ਗੁਰਦੁਆਰਾ ਧੋਬੜੀ ਸਾਹਿਬ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਰਾਂਚੀ ਤੋਂ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਲਈ ਰਵਾਨਾ
ਅੰਮ੍ਰਿਤਸਰ, 28 ਅਗਸਤ,ਬੋਲੇ ਪੰਜਾਬ ਬਿਊਰੋ;
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿੱਚ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਂਚੀ ਝਾਰਖੰਡ ਤੋਂ ਅਗਲੇ ਪੜਾਅ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਬਿਹਾਰ ਲਈ ਰਵਾਨਾ ਹੋਇਆ।
ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਂਚੀ ਵਿਖੇ ਸੱਜੇ ਧਾਰਮਿਕ ਦੀਵਾਨ ਵਿਚ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਸੰਗਤਾਂ ਨੂੰ ਗੁਰੂ-ਜਸ ਨਾਲ ਜੋੜਿਆ। ਇਸ ਦੌਰਾਨ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਸਿੰਘਾਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ ਗਏ।

ਨਗਰ ਕੀਰਤਨ ਦੀ ਆਰੰਭਤਾ ਮੌਕੇ ਝਾਰਖੰਡ ਦੇ ਚੀਫ ਸੈਕਟਰੀ ਸ੍ਰੀਮਤੀ ਅਲਕਾ ਤਿਵਾੜੀ, ਘੱਟਗਿਣਤੀ ਕਮਿਸ਼ਨ ਦੇ ਵਾਈਸ ਚੇਅਰਮੈਨ ਸ. ਜੋਤੀ ਸਿੰਘ ਮਠਾਰੂ, ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਨਰਲ ਸਕੱਤਰ ਸ. ਇੰਦਰਜੀਤ ਸਿੰਘ ਸਮੇਤ ਸੰਗਤਾਂ ਨੇ ਸ਼ਮੂਲੀਅਤ ਕੀਤੀ। ਸਾਰੇ ਰਸਤੇ ਵਿਚ ਨਗਰ ਕੀਰਤਨ ਦਾ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ ਅਤੇ ਵੱਖ-ਵੱਖ ਪੜਾਵਾਂ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕਰਕੇ ਸਤਿਕਾਰ ਦਿੱਤਾ। ਨਗਰ ਕੀਰਤਨ ਨਾਲ ਗੁਰੂ ਸਾਹਿਬਾਨ ਦੇ ਇਤਿਹਾਸਕ ਸ਼ਸਤਰਾਂ ਵਾਲੀ ਬੱਸ ਅਤੇ ਵੱਡਅਕਾਰੀ ਸਕਰੀਨਾਂ ’ਤੇ ਗੁਰੂ ਸਾਹਿਬ ਨਾਲ ਸੰਬੰਧਿਤ ਪਾਵਨ ਅਸਥਾਨਾਂ ਅਤੇ ਇਤਿਹਾਸ ਬਾਰੇ ਦਿਖਾਈਆਂ ਜਾ ਰਹੀਆਂ ਦਸਤਾਵੇਜ਼ੀ ਵੀਡੀਓ ਪ੍ਰਤੀ ਵੀ ਸੰਗਤਾਂ ਵਿਚ ਭਾਰੀ ਉਤਸ਼ਾਹ ਹੈ।
ਇਹ ਨਗਰ ਕੀਰਤਨ ਅੱਜ ਰਾਤ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਬਿਹਾਰ ਵਿਖੇ ਪੁੱਜੇਗਾ, ਜਿਥੇ ਸ਼੍ਰੋਮਣੀ ਕਮੇਟੀ ਵੱਲੋਂ ਰਾਤ ਨੂੰ ਵਿਸ਼ੇਸ਼ ਤੌਰ ’ਤੇ ਗੁਰਮਤਿ ਸਮਾਗਮ ਹੋਣਗੇ। 29 ਅਗਸਤ ਨੂੰ ਨਗਰ ਕੀਰਤਨ ਆਪਣੇ ਅਗਲੇ ਪੜਾਅ ਗੁਰਦੁਆਰਾ ਚਾਚਾ ਫੱਗੂ ਮੱਲ ਜੀ, ਸਾਸਾਰਾਮ ਲਈ ਰਵਾਨਾ ਹੋਵੇਗਾ।
ਇਸ ਮੌਕੇ ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ. ਜਗਸੀਰ ਸਿੰਘ ਮਾਂਗੇਆਣਾ, ਮੀਤ ਸਕੱਤਰ ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਰਾਮ ਸਿੰਘ ਰਾਠੌਰ ਮੁੰਬਈ, ਇੰਚਾਰਜ ਸ. ਦਵਿੰਦਰ ਸਿੰਘ ਖੁਸ਼ੀਪੁਰ, ਮੈਨੇਜਰ ਸ. ਸਤਿੰਦਰ ਸਿੰਘ, ਭਾਈ ਜਗਦੇਵ ਸਿੰਘ, ਸਥਾਨਕ ਸਿੱਖ ਆਗੂ ਸ. ਗੁਰਦੀਪ ਸਿੰਘ, ਸ. ਇੰਦਰਜੀਤ ਸਿੰਘ ਟਾਟਾ ਨਗਰ, ਸ. ਗਗਨਦੀਪ ਸਿੰਘ, ਸ. ਕੁਲਤਾਰ ਸਿੰਘ, ਸ. ਪਰਮਜੀਤ ਸਿੰਘ, ਸ. ਹੈਪੀ ਸਿੰਘ ਸਮੇਤ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।












