ਨਵੀਂ ਦਿੱਲੀ, 12 ਦਸੰਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਦੀ ਅਗਵਾਈ ਹੇਠ ਦਿੱਲੀ ਸਰਕਾਰ ਵੱਲੋਂ 1984 ਦੇ ਸਿੱਖ ਕਤਲੇਆਮ ਦੇ ਪੀੜਤਾਂ ਦੇ ਪਰਿਵਾਰਕ ਮੈਂਬਰੀਆਂ ਨੂੰ ਨੌਕਰੀਆਂ ਦੇਣ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਫਲਤਾਪੂਰਵਕ ਆਯੋਜਿਤ ਕਰਨ ਵਾਸਤੇ ਦਿੱਲੀ ਗੁਰਦੁਆਰਾ ਕਮੇਟੀ ਦਿੱਲੀ ਸਰਕਾਰ ਦਾ ਸਨਮਾਨਤ ਕਰੇਗੀ। ਕਰਵਾਏ ਗਏ ਇਕ ਸਮਾਗਮ ਵਿਚ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਸੰਬੋਧਨ ਕਰਦਿਆਂ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਉਹਨਾਂ ਕੋਲ ਸ਼ਬਦ ਨਹੀਂ ਹਨ ਜਿਹਨਾਂ ਨਾਲ ਉਹ ਦਿੱਲੀ ਦੀ ਰੇਖਾ ਗੁਪਤਾ ਸਰਕਾਰ ਦਾ ਧੰਨਵਾਦ ਕਰਨ ਜਿਸਨੇ ਸਾਰੇ ਨਿਯਮਾਂ ਕਾਨੂੰਨਾਂ ਵਿਚ ਛੋਟ ਦੇ ਕੇ 1984 ਦੇ ਸਿੱਖ ਕਤਲੇਆਮ ਦੇ ਪੀੜਤ ਪਰਿਵਾਰਾਂ ਦੇ ਜੀਆਂ ਨੂੰ ਨੌਕਰੀਆਂ ਪ੍ਰਦਾਨ ਕੀਤੀਆਂ ਹਨ। ਉਹਨਾਂ ਕਿਹਾ ਕਿ ਦੇਸ਼ ਦੇ ਇਤਿਹਾਸ ਵਿਚ ਕਦੇ ਵੀ ਇਸ ਤਰੀਕੇ ਨੌਕਰੀਆਂ ਪ੍ਰਦਾਨ ਨਹੀਂ ਕੀਤੀਆਂ ਗਈਆਂ। ਉਹਨਾਂ ਕਿਹਾ ਕਿ ਇਹ ਨੌਕਰੀਆਂ ਸਿਰਫ ਰੋਜ਼ਗਾਰ ਦਾ ਸਾਧਨ ਨਹੀਂ ਬਲਕਿ ਇਹਨਾਂ ਪਰਿਵਾਰਾਂ ਦੇ ਜ਼ਖ਼ਮਾਂ ’ਤੇ ਮੱਲ੍ਹਮ ਲਾਉਣ ਦਾ ਇਕ ਜ਼ਰੀਆ ਹਨ। ਉਹਨਾਂ ਕਿਹਾ ਕਿ ਇਹ ਨੌਕਰੀਆਂ ਇਸ ਨੂੰ ਵੀ ਦਰਸਾਉਂਦੀਆਂ ਹਨ ਕਿ ਰੇਖਾ ਗੁਪਤਾ ਦੀ ਅਗਵਾਈ ਹੇਠ ਸਰਕਾਰ 1984 ਦੇ ਕਤਲੇਆਮ ਪੀੜਤਾਂ ਦੇ ਨਾਲ ਡੱਟ ਕੇ ਖੜ੍ਹੀ ਸੀ ਤੇ ਖੜ੍ਹੀ ਹੈ। ਸਰਦਾਰ ਕਾਲਕਾ ਅਤੇ ਸਰਦਾਰ ਕਾਹਲੋਂ ਨੇ ਕਿਹਾ ਕਿ ਸਿਰਫ ਇਹੀ ਨਹੀਂ ਬਲਕਿ ਰੇਖਾ ਗੁਪਤਾ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ’ਤੇ ਲਾਲ ਕਿਲ੍ਹੇ ’ਤੇ ਇਤਿਹਾਸਕ ਸਮਾਗਮ ਆਯੋਜਿਤ ਕਰ ਕੇ ਵੀ ਇਹ ਸਾਬਤ ਕੀਤਾ ਹੈ ਕਿ ਇਹ ਸਰਕਾਰ ਸਿੱਖ ਕੌਮ ਦੀ ਬੇਹਤਰੀ, ਭਲਾਈ, ਤਰੱਕੀ ਤੇ ਵਿਕਾਸ ਵਾਸਤੇ ਕਿੰਨੀ ਸੰਜੀਦਾ ਹੈ। ਉਹਨਾਂ ਕਿਹਾ ਕਿ ਇਸ ਸਰਕਾਰ ਖਾਸ ਤੌਰ ’ਤੇ ਕੈਬਨਿਟ ਮੰਤਰੀ ਸਰਦਾਰ ਮਨਜਿੰਦਰ ਸਿੰਘ ਸਿਰਸਾ ਵੱਲੋਂ ਨਿਭਾਈ ਜਾ ਰਹੀ ਭੂਮਿਕਾ ਦੀ ਸ਼ਲਾਘਾ ਵਾਸਤੇ ਉਹਨਾਂ ਕੋਲ ਸ਼ਬਦਾਂ ਹੀ ਨਹੀਂ ਹਨ। ਉਹਨਾਂ ਕਿਹਾ ਕਿ ਇਹਨਾਂ ਇਤਿਹਾਸਕ ਕਾਰਜਾਂ ਵਾਸਤੇ ਉਹ ਦਿੱਲੀ ਦੀ ਸਮੁੱਚੀ ਸਰਕਾਰ ਦਾ ਧੰਨਵਾਦ ਕਰਨਾ ਚਾਹੁੰਦੇ ਹਨ ਤੇ ਇਸ ਵਾਸਤੇ ਇਕ ਅਹਿਮ ਸਮਾਗਮ ਕਰਨ ਵਾਸਤੇ ਦਿੱਲੀ ਸਰਕਾਰ ਨੂੰ ਬੇਨਤੀ ਕੀਤੀ ਹੈ ਜਿਸਦੇ ਪ੍ਰਵਾਨ ਹੋਣ ’ਤੇ ਇਹ ਵਿਸ਼ਾਲ ਤੇ ਪ੍ਰਭਾਵਸ਼ਾਲੀ ਸਮਾਗਮ ਕਰ ਕੇ ਦਿੱਲੀ ਦੇ ਮੁੱਖ ਮੰਤਰੀ ਸ੍ਰੀਮਤੀ ਰੇਖਾ ਗੁਪਤਾ, ਕੈਬਨਿਟ ਮੰਤਰੀ ਸਰਦਾਰ ਮਨਜਿੰਦਰ ਸਿੰਘ ਸਿਰਸਾ, ਸ੍ਰੀ ਪ੍ਰਵੇਸ਼ ਵਰਮਾ, ਸ੍ਰੀ ਕਪਿਲ ਮਿਸ਼ਰਾ ਤੇ ਹੋਰਨਾਂ ਦਾ ਸਨਮਾਨ ਕੀਤਾ ਜਾਵੇਗਾ। ਇਸ ਮੌਕੇ ਮੀਤ ਪ੍ਰਧਾਨ ਆਤਮਾ ਸਿੰਘ ਲੁਬਾਣਾ ਨੇ ਵੀ ਦਿੱਲੀ ਸਰਕਾਰ, ਮੁੱਖ ਮੰਤਰੀ ਸ੍ਰੀਮਤੀ ਰੇਖਾ ਗੁਪਤਾ, ਕੈਬਨਿਟ ਮੰਤਰੀ ਸਰਦਾਰ ਮਨਜਿੰਦਰ ਸਿੰਘ ਸਿਰਸਾ ਤੇ ਹੋਰ ਮੰਤਰੀਆਂ ਤੇ ਅਧਿਕਾਰੀਆਂ ਦਾ ਧੰਨਵਾਦ ਕੀਤਾ ਜਿਹਨਾਂ ਨੇ ਨਿਯਮਾਂ ਵਿਚ ਛੋਟ ਕੇ 1984 ਦੇ ਸਿੱਖ ਕਤਲੇਆਮ ਦੇ ਪੀੜਤਾਂ ਦੇ ਪਰਿਵਾਰਕ ਜੀਆਂ ਲਈ ਨੌਕਰੀਆਂ ਯਕੀਨੀ ਬਣਾਈਆਂ।












