ਅੰਮ੍ਰਿਤਸਰ, 4 ਦਸੰਬਰ, ਬੋਲੇ ਪੰਜਾਬ ਬਿਊਰੋ :
ਅੰਮ੍ਰਿਤਸਰ-ਪਠਾਨਕੋਟ ਰਾਸ਼ਟਰੀ ਮਾਰਗ ’ਤੇ ਗੋਪਾਲਪੁਰਾ ਨਜ਼ਦੀਕ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਇੱਕ ਪ੍ਰਾਈਵੇਟ ਬੱਸ ਅਤੇ ਟਿੱਪਰ ਦੀ ਜ਼ਬਰਦਸਤ ਟੱਕਰ ਹੋ ਗਈ। ਹਾਦਸੇ ਵਿਚ ਮੌਕੇ ’ਤੇ ਹੀ 10 ਸਵਾਰੀਆਂ ਦੀ ਮੌਤ ਹੋ ਗਈ, ਜਦਕਿ 30 ਤੋਂ ਵੱਧ ਲੋਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਹਨ। ਜ਼ਖ਼ਮੀਆਂ ਵਿੱਚੋਂ ਕਈਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ, ਜਿਸ ਕਰਕੇ ਮੌਤਾਂ ਦੀ ਗਿਣਤੀ ਵਧਣ ਦਾ ਖਦਸ਼ਾ ਹੈ।
ਚਸ਼ਮਦੀਦਾਂ ਅਨੁਸਾਰ, ਟਿੱਪਰ ਆਪਣੇ ਡੰਪ ਵੱਲ ਮੁੜਨ ਲਈ ਬਿਨਾਂ ਕੋਈ ਸੰਕੇਤ ਦਿੱਤੇ ਅਤੇ ਬਿਨਾਂ ਟ੍ਰੈਫ਼ਿਕ ਦਾ ਧਿਆਨ ਰੱਖੇ ਸੜਕ ਪਾਰ ਕਰਨ ਲੱਗ ਪਿਆ। ਇਸੇ ਵੇਲੇ ਪਠਾਨਕੋਟ ਤੋਂ ਅੰਮ੍ਰਿਤਸਰ ਆ ਰਹੀ ਬੀਟੀਸੀ ਕੰਪਨੀ ਦੀ ਪ੍ਰਾਈਵੇਟ ਬੱਸ ਤੇਜ਼ ਰਫ਼ਤਾਰ ਨਾਲ ਆਉਂਦੀ ਹੋਈ ਟਿੱਪਰ ਨਾਲ ਜਾ ਟਕਰਾਈ। ਟੱਕਰ ਇੰਨੀ ਭਿਆਨਕ ਸੀ ਕਿ ਬੱਸ ਦਾ ਅੱਗਲਾ ਹਿੱਸਾ ਪੂਰੀ ਤਰ੍ਹਾਂ ਨੁਕਸਾਨਿਆ ਗਿਆ।
ਹਾਦਸੇ ਤੋਂ ਬਾਅਦ ਸਥਾਨਕ ਲੋਕਾਂ ਅਤੇ ਪੁਲਿਸ ਨੇ ਰਾਹਤ ਕਾਰਜ ਸ਼ੁਰੂ ਕਰਦੇ ਹੋਏ ਜ਼ਖ਼ਮੀਆਂ ਨੂੰ ਨਜ਼ਦੀਕੀ ਹਸਪਤਾਲਾਂ ਵਿਚ ਭਰਤੀ ਕਰਵਾਇਆ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।












