ਦਿੱਲੀ ਗੁਰਦੁਆਰਾ ਕਮੇਟੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਦੀ ਸੰਪੂਰਨਤਾ ’ਤੇ ਵੀ ਕਰੇਗੀ ਵੱਡੇ ਸਮਾਗਮ : ਕਾਲਕਾ, ਕਾਹਲੋਂ

ਨੈਸ਼ਨਲ ਪੰਜਾਬ

ਨਵੀਂ ਦਿੱਲੀ, 6 ਦਸੰਬਰ ਬੋਲੇ ਪੰਜਾਬ ਬਿਉਰੋ(ਮਨਪ੍ਰੀਤ ਸਿੰਘ ਖਾਲਸਾ):

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਿਸ ਤਰੀਕੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸਮਾਗਮ ਲਾਲ ਕਿਲ੍ਹੇ ’ਤੇ ਵੱਡੇ ਪੱਧਰ ’ਤੇ ਮਨਾਏ ਗਏ ਹਨ, ਇਸੇ ਤਰੀਕੇ ਸਾਲ ਭਰ ਚੱਲਣ ਵਾਲੇ ਸਮਾਗਮਾਂ ਮਗਰੋਂ ਸੰਪੂਰਨਤਾ ਸਮਾਗਮ ਵੀ ਵੱਡੇ ਪੱਧਰ ’ਤੇ ਮਨਾਏ ਜਾਣਗੇ। ਇਹ ਪ੍ਰਗਟਾਵਾ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕੀਤਾ ਹੈ। ਗੁਰਦੁਆਰਾ ਮਾਤਾ ਸੁੰਦਰੀ ਜੀ ਵਿਖੇ ਗੁਰਮਤਿ ਸੰਗੀਤ ਅਕੈਡਮੀ ਦੇ ਵਿਦਿਆਰਥੀਆਂ ਤੇ ਸਟਾਫ ਵੱਲੋਂ ਕਰਵਾਏ ਗਏ ਸ਼ੁਕਰਾਨਾ ਸਮਾਗਮ ਨੂੰ ਸੰਬੋਧਨ ਕਰਦਿਆਂ ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਕਿਹਾ ਕਿ ਦਿੱਲੀ ਹੀ ਨਹੀਂ ਬਲਕਿ ਦੇਸ਼ ਵਿਦੇਸ਼ ਤੋਂ ਸੰਗਤਾਂ ਨੇ ਲੱਖਾਂ ਦੀ ਗਿਣਤੀ ਵਿਚ ਲਾਲ ਕਿਲ੍ਹੇ ’ਤੇ ਹੋਏ ਸਮਾਗਮਾਂ ਵਿਚ ਹਾਜ਼ਰੀ ਭਰੀ ਜਿਸ ਵਾਸਤੇ ਅਸੀਂ ਸੰਗਤਾਂ ਦੇ ਤਹਿ ਦਿਲੋਂ ਧੰਨਵਾਦੀ ਹਾਂ। ਉਹਨਾਂ ਕਿਹਾ ਕਿ ਇਹਨਾਂ ਸਮਾਗਮਾਂ ਵਿਚ ਦਿੱਲੀ ਸਰਕਾਰ ਦੀ ਸ਼ਮੂਲੀਅਤ ਲਈ ਅਸੀਂ ਮੁੱਖ ਮੰਤਰੀ ਸ੍ਰੀਮਤੀ ਰੇਖਾ ਗੁਪਤਾ ਦੇ ਵੀ ਧੰਨਵਾਦੀ ਹਾਂ ਅਤੇ ਦਿੱਲੀ ਸਰਕਾਰ ਵਿਚ ਕੈਬਨਿਟ ਮੰਤਰੀ ਤੇ ਸਾਡੇ ਵਿਚੋਂ ਹੀ ਗਏ ਸਰਦਾਰ ਮਨਜਿੰਦਰ ਸਿੰਘ ਸਿਰਸਾ ਦੇ ਵੀ ਧੰਨਵਾਦੀ ਹਾਂ ਜਿਹਨਾਂ ਨੇ ਦਿੱਲੀ ਸਰਕਾਰ ਨੇ ਸਮਾਗਮਾਂ ਦੀ ਮਹਾਨਤਾ ਤੋਂ ਜਾਣੂ ਕਰਵਾ ਕੇ ਸਰਕਾਰ ਦੀ ਸ਼ਮੂਲੀਅਤ ਕਰਵਾਈ। ਉਹਨਾਂ ਕਿਹਾ ਕਿ ਸਰਕਾਰ ਦੀ ਸ਼ਮੂਲੀਅਤ ਦੀ ਬਦੌਲਤ ਇਹਨਾਂ ਪ੍ਰੋਗਰਾਮਾਂ ਦਾ ਵੱਡੇ ਪੱਧਰ ’ਤੇ ਪ੍ਰਚਾਰ ਵੀ ਹੋਇਆ ਜਿਸ ਵਾਸਤੇ ਦਿੱਲੀ ਗੁਰਦੁਆਰਾ ਕਮੇਟੀ ਨੇ ਵੀ ਵਡਮੁੱਲਾ ਯੋਗਦਾਨ ਪਾਇਆ। ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਕਿਹਾ ਕਿ ਅਸੀਂ ਸਾਲ ਭਰ ਚੱਲਣ ਵਾਲੇ 350 ਸਾਲਾ ਸ਼ਹੀਦੀ ਦਿਹਾੜੇ ਦੇ ਸਮਾਗਮਾਂ ਦੀ ਸੰਪੂਰਨਤਾ ’ਤੇ ਵਿਸ਼ਾਲ ਸਮਾਗਮ ਕਰਨ ਦੀ ਵਿਉਂਤਬੰਦੀ ਕਰ ਰਹੇ ਹਾਂ ਅਤੇ ਇਸ ਵਿਚ ਹਰ ਵਰਗ ਦੀ ਸ਼ਮੂਲੀਅਤ ਕਰਵਾ ਕੇ ਇਹ ਸਮਾਗਮ ਵੀ ਯਾਦਗਾਰੀ ਬਣਾਉਣ ਦੇ ਯਤਨ ਕਰਾਂਗੇ।
ਉਹਨਾਂ ਇਹ ਵੀ ਐਲਾਨ ਕੀਤਾ ਕਿ 13 ਅਪ੍ਰੈਲ ਨੂੰ ਖਾਲਸਾ ਸਾਜਨਾ ਦਿਵਸ ਮੌਕੇ ਵਿਸ਼ਾਲ ਅੰਮ੍ਰਿਤ ਸੰਚਾਰ ਸਮਾਗਮ ਕਰਵਾਇਆ ਜਾਵੇਗਾ ਜਿਸ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਲੋਕਾਂ ਨੂੰ ਅੰਮ੍ਰਿਤ ਛਕਾਉਣ ਦਾ ਯਤਨ ਕੀਤਾ ਜਾਵੇਗਾ ਤੇ ਇਸ ਵਾਸਤੇ ਉਹ ਜਲਦੀ ਹੀ ਵੱਖ-ਵੱਖ ਗੁਰੂ ਘਰਾਂ ਦੇ ਹੈਡ ਗ੍ਰੰਥੀਆਂ ਤੇ ਹੋਰ ਵਰਗਾਂ ਨਾਲ ਵੀ ਮੀਟਿੰਗਾਂ ਕਰਨਗੇ। ਉਹਨਾਂ ਕਿਹਾ ਕਿ ਇਹਨਾਂ ਸਮਾਗਮਾਂ ਵਿਚ ਵੀ ਬੀਬੀਆਂ ਦਾ ਅਹਿਮ ਰੋਲ ਰਹੇਗਾ। ਉਹਨਾਂ ਕਿਹਾ ਕਿ ਉਹ ਸਮੁੱਚੀਆਂ ਬੀਬੀਆਂ ਦੇ ਵੀ ਧੰਨਵਾਦੀ ਹਨ ਜਿਹਨਾਂ ਨੇ ਸਹਿਜ ਪਾਠਾਂ ਦੀ ਲੜੀ ਆਰੰਭਣ ਅਤੇ ਸਮੂਹਿਕ ਕੀਰਤਨ ਕਰਨ ਵਾਸਤੇ ਬਹੁਤ ਹੀ ਲਾਮਿਸਾਲ ਕੰਮ ਕੀਤਾ। ਉਹਨਾਂ ਕਿਹਾ ਕਿ ਹਰ ਵਰਗ ਦੀ ਸ਼ਮੂਲੀਅਤ ਦੀ ਬਦੌਲਤ ਹੀ ਸਮਾਗਮ ਯਾਦਗਾਰੀ ਰਹੇ ਹਨ ਅਤੇ ਉਹ ਆਸ ਕਰਦੇ ਹਨ ਕਿ ਸੰਗਤਾਂ ਭਵਿੱਖ ਵਿਚ ਵੀ ਇਸੇ ਤਰੀਕੇ ਸਹਿਯੋਗ ਦਿੰਦੀਆਂ ਰਹਿਣਗੀਆਂ। ਉਹਨਾਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਕੀਤੇ ਜਾਂਦੇ ਕੰਮਾਂ ਦੀ ਸਫਲਤਾ ਵਿਚ ਦਿੱਲੀ ਦੀਆਂ ਸੰਗਤਾਂ ਦਾ ਵੱਡਾ ਯੋਗਦਾਨ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।