ਦੂਨ ਸਕੂਲ ਦੇ ਸਾਲਾਨਾ ਉਤਸਵ ਇਗਨਾਈਟ-2025 ਵਿੱਚ ਲਿਆ ਹਿੱਸਾ
ਵਿਦਿਆਰਥੀਆਂ ਨੂੰ ਰੁਜ਼ਗਾਰ-ਮੁਖੀ ਅਤੇ ਵੋਕੇਸ਼ਨਲ ਸਿੱਖਿਆ ਪ੍ਰਦਾਨ ਕਰਨਾ ਸਮੇਂ ਦੀ ਮੰਗ
ਸੰਗਰੂਰ 13 ਦਸੰਬਰ ,ਬੋਲੇ ਪੰਜਾਬ ਬਿਊਰੋ;
ਭਾਰਤ ਦੇ ਸੰਵਿਧਾਨ ਵਿੱਚ ਹਰੇਕ ਨਾਗਰਿਕ ਨੂੰ ਸਿੱਖਿਆ ਦਾ ਬਰਾਬਰ ਅਧਿਕਾਰ ਦਿੱਤਾ ਗਿਆ ਹੈ। ਬਿਹਤਰ ਸਿੱਖਿਆ ਪ੍ਰਾਪਤ ਕਰਨਾ ਜਿੱਥੇ ਵਿਦਿਆਰਥੀ ਦਾ ਅਧਿਕਾਰ ਹੈ, ਉੱਥੇ ਹੀ ਉੱਚ ਪੱਧਰੀ ਗੁਣਵੱਤਾ ਵਾਲੀ ਸਿੱਖਿਆ ਪ੍ਰਦਾਨ ਕਰਨਾ ਅਧਿਆਪਕ ਅਤੇ ਸਕੂਲ ਪ੍ਰਬੰਧਨ ਦੀ ਜ਼ਿੰਮੇਵਾਰੀ ਹੈ।
ਉਕਤ ਵਿਚਾਰ ਪੰਜਾਬ ਭਾਜਪਾ ਦੇ ਸੂਬਾਈ ਉਪ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਸਥਾਨਕ ਦੂਨ ਇੰਟਰਨੈਸ਼ਨਲ ਸਕੂਲ ਦੇ ਸਲਾਨਾ ਸਮਾਰੋਹ ਇਗਨਾਈਟ-2025 ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣ ਤੋਂ ਬਾਅਦ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ। ਅਰਵਿੰਦ ਖੰਨਾ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਵਿਦਿਆਰਥੀਆਂ ਨੂੰ ਰੁਜ਼ਗਾਰ-ਮੁਖੀ ਅਤੇ ਵੋਕੇਸ਼ਨਲ ਸਿੱਖਿਆ ਪ੍ਰਦਾਨ ਕਰਨਾ ਜ਼ਰੂਰੀ ਹੈ। ਵਿਦਿਆਰਥੀ ਅਧਿਆਪਕ ਦਾ ਆਇਨਾ ਹੁੰਦਾ ਹੈ।
ਇੱਕ ਵਿਦਿਆਰਥੀ ਰੋਜ਼ਾਨਾ ਆਪਣਾ ਜ਼ਿਆਦਾਤਰ ਸਮਾਂ ਸਕੂਲ ਵਿੱਚ ਬਿਤਾਉਂਦਾ ਹੈ। ਇਸ ਲਈ, ਇਹ ਅਧਿਆਪਕ ਦੀ ਜ਼ਿੰਮੇਵਾਰੀ ਹੈ ਕਿ ਉਹ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਚੰਗੀਆਂ ਕਦਰਾਂ-ਕੀਮਤਾਂ ਪ੍ਰਦਾਨ ਕਰੇ ਤਾਂ ਜੋ ਉਹ ਬਿਹਤਰ ਸਮਾਜ ਦੇ ਨਿਰਮਾਣ ਵਿੱਚ ਆਪਣੀ ਭੂਮਿਕਾ ਨਿਭਾ ਸਕਣ।
ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਸਮੂਹ ਡਾਂਸ ਅਤੇ ਛੋਟੇ ਨਾਟਕਾਂ ਸਮੇਤ ਵੱਖ-ਵੱਖ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਕੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਸਕੂਲ ਡਾਇਰੈਕਟਰ ਅਜੀਤ ਇੰਦਰ ਸਿੰਘ ਮਾਨਸ਼ਾਹੀਆ ਨੇ ਮਹਿਮਾਨਾਂ ਦਾ ਧੰਨਵਾਦ ਕਰਦੇ ਹੋਏਸਕੂਲ ਦੀ ਸਾਲਾਨਾ ਰਿਪੋਰਟ ਪੇਸ਼ ਕੀਤੀ ਅਤੇ ਵਿਦਿਆਰਥੀਆਂ ਨੂੰ ਲਾਭ ਪਹੁੰਚਾਉਣ ਲਈ ਭਵਿੱਖ ਦੀਆਂ ਪਹਿਲਕਦਮੀਆਂ ਬਾਰੇ ਜਾਣਕਾਰੀ ਦਿੱਤੀ।












