ਚੰਡੀਗੜ੍ਹ, 10 ਜਨਵਰੀ, ਬੋਲੇ ਪੰਜਾਬ ਬਿਊਰੋ :
ਦਿੱਲੀ ‘ਚ ਆਮ ਆਦਮੀ ਪਾਰਟੀ (ਆਪ) ਦੀ ਵਿਧਾਇਕਾ ਅਤੇ ਸਾਬਕਾ ਮੁੱਖ ਮੰਤਰੀ ਆਤਿਸ਼ੀ ਮਾਰਲੇਨਾ ਦੇ ਵਿਵਾਦਤ ਵੀਡੀਓ ਦੇ ਸਬੰਧ ਵਿੱਚ ਐਫਆਈਆਰ ਦਰਜ ਕਰਨ ‘ਤੇ ਦਿੱਲੀ ਵਿਧਾਨ ਸਭਾ ਨੇ ਸਖ਼ਤ ਰੁਖ਼ ਅਪਣਾਇਆ ਹੈ। ਦਿੱਲੀ ਵਿਧਾਨ ਸਭਾ ਨੇ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਸਾਈਬਰ ਕ੍ਰਾਈਮ ਦੇ ਵਿਸ਼ੇਸ਼ ਡਾਇਰੈਕਟਰ ਜਨਰਲ ਅਤੇ ਜਲੰਧਰ ਪੁਲਿਸ ਕਮਿਸ਼ਨਰ ਨੂੰ ਨੋਟਿਸ ਜਾਰੀ ਕਰਕੇ ਪੂਰੇ ਮਾਮਲੇ ਸਬੰਧੀ 48 ਘੰਟਿਆਂ ਦੇ ਅੰਦਰ ਜਵਾਬ ਮੰਗਿਆ ਹੈ। ਉਨ੍ਹਾਂ ਨੇ ਮਾਮਲੇ ਨਾਲ ਸਬੰਧਤ ਦਸਤਾਵੇਜ਼ ਅਤੇ ਲੈਬ ਰਿਪੋਰਟਾਂ ਵੀ ਮੰਗੀਆਂ ਹਨ।
ਜਿਕਰਯੋਗ ਹੈ ਕਿ ਬੀਤੇ ਕੱਲ੍ਹ (9 ਜਨਵਰੀ) ਜਲੰਧਰ ਪੁਲਿਸ ਨੇ ਇਸ ਮਾਮਲੇ ਵਿੱਚ ਦਿੱਲੀ ਦੀ ਭਾਜਪਾ ਸਰਕਾਰ ਵਿੱਚ ਮੰਤਰੀ ਕਪਿਲ ਮਿਸ਼ਰਾ ਖ਼ਿਲਾਫ਼ ਐਫਆਈਆਰ ਦਰਜ ਕੀਤੀ ਸੀ। ਦਾਅਵਾ ਕੀਤਾ ਗਿਆ ਸੀ ਕਿ ਵੀਡੀਓ ਦੀ ਮੋਹਾਲੀ ਦੀ ਇੱਕ ਫੋਰੈਂਸਿਕ ਲੈਬ ਵਿੱਚ ਜਾਂਚ ਕੀਤੀ ਗਈ ਸੀ, ਜਿਸ ਤੋਂ ਸਾਫ਼ ਪਤਾ ਚੱਲਦਾ ਹੈ ਕਿ ਆਤਿਸ਼ੀ ਨੇ ਕਿਤੇ ਵੀ “ਗੁਰੂ” ਸ਼ਬਦ ਦੀ ਵਰਤੋਂ ਨਹੀਂ ਕੀਤੀ। ਇਸ ਸਬੰਧੀ ਦਿੱਲੀ ਵਿਧਾਨ ਸਭਾ ਵਿੱਚ ਜਲੰਧਰ ਪੁਲਿਸ ਕਮਿਸ਼ਨਰ ਖ਼ਿਲਾਫ਼ ਸ਼ਿਕਾਇਤ ਕੀਤੀ ਗਈ।
ਦਿੱਲੀ ਦੇ ਇੱਕ ਭਾਜਪਾ ਵਿਧਾਇਕ ਨੇ ਸਵਾਲ ਕੀਤਾ ਕਿ ਪੰਜਾਬ ਪੁਲਿਸ ਸਦਨ ਦੀ ਅੰਦਰੂਨੀ ਕਾਰਵਾਈ ਸਬੰਧੀ ਕਿਸੇ ਹੋਰ ਰਾਜ ਵਿੱਚ ਕੇਸ ਕਿਵੇਂ ਦਰਜ ਕਰ ਸਕਦੀ ਹੈ। ਇਹ ਸਦਨ ਦੇ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਹੈ। ਜਿਸ ‘ਤੇ ਦਿੱਲੀ ਵਿਧਾਨ ਸਭਾ ਦੇ ਸਪੀਕਰ ਨੇ ਕਿਹਾ ਕਿ ਜਲੰਧਰ ਪੁਲਿਸ ਕਮਿਸ਼ਨਰ ਅਤੇ ਐਫਆਈਆਰ ਦਰਜ ਕਰਨ ਵਿੱਚ ਸ਼ਾਮਲ ਸਾਰੇ ਲੋਕਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ।












