ਮੋਹਾਲੀ, 29 ਅਗਸਤ,ਬੋਲੇ ਪੰਜਾਬ ਬਿਊਰੋ;
ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਮੋਹਾਲੀ ਇਲਾਕੇ ਤੋਂ ਇੱਕ ਸ਼ੂਟਰ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਗੈਂਗਸਟਰ ਦੀ ਪਛਾਣ ਵਿਪਿਨ ਕੁਮਾਰ ਵਜੋਂ ਹੋਈ ਹੈ, ਜੋ ਕਿ ਹੁਸ਼ਿਆਰਪੁਰ ਦੇ ਬਾਗਪੁਰ ਮੰਦਰ ਦਾ ਰਹਿਣ ਵਾਲਾ ਹੈ। ਪੁਲਿਸ ਨੇ ਉਸ ਕੋਲੋਂ ਇੱਕ ਪਿਸਤੌਲ ਅਤੇ 6 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।
ਇਸ ਸਬੰਧੀ ਜਾਣਕਾਰੀ ਪੰਜਾਬ ਪੁਲਿਸ ਦੇ ਡੀਜੀਪੀ ਨੇ (X) ‘ਤੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਦੇ ਅਨੁਸਾਰ, ਸ਼ੁਰੂਆਤੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗੈਂਗਸਟਰ ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਦੇ ਖਵਾਜਾ ਬਸਲ ਪਿੰਡ ਵਿੱਚ ਰਾਕੇਸ਼ ਕੁਮਾਰ ਉਰਫ ਗੱਗੀ ਦੇ ਕਤਲ ਵਿੱਚ ਸ਼ਾਮਲ ਮੁੱਖ ਸ਼ੂਟਰਾਂ ਵਿੱਚੋਂ ਇੱਕ ਸੀ। ਇਹ ਕਤਲ ਵਿਦੇਸ਼ੀ ਗੈਂਗਸਟਰਾਂ ਅਤੇ ਸਥਾਨਕ ਗੈਂਗਸਟਰਾਂ ਵਿਚਕਾਰ ਚੱਲ ਰਹੀ ਗੈਂਗਵਾਰ ਦਾ ਨਤੀਜਾ ਸੀ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗੈਂਗਸਟਰ ਵਿਦੇਸ਼ ਵਿੱਚ ਬੈਠੇ ਗੈਂਗਸਟਰ ਲਾਡੀ ਭੱਜਲ ਉਰਫ ਕੂਨਰ ਅਤੇ ਮੋਨੂੰ ਗੁੱਜਰ (ਰਵੀ ਬਲਾਚੌਰੀਆ ਗੈਂਗ) ਨਾਲ ਜੁੜਿਆ ਹੋਇਆ ਸੀ।
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਗੈਂਗਸਟਰ ਤੋਂ ਪੁੱਛਗਿੱਛ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਕਈ ਮਹੱਤਵਪੂਰਨ ਖੁਲਾਸੇ ਹੋਣ ਦੀ ਉਮੀਦ ਹੈ। ਪੁਲਿਸ ਹੁਣ ਉਸਦੇ ਨੈੱਟਵਰਕ ਅਤੇ ਵਿਦੇਸ਼ੀ ਹੈਂਡਲਰਾਂ ਨਾਲ ਉਸਦੇ ਸੰਪਰਕਾਂ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।












