350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ਼ਹੀਦ ਬੁੰਗਾ ਸ੍ਰੀ ਨਗਰ ਵਿਖੇ ਗੁਰਮਤਿ ਸਮਾਗਮ
ਸ੍ਰੀ ਨਗਰ/ਅੰਮ੍ਰਿਤਸਰ 14 ਨਵੰਬਰ ,ਬੋਲੇ ਪੰਜਾਬ ਬਿਊਰੋ;
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੰਮੂ ਕਸ਼ਮੀਰ ਦੀਆਂ ਗੁਰਦੁਆਰਾ ਕਮੇਟੀਆਂ ਦੇ ਸਹਿਯੋਗ ਨਾਲ ਅੱਜ ਗੁਰਦੁਆਰਾ ਸ਼ਹੀਦ ਬੁੰਗਾ ਸ੍ਰੀ ਨਗਰ ਵਿਖੇ ਗੁਰਮਤਿ ਸਮਾਗਮ ਕਰਵਾਏ ਗਏ। ਇਸ ਸਮਾਗਮ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਸਮੇਤ ਪ੍ਰਮੁੱਖ ਸਖਸ਼ੀਅਤਾਂ ਨੇ ਸ਼ਮੂਲੀਅਤ ਕਰਦਿਆਂ ਸੰਗਤਾਂ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸ਼ਤਾਬਦੀ ਸਮਾਗਮਾਂ ਵਿੱਚ ਸਮੂਲੀਅਤ ਕਰਨ ਦੀ ਪ੍ਰੇਰਨਾ ਕੀਤੀ।
ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਕਥਾ ਵਿਚਾਰਾਂ ਕੀਤੀਆਂ ਅਤੇ ਹਜੂਰੀ ਰਾਗੀ ਭਾਈ ਹਰਭਿੰਦਰ ਸਿੰਘ ਅਤੇ ਭਾਈ ਮਨਦੀਪ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ।
ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੀਨਗਰ ਦੇ ਸਿੱਖਾਂ ਨੇ ਗੁਰੂ ਸਾਹਿਬ ਦੀ ਸਿੱਖੀ ਤੇ ਗੁਰਮਤਿ ਦੇ ਪਵਿੱਤਰ ਸਿਧਾਂਤਾਂ ਨੂੰ ਬਹੁਤ ਹੀ ਚੰਗੀ ਤਰ੍ਹਾਂ ਸੰਭਾਲਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਦੋ ਵਿਸ਼ਾਲ ਨਗਰ ਕੀਰਤਨ ਸਜਾਏ ਜਾਣ ਦਾ ਫੈਸਲਾ ਹੋਇਆ, ਇੱਕ ਗੁਰਦੁਆਰਾ ਸ੍ਰੀ ਧੋਬੜੀ ਸਾਹਿਬ ਤੋਂ ਅਤੇ ਦੂਜਾ ਗੁਰਦੁਆਰਾ ਸ੍ਰੀ ਮਟਨ ਸਾਹਿਬ ਤੋਂ ਜੋ 15 ਨਵੰਬਰ ਨੂੰ ਸਜਾਇਆ ਜਾ ਰਿਹਾ ਹੈ। ਉਨ੍ਹਾਂ ਸਮੂਹ ਸੰਗਤ ਨੂੰ ਇਸ ਨਗਰ ਕੀਰਤਨ ਦੇ ਨਾਲ ਨਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ 23 ਤੋਂ 29 ਨਵੰਬਰ ਤੱਕ ਹੋਣ ਵਾਲੇ ਸ਼ਤਾਬਦੀ ਸਮਾਗਮਾਂ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪੁਰਾਤਨ ਸਿੱਖਾਂ ਨੇ ਗੁਰੂ ਸਾਹਿਬਾਨ ਤੇ ਗੁਰਮਤਿ ਨੂੰ ਸਮਰਪਣ ਵਾਲੀਆਂ ਸਿੱਖੀ ਦੀਆਂ ਬਹੁਤ ਵਿਸ਼ਾਲ ਪੈੜਾਂ ਛੱਡੀਆਂ ਹਨ ਜਿਨ੍ਹਾਂ ਨੂੰ ਸੰਭਾਲਣ ਦੀ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਤੋਂ ਬਾਅਦ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਿੱਖਾਂ ਨੂੰ ਖਾਲਸਾ ਪੰਥ ਦੇ ਰੂਪ ਵਿੱਚ ਬਹੁਤ ਹੀ ਮਹਾਨ ਸੰਕਲਪ ਦਿੱਤਾ ਅਤੇ ਸਾਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਬਾਣੀ ਨਾਲ ਜੋੜ ਕੇ ਸਾਡਾ ਜੀਵਨ ਸਫ਼ਲ ਕੀਤਾ ਹੈ। ਦਸਮ ਪਾਤਸ਼ਾਹ ਜੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਸਿਧਾਂਤਾਂ ਅਨੁਸਾਰ ਜਾਤ-ਪਾਤ, ਊਚ ਨੀਚ ਤੋਂ ਰਹਿਤ ਖ਼ਾਲਸਾ ਸਿਰਜ ਕੇ ਲੋਕਾਈ ਨੂੰ ਬਰਾਬਰੀ ਦਾ ਉਦੇਸ਼ ਬਖਸ਼ਿਸ਼ ਕੀਤਾ। ਉਨ੍ਹਾਂ ਕਿਹਾ ਕਿ ਇਹ ਸ਼ਤਾਬਦੀ ਸਮਾਗਮ ਮਨਾਏ ਜਾਣੇ ਉਦੋਂ ਹੀ ਸਫਲ ਹੁੰਦੇ ਹਨ ਜਦੋਂ ਅਸੀਂ ਗੁਰੂ ਸਿਧਾਂਤ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਗੁਰਬਾਣੀ ਨੂੰ ਆਪਣੇ ਜੀਵਨ ਵਿੱਚ ਧਾਰਨ ਕਰੀਏ। ਉਨ੍ਹਾਂ ਸਮਾਗਮਾਂ ਵਿੱਚ ਸਹਿਯੋਗ ਲਈ ਕਸ਼ਮੀਰ ਦੀ ਸਿੱਖ ਸੰਗਤ ਤੇ ਸ੍ਰੀਨਗਰ, ਬਡਗਾਮ ਜ਼ਿਲ੍ਹਾ ਪ੍ਰਬੰਧਕ ਕਮੇਟੀਆਂ ਦਾ ਵਿਸ਼ੇਸ਼ ਧੰਨਵਾਦ ਕੀਤਾ। ਐਡਵੋਕੇਟ ਧਾਮੀ ਨੇ ਜੰਮੂ ਕਸ਼ਮੀਰ ਦੀ ਸਰਕਾਰ ਤੇ ਲੈਫ਼ਟੀਨੈਂਟ ਗਵਰਨਰ ਸ੍ਰੀ ਮਨੋਜ ਸਿਨਹਾ ਤੇ ਮੁੱਖ ਮੰਤਰੀ ਸ੍ਰੀ ਓਮਰ ਅਬਦੁੱਲਾ ਦਾ ਵੀ ਨਗਰ ਕੀਰਤਨ ਦੇ ਪ੍ਰਬੰਧਾਂ ਲਈ ਸਹਿਯੋਗ ਕਰਨ ਲਈ ਵਿਸ਼ੇਸ਼ ਰੂਪ ਵਿੱਚ ਧੰਨਵਾਦ ਕੀਤਾ।
ਹਾਜ਼ਰ ਸੰਗਤ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਿਹੜੇ ਉਚੇਚੇ ਸਮਾਗਮ ਉਲੀਕੇ ਹਨ ਇਹ ਬਹੁਤ ਵੱਡੇ ਹਨ। ਅੱਜ ਦਾ ਸਮਾਗਮ ਬਹੁਤ ਵੱਡਾ ਹੈ ਕਿਉਂਕਿ ਇਹ ਉਸ ਧਰਤੀ ਉੱਤੇ ਕਰਵਾਇਆ ਜਾ ਰਿਹਾ ਹੈ ਜਿੱਥੋਂ ਕਸ਼ਮੀਰੀ ਪੰਡਤ ਸ੍ਰੀ ਗੁਰੂ ਤੇਗ਼ ਬਹਾਦਰ ਜੀ ਕੋਲ ਆਪਣੀ ਅਰਜੋਈ ਲੈ ਕੇ ਗਏ ਸਨ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਜੰਮੂ ਕਸ਼ਮੀਰ ਦੇ ਸਿੱਖ ਅੱਜ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਤੇ ਗੁਰੂ ਪੰਥ ਵੱਲ ਮੁੱਖ ਰੱਖਦੇ ਹਨ। ਉਨ੍ਹਾਂ ਕਸ਼ਮੀਰ ਦੀ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ ਉਹ ਭਲਕੇ ਅਰੰਭ ਹੋਣ ਵਾਲੇ ਇਤਿਹਾਸਕ ਸ਼ਹੀਦੀ ਨਗਰ ਕੀਰਤਨ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ। ਉਨ੍ਹਾਂ ਕਸ਼ਮੀਰ ਦੇ ਸਿੱਖਾਂ ਨੂੰ ਇੱਕ ਪਰਿਵਾਰ ਵਾਂਗ ਇਕਜੁੱਟ ਰਹਿਣ ਦਾ ਸੰਦੇਸ਼ ਵੀ ਦਿੱਤਾ।
ਜਥੇਦਾਰ ਗੜਗੱਜ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਪਾਤਸ਼ਾਹ ਨੇ ਮਨੁੱਖੀ ਅਧਿਕਾਰਾਂ ਅਤੇ ਧਾਰਮਿਕ ਅਜ਼ਾਦੀ ਲਈ ਸ਼ਹਾਦਤ ਦਿੱਤੀ ਇਹ ਦੁਨੀਆ ਲਈ ਬੇਮਿਸਾਲ ਹੈ। ਗੁਰੂ ਦੇ ਅਨਿੰਨ ਸਿੱਖ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਨਾ ਲਾਲਚ ਦੇ ਅੱਗੇ ਝੁਕੇ, ਨਾ ਡਰ ਅੱਗੇ, ਸਗੋਂ ਸ਼ਹਾਦਤ ਵੇਲੇ ਵੀ ਉਨ੍ਹਾਂ ਆਪਣਾ ਮੁੱਖ ਗੁਰੂ ਵੱਲ ਰੱਖਿਆ। ਅੱਜ ਵੀ ਕਸ਼ਮੀਰ ਦੇ ਸਿੱਖ ਗੁਰੂ ਗ੍ਰੰਥ ਤੇ ਗੁਰੂ ਪੰਥ ਵੱਲ ਮੁੱਖ ਰੱਖ ਕੇ ਬੈਠੇ ਹਨ, ਇਹ ਮਾਣ ਵਾਲੀ ਗੱਲ ਹੈ। ਉਨ੍ਹਾਂ ਗੁਰਦੁਆਰਾ ਮਟਨ ਸਾਹਿਬ ਵਿਖੇ ਜ਼ਮੀਨੀ ਵਿਵਾਦ ਬਾਰੇ ਕਿਹਾ ਕਿ 350 ਸਾਲਾ ਸ਼ਹੀਦੀ ਸ਼ਤਾਬਦੀ ਸਮੇਂ ਸਰਕਾਰ ਦਾ ਫਰਜ਼ ਹੈ ਕਿ ਗੁਰੂ ਘਰ ਦੀ ਸੰਭਾਲ ਕਰੀਏ, ਗੁਰਦੁਆਰਿਆਂ ਦੀ ਅਸਲ ਥਾਂ ਵਾਪਸ ਕਰੀਏ। ਉਨ੍ਹਾਂ ਕਿਹਾ ਕਿ ਜੇ ਅਸੀਂ ਇੱਕਜੁੱਟ ਹੋਈਏ ਤਾਂ ਅਸੀਂ ਤਕੜੇ ਹਾਂ। ਇੱਕ ਪਰਿਵਾਰ ਵਾਂਗ ਰਹੀਏ, ਇੱਕ ਦੂਜੇ ਦਾ ਸਤਿਕਾਰ ਕਰੀਏ ਤੇ ਕਿਸੇ ਕਿਸਮ ਦੇ ਧੱਕੇ ਮੌਕੇ ਇਕੱਠੇ ਖੜ੍ਹੀਏ। ਇਹ ਉਹੀ ਕਸ਼ਮੀਰ ਦੀ ਧਰਤੀ ਹੈ ਜਿੱਥੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਤੇ ਸਰਦਾਰ ਹਰੀ ਸਿੰਘ ਨਲੂਆ ਨੇ ਮਨੁੱਖਤਾ ਦੇ ਦਿਲ ਜਿੱਤੇ। ਆਪਾਂ ਵੀ ਨੇਕ ਕਾਰਜ ਕਰੀਏ ਤੇ ਲੋਕਾਂ ਦੇ ਦਿਲ ਜਿੱਤਦਿਆਂ ‘ਸਰਬੱਤ ਦਾ ਭਲਾ’ ਕਰੀਏ। ਇਹੀ ਗੁਰੂ ਦੀ ਰਜ਼ਾ ਹੈ।”
ਇਸ ਮੌਕੇ ਜੰਮੂ ਕਸ਼ਮੀਰ ਦੇ ਸਿੱਖ ਭਾਈਚਾਰੇ ਨਾਲ ਸਬੰਧਤ ਮਾਮਲਿਆਂ ਵਿਚ ਸਹਿਯੋਗ ਕਰਨ ਵਾਲੇ ਆਈਏਐਸ ਡਾ. ਸਹਿਰਿਸ ਅਸਗਰ ਤੇ ਡਾ. ਅਬੀਦ ਰਾਸਿਦ ਅਤੇ ਸ. ਰਵਿੰਦਰਪਾਲ ਸਿੰਘ ਐਸ ਐਸ ਪੀ ਟ੍ਰੈਫਿਕ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਰ, ਬੀਬੀ ਹਰਜਿੰਦਰ ਕੌਰ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਸ. ਗੁਰਨਾਮ ਸਿੰਘ, ਸ. ਸੁਖਬੀਰ ਸਿੰਘ, ਸੁਪਰਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਸਤਨਾਮ ਸਿੰਘ ਰਿਆੜ, ਸ. ਜਗਦੀਸ਼ ਸਿੰਘ ਬੁੱਟਰ ਚੀਫ 85, ਸ. ਜਸਕਰਨ ਸਿੰਘ, ਸ. ਗੁਰਜੀਤ ਸਿੰਘ ਪ੍ਰਧਾਨ ਜਿਲ੍ਹਾ ਗੁਰਦੁਆਰਾ ਕਮੇਟੀ ਬੜਗਾਮ, ਸ. ਗੁਰਮੀਤ ਸਿੰਘ ਬਾਲੀ ਜਨਰਲ ਸਕੱਤਰ ਜਿਲ੍ਹਾ ਗੁਰਦੁਆਰਾ ਕਮੇਟੀ ਸ਼੍ਰੀਨਗਰ, ਸ. ਜਸਪਾਲ ਸਿੰਘ ਪ੍ਰਧਾਨ ਜਿਲ੍ਹਾ ਗੁਰਦੁਆਰਾ ਕਮੇਟੀ ਸ੍ਰੀ ਨਗਰ, ਸ. ਗੁਰਮੀਤ ਸਿੰਘ ਮੀਤ ਪ੍ਰਧਾਨ ਜਿਲ੍ਹਾ ਗੁਰਦੁਆਰਾ ਕਮੇਟੀ ਬੜਗਾਮ, ਸ. ਜਸਬੀਰ ਸਿੰਘ ਕੋਆਰਡੀਨੇਟਰ ਜਿਲ੍ਹਾ ਗੁਰਦੁਆਰਾ ਕਮੇਟੀ ਸ੍ਰੀ ਨਗਰ, ਸੁਖਬੀਰ ਸਿੰਘ ਮੈਂਬਰ ਸ. ਅਮਰਜੀਤ ਸਿੰਘ ਮੀਤ ਪ੍ਰਧਾਨ ਸ. ਪਰਮਜੀਤ ਸਿੰਘ ਖਜਾਨਚੀ ਲਖਵਿੰਦਰ ਸਿੰਘ ਖਜਾਨਚੀ, ਸ. ਪਰਮਜੀਤ ਸਿੰਘ ਪ੍ਰਧਾਨ ਜਿਲ੍ਹਾ ਗੁਰਦੁਆਰਾ ਕਮੇਟੀ ਬਾਰਾਮੂਲਾ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।














