ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਗੁਰਦੁਆਰਾ ਥੰਮ੍ਹ ਜੀ ਸਾਹਿਬ ਕਰਤਾਰਪੁਰ ਤੋਂ ਗੁਰਦੁਆਰਾ ਸੁਖਚੈਨਆਣਾ ਸਾਹਿਬ ਫਗਵਾੜਾ ਲਈ ਰਵਾਨਾ

ਪੰਜਾਬ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ :
ਅੰਮ੍ਰਿਤਸਰ, 13 ਨਵੰਬਰ,ਬੋਲੇ ਪੰਜਾਬ ਬਿਊਰੋ;
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਥੰਮ੍ਹ ਜੀ ਸਾਹਿਬ ਕਰਤਾਰਪੁਰ ਤੋਂ ਅਗਲੇ ਪੜਾਅ ਗੁਰਦੁਆਰਾ ਸੁਖਚੈਨਆਣਾ ਸਾਹਿਬ ਫਗਵਾੜਾ ਲਈ ਰਵਾਨਾ ਹੋਇਆ। ਨਗਰ ਕੀਰਤਨ ਦੀ ਰਵਾਨਗੀ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਮੈਂਬਰ ਸ. ਰਣਜੀਤ ਸਿੰਘ ਕਾਹਲੋਂ, ਸ. ਜਰਨੈਲ ਸਿੰਘ ਡੋਗਰਾਂਵਾਲਾ, ਬੀਬੀ ਗੁਰਮੀਤ ਕੌਰ ਭਟਨੂਰਾ ਲੁਬਾਣਾ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤ ਹਾਜ਼ਰ ਸਨ।
ਇਸ ਮੌਕੇ ਗੁਰਦੁਆਰਾ ਥੰਮ੍ਹ ਜੀ ਸਾਹਿਬ ਕਰਤਾਰਪੁਰ ਵਿਖੇ ਸਜੇ ਧਾਰਮਿਕ ਦੀਵਾਨ ਮੌਕੇ ਰਾਗੀ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਸੰਗਤਾਂ ਨਾਲ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦੇ ਇਤਿਹਾਸ ਦੀ ਸਾਂਝ ਪਾਈ। ਨਗਰ ਕੀਰਤਨ ਦੀ ਰਵਾਨਗੀ ਮੌਕੇ ਪਾਲਕੀ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸ਼ਸ਼ੋਭਿਤ ਕਰਨ ਦੀ ਸੇਵਾ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿਭਾਈ। ਰਵਾਨਗੀ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਪੰਜ ਪਿਆਰੇ ਸਾਹਿਬਾਨ ਅਤੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ।
ਇਸ ਮੌਕੇ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਸਾਕੇ ਦੀ ਸ਼ਤਾਬਦੀ ਨੂੰ ਸਮਰਪਿਤ ਨਗਰ ਕੀਰਤਨ ਦਾ ਮਕਸਦ ਗੁਰੂ ਸਾਹਿਬ ਦੀ ਸ਼ਹਾਦਤ ਦੇ ਸੰਕਲਪ ਨੂੰ ਦੇਸ਼ ਦੁਨੀਆਂ ਅੰਦਰ ਪ੍ਰਚਾਰਨਾ ਹੈ। ਸੰਗਤਾਂ ਦਾ ਨਗਰ ਕੀਰਤਨ ਪ੍ਰਤੀ ਉਤਸ਼ਾਹ ਇਸ ਦੀ ਸਫਲਤਾ ਨੂੰ ਬਿਆਨ ਕਰਦਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦਾ ਇਤਿਹਾਸਕ ਸਮਾਂ ਸਾਡੇ ਜੀਵਨ ਕਾਲ ਵਿਚ ਆਇਆ ਹੈ ਅਤੇ ਹਰ ਸਿੱਖ ਦਾ ਫ਼ਰਜ਼ ਹੈ ਕਿ ਉਹ ਗੁਰੂ ਸਾਹਿਬ ਦੀ ਸ਼ਹਾਦਤ ਨੂੰ ਸਮਰਪਿਤ ਸ੍ਰੀ ਅਨੰਦਪੁਰ ਸਾਹਿਬ ਵਿਖੇ 23 ਨਵੰਬਰ ਤੋਂ 29 ਨਵੰਬਰ ਤੱਕ ਹੋ ਰਹੇ ਸਮਾਗਮਾਂ ਵਿਚ ਪਰਿਵਾਰਾਂ ਸਮੇਤ ਸ਼ਮੂਲੀਅਤ ਕਰੇ।
ਰਸਤੇ ਵਿਚ ਵੱਖ ਵੱਖ ਪੜਾਵਾਂ ਤੇ ਤੇ ਸੰਗਤਾਂ ਨੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ। ਜਲੰਧਰ ਸ਼ਹਿਰ ਵਿਚ ਵੀ ਸੰਗਤਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ। ਇਸ ਦੌਰਾਨ ਵੱਖ ਵੱਖ ਸਕੂਲਾਂ ਦੇ ਬੱਚਿਆਂ ਨੇ ਵੀ ਸ਼ਮੂਲੀਅਤ ਕੀਤੀ। ਰਸਤੇ ਵਿਚ ਸੀਆਰਪੀਐਫ ਦੇ ਜਵਾਨਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਲਾਮੀ ਦੇ ਕੇ ਸਤਿਕਾਰ ਭੇਟ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਮਨਜੀਤ ਸਿੰਘ ਤਲਵੰਡੀ, ਇੰਚਾਰਜ ਸ. ਹਰਜਿੰਦਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ, ਸੁਪਰਵਾਈਜ਼ਰ ਸ. ਲਾਲ ਸਿੰਘ, ਸ. ਸੁਖਰਾਜ ਸਿੰਘ ਤੇ ਸ. ਗੁਰਮੀਤ ਸਿੰਘ, ਗੁ: ਇੰਸਪੈਕਟਰ ਸ. ਰਣਜੀਤ ਸਿੰਘ, ਸ. ਸ਼ਰਨਜੀਤ ਸਿੰਘ ਤੇ ਸ. ਮਲਕੀਤ ਸਿੰਘ ਸਮੇਤ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।