ਫ਼ਾਜ਼ਿਲਕਾ, 12 ਸਤੰਬਰ,ਬੋਲੇ ਪੰਜਾਬ ਬਿਊਰੋ;
ਫ਼ਾਜ਼ਿਲਕਾ ਜ਼ਿਲ੍ਹੇ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਪੱਧਰ ’ਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਭੰਡਾਫੋੜ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਵੱਡੀ ਮਾਤਰਾ ਵਿੱਚ ਹਥਿਆਰ ਅਤੇ ਗੋਲਾਬਾਰੂਦ ਵੀ ਬਰਾਮਦ ਕੀਤਾ ਹੈ। ਖ਼ੁਲਾਸਾ ਹੋਇਆ ਹੈ ਕਿ ਇਹ ਮਾਡਿਊਲ ਪਾਕਿਸਤਾਨ ਨਾਲ ਸਿੱਧੇ ਤੌਰ ’ਤੇ ਜੁੜਿਆ ਹੋਇਆ ਸੀ।
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਦੀ ਪੂਰੀ ਸ਼ਹਿ ਮਿਲ ਰਹੀ ਸੀ। ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ 18 ਪਿਸਤੌਲ, 1847 ਜ਼ਿੰਦਾ ਕਾਰਤੂਸ ਅਤੇ 42 ਮੈਗਜ਼ੀਨ ਕਬਜ਼ੇ ਵਿੱਚ ਲਏ ਗਏ ਹਨ। ਇਹ ਹਥਿਆਰ ਪੰਜਾਬ ਵਿੱਚ ਗੈਂਗਸਟਰਵਾਦ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਵਧਾਉਣ ਲਈ ਲਿਆਂਦੇ ਜਾ ਰਹੇ ਸਨ।
ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਗਿਰੋਹ ਸਰਹੱਦ ਪਾਰ ਸਰਗਰਮ ਗੈਂਗਸਟਰਾਂ ਅਤੇ ਤਸਕਰਾਂ ਨਾਲ ਮਿਲ ਕੇ ਪੰਜਾਬ ਵਿੱਚ ਹਥਿਆਰਾਂ ਦੀ ਸਪਲਾਈ ਕਰ ਰਿਹਾ ਸੀ। ਦੋਸ਼ੀਆਂ ਤੋਂ ਪੁੱਛਗਿੱਛ ਜਾਰੀ ਹੈ ਤਾਂ ਜੋ ਉਨ੍ਹਾਂ ਦੇ ਵਿਦੇਸ਼ੀ ਹੈਂਡਲਰਾਂ ਅਤੇ ਪੰਜਾਬ ਵਿੱਚ ਫੈਲੇ ਨੈੱਟਵਰਕ ਬਾਰੇ ਹੋਰ ਜਾਣਕਾਰੀ ਮਿਲ ਸਕੇ।
ਡੀਜੀਪੀ ਗੌਰਵ ਯਾਦਵ ਨੇ ਸਪਸ਼ਟ ਕੀਤਾ ਹੈ ਕਿ ਇਸ ਨੈੱਟਵਰਕ ਦੇ ਹਰੇਕ ਸਾਥੀ ਦੀ ਪਛਾਣ ਕਰਕੇ ਇਸਨੂੰ ਪੂਰੀ ਤਰ੍ਹਾਂ ਤਬਾਹ ਕੀਤਾ ਜਾਵੇਗਾ। ਉਨ੍ਹਾਂ ਇਸ਼ਾਰਾ ਦਿੱਤਾ ਕਿ ਜਲਦੀ ਹੀ ਹੋਰ ਗ੍ਰਿਫ਼ਤਾਰੀਆਂ ਵੀ ਸੰਭਵ ਹਨ।












