਕ, ਪੋਨਾ, ਅਲੀਗੜ੍ਹ ਅਤੇ ਅਗਵਾੜ ਗੁੱਜਰਾ ਲੈਂਡ ਪੂਲਿੰਗ ਨੀਤੀ ਅਧੀਨ ਆ ਗਏ ਹਨ। ਇਸ ਨੀਤੀ ਤਹਿਤ ਇਨ੍ਹਾਂ ਪਿੰਡਾਂ ਦੀ ਲਗਭਗ 526 ਏਕੜ ਜ਼ਮੀਨ ਐਕੁਆਇਰ ਕੀਤੀ ਜਾਣੀ ਹੈ। ਜਾਣਕਾਰੀ ਮਿਲਦੇ ਹੀ ਪਿੰਡ ਵਾਸੀਆਂ ਨੇ ਸਰਕਾਰ ਵਿਰੁੱਧ ਮੋਰਚਾ ਖੋਲ੍ਹ ਦਿੱਤਾ।
ਕਿਸਾਨ ਆਗੂ ਦੀਦਾਰ ਸਿੰਘ ਮਲਕ ਨੇ ਕਿਹਾ ਕਿ ਇਹ ਫੈਸਲਾ ਕਿਸਾਨ ਮਜ਼ਦੂਰ ਏਕਤਾ ਵੱਲੋਂ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਲੈਂਡ ਪੂਲਿੰਗ ਨੀਤੀ ਰੱਦ ਨਹੀਂ ਕੀਤੀ ਜਾਂਦੀ, ਆਮ ਆਦਮੀ ਪਾਰਟੀ ਦੇ ਕਿਸੇ ਵੀ ਆਗੂ ਨੂੰ ਪਿੰਡਾਂ ਵਿੱਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ। ਸਰਕਾਰ ਕੁਝ ਵੀ ਕਰ ਲਵੇ, ਪਰ ਪਿੰਡ ਦੇ ਕਿਸਾਨ ਆਪਣੀ ਜ਼ਮੀਨ ਦਾ ਇੱਕ ਇੰਚ ਵੀ ਨਹੀਂ ਦੇਣਗੇ ਅਤੇ ਨਾ ਹੀ ‘ਆਪ’ ਆਗੂਆਂ ਨੂੰ ਪਿੰਡ ਵਿੱਚ ਆਉਣ ਦੇਣਗੇ।












