ਸੰਗਰੂਰ, 6 ਦਸੰਬਰ ,ਬੋਲੇ ਪੰਜਾਬ ਬਿਊਰੋ;
ਵਿਧਾਨ ਸਭਾ ਚੋਣਾਂ 2022 ਵਿੱਚ ਭਰਤੀ ਕੈਲੰਡਰ ਲਾਗੂ ਕਰਨ ਦੇ ਵਾਅਦੇ ਕਰਕੇ ਸੱਤਾ ਉੱਤੇ ਕਾਬਜ਼ ਹੋਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੌਣੇ ਚਾਰ ਸਾਲਾਂ ਵਿੱਚ ਇੱਕ ਵੀ ਭਰਤੀ ਸਿੱਖਿਆ ਵਿਭਾਗ ਵਿੱਚ ਨਹੀਂ ਕੀਤੀ।
ਸਿਹਤ ਵਿਭਾਗ ਵਿੱਚ ਜਾਰੀ ਕੀਤੀਆਂ ਮਾਮੂਲੀ ਪੋਸਟਾਂ ਵਿੱਚ ਉਮਰ ਹੱਦ ਛੋਟ ਨਹੀਂ ਦਿੱਤੀ। ਇਸ ਲਈ ਸਰਕਾਰ ਦੇ ਲਾਰਿਆਂ ਤੋਂ ਅੱਕੇ ਹੋਏ ਬੇਰੁਜ਼ਗਾਰ 7 ਦਸੰਬਰ ਨੂੰ ਸਥਾਨਕ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨਗੇ।
ਉਕਤ ਜਾਣਕਾਰੀ ਬੇਰੁਜ਼ਗਾਰ ਸਾਂਝੇ ਮੋਰਚੇ ਦੇ ਸੂਬਾ ਕਨਵੀਨਰ ਸੁਖਵਿੰਦਰ ਸਿੰਘ ਢਿੱਲਵਾਂ, ਰਮਨ ਕੁਮਾਰ ਮਲੋਟ, ਅਮਨਦੀਪ ਸਿੰਘ ਸੇਖਾ, ਹਰਜਿੰਦਰ ਝੁਨੀਰ ਅਤੇ ਹਰਜਿੰਦਰ ਸਿੰਘ ਬੁਢਲਾਡਾ ਨੇ ਦਿੱਤੀ। ਉਹਨਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿਛਲੀਆਂ ਸਰਕਾਰਾਂ ਮੌਕੇ ਬੇਰੁਜ਼ਗਾਰਾਂ ਉੱਤੇ ਹੁੰਦੇ ਅੱਤਿਆਚਾਰ ਖਿਲਾਫ ਖੂਬ ਵਿਅੰਗ ਕੀਤੇ ਸਨ।
ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਉਪਰੰਤ ਸੂਬੇ ਵਿੱਚ ਭਰਤੀ ਕੈਲੰਡਰ ਲਾਗੂ ਕਰਨ, ਟੈਂਕੀਆਂ ਤੋਂ ਬੇਰੁਜ਼ਗਾਰਾਂ ਦਾ ਛੁਟਕਾਰਾ ਦਿਵਾਉਣ, ਉਮਰ ਲੰਘਾ ਚੁੱਕੇ ਬੇਰੁਜ਼ਗਾਰਾਂ ਨੂੰ ਉਪਰਲੀ ਉਮਰ ਸੀਮਾ ਵਿੱਚ ਛੋਟ ਦੇਣ ਅਤੇ ਹੋਰ ਮੰਗਾਂ ਨੂੰ ਲਾਗੂ ਕਰਨ ਦਾ ਵਾਅਦਾ ਕੀਤਾ ਸੀ।
ਹੁਣ ਜਦੋਂ ਕਰੀਬ ਪੌਣੇ ਚਾਰ ਸਾਲ ਬੀਤ ਚੁੱਕੇ ਹਨ ਤਾਂ ਸਿੱਖਿਆ ਵਿਭਾਗ ਵਿੱਚ ਨਰਸਰੀ, ਪ੍ਰਾਇਮਰੀ, ਮਾਸਟਰ ਕੇਡਰ, ਲੈਕਚਰਾਰ ਅਤੇ ਸਹਾਇਕ ਪ੍ਰੋਫੈਸਰ ਤੱਕ ਦੀ ਇੱਕ ਵੀ ਅਸਾਮੀ ਜਾਰੀ ਨਹੀਂ ਕੀਤੀ ਅਤੇ ਨਾ ਹੀ ਪਿੱਛਲੇ ਲਗਭਗ ਚਾਰ ਸਾਲਾਂ ਤੋਂ 250 ਆਰਟ ਐਂਡ ਕਰਾਫਟ ਟੀਚਰ ਭਰਤੀ ਦਾ ਪੇਪਰ ਲਿਆ ਹੈ।
ਉੱਧਰ ਹਰੇਕ 31 ਦਸੰਬਰ ਨੂੰ ਹਜ਼ਾਰਾਂ ਬੇਰੁਜ਼ਗਾਰ ਆਪਣੀ ਉੱਪਰਲੀ ਉਮਰ ਸੀਮਾ ਪਾਰ ਕਰ ਰਹੇ ਹਨ, ਪ੍ਰੰਤੂ ਆਮ ਆਦਮੀ ਪਾਰਟੀ ਸਰਕਾਰ ਪੂਰੀ ਤਰ੍ਹਾਂ ਗੂੰਗੀ ਬਣੀ ਹੋਈ ਹੈ। ਇਸ ਲਈ ਭਾਵੇਂ ਪਿਛਲੀਆਂ ਜਿਮਨੀ ਚੋਣਾਂ ਵਿੱਚ ਸਰਕਾਰ ਨੇ ਫਿਰ ਲਾਰੇ ਲਾਏ ਸਨ, ਪਰ ਉਹਨਾਂ ਦੀ ਇੱਕ ਵੀ ਮੰਗ ਪੂਰੀ ਨਹੀਂ ਕੀਤੀ ਗਈ। ਇਸ ਲਈ ਬੇਰੁਜ਼ਗਾਰ ਸਾਂਝੇ ਮੋਰਚੇ ਵੱਲੋਂ 7 ਦਸੰਬਰ ਨੂੰ ਸਥਾਨਕ ਮੁੱਖ ਮੰਤਰੀ ਦੀ ਕੋਠੀ ਅੱਗੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਇਸ ਸਬੰਧੀ ਬੇਰੁਜ਼ਗਾਰ ਵੇਰਕਾ ਪਲਾਂਟ ਤੋਂ ਇਕੱਠੇ ਹੋ ਕੇ ਕਰੀਬ 12 ਵਜੇ ਮੁੱਖ ਮੰਤਰੀ ਦੀ ਕੋਠੀ ਅੱਗੇ ਰੋਸ ਮੁਜ਼ਾਹਰਾ ਕਰਨਗੇ। ਉਨ੍ਹਾਂ ਅੱਗੇ ਦੱਸਿਆ ਕਿ ਉਹ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਰੁਜ਼ਗਾਰ ਦੇ ਮੁੱਦੇ ਉੱਤੇ ਸਵਾਲ ਕਰਨਗੇ।












