ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਮਨਮਾੜ ਤੋਂ ਉਲ੍ਹਾਸਨਗਰ ਮੁੰਬਈ ਲਈ ਰਵਾਨਾ

ਪੰਜਾਬ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ

ਅੰਮ੍ਰਿਤਸਰ, 9 ਅਕਤੂਬਰ,ਬੋਲੇ ਪੰਜਾਬ ਬਿਊਰੋ;
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਲੰਗਰ ਸਾਹਿਬ ਮਨਮਾੜ ਤੋਂ ਆਪਣੇ ਅਗਲੇ ਪੜਾਅ ਸੁਲ੍ਹਾਸਨਗਰ ਮੁੰਬਈ ਲਈ ਰਵਾਨਾ ਹੋਇਆ।
ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਉਨ੍ਹਾਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਇਤਿਹਾਸ ਬਾਰੇ ਵਿਚਾਰ ਕਰਦਿਆਂ ਸੰਗਤਾਂ ਨੂੰ ਗੁਰਮਤਿ ਅਨੁਸਾਰੀ ਜੀਵਨ ਬਤੀਤ ਕਰਨ ਦੀ ਪ੍ਰੇਰਨਾ ਕੀਤੀ।
ਇਸੇ ਦੌਰਾਨ ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਨੇ ਵੀ ਹਾਜ਼ਰੀ ਭਰੀ। ਨਗਰ ਕੀਰਤਨ ਦੀ ਰਵਾਨਗੀ ਸਮੇਂ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਪੰਜ ਪਿਆਰੇ ਸਾਹਿਬਾਨ ਅਤੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ। ਨਗਰ ਕੀਰਤਨ ਪ੍ਰਤੀ ਸੰਗਤਾਂ ਵਿੱਚ ਵੱਡਾ ਉਤਸ਼ਾਹ ਸੀ ਅਤੇ ਰਸਤੇ ਵਿਚ ਵੱਖ-ਵੱਖ ਥਾਵਾਂ ’ਤੇ ਸੰਗਤਾਂ ਵੱਲੋਂ ਸ਼ਰਧਾ ਨਾਲ ਸਵਾਗਤ ਕੀਤਾ ਗਿਆ। ਇਸੇ ਦੌਰਾਨ ਸੰਗਤਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ’ਤੇ ਫੁੱਲਾਂ ਦੀ ਵਰਖਾ ਕਰਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ। ਨਾਸਕ ਤੋਂ ਵਿਧਾਇਕ ਸੀਮਾ ਮਹੇਸ਼ ਹਿਰੇ ਤੇ ਹੋਰ ਸਥਾਨਕ ਆਗੂਆਂ ਨੇ ਵੀ ਨਗਰ ਕੀਰਤਨ ਦੌਰਾਨ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਪ੍ਰਗਟਾਈ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ. ਗੁਰਿੰਦਰਪਾਲ ਸਿੰਘ ਗੋਰਾ, ਜਥੇਦਾਰ ਮੰਗਵਿੰਦਰ ਸਿੰਘ ਖਾਪੜਖੇੜੀ, ਜਥੇਦਾਰ ਬਾਵਾ ਸਿੰਘ ਗੁਮਾਨਪੁਰਾ, ਸ. ਅਮਰਜੀਤ ਸਿੰਘ ਬੰਡਾਲਾ, ਸ. ਅਮਰਜੀਤ ਸਿੰਘ ਭਲਾਈਪੁਰ, ਬਾਬਾ ਰਣਜੀਤ ਸਿੰਘ ਤੇ ਬਾਬਾ ਧੀਰਜ ਸਿੰਘ, ਮੀਤ ਸਕੱਤਰ ਸ. ਗੁਰਦਿਆਲ ਸਿੰਘ, ਸ. ਰਾਮ ਸਿੰਘ ਰਾਠੌਰ, ਇੰਚਾਰਜ ਸ. ਮਲਕੀਤ ਸਿੰਘ, ਵਧੀਕ ਮੈਨੇਜਰ ਸ. ਯੁਵਰਾਜ ਸਿੰਘ, ਸਹਾਇਕ ਸੁਪ੍ਰਿੰਟੈਂਡੈਂਟ ਸ. ਪ੍ਰਭਜੋਤ ਸਿੰਘ ਸਮੇਤ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।