ਵਿਦਿਆਰਥਣ ਕਾਰਜਨੀਤ ਕੌਰ ਨੇ ਅੰਤਰਰਾਸ਼ਟਰੀ ਪੰਜਾਬੀ ਓਲੰਪਿਆਡ ਵਿੱਚ ਮਿਡਲ ਵਰਗ ‘ਚ ਪਹਿਲਾ ਸਥਾਨ ਹਾਸਲ ਕਰਕੇ ਪਟਿਆਲਾ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ

ਪੰਜਾਬ

ਪਟਿਆਲਾ/ਰਾਜਪੁਰਾ 15 ਜਨਵਰੀ,ਬੋਲੇ ਪੰਜਾਬ ਬਿਊਰੋ;

ਪੰਜਾਬੀ ਭਾਸ਼ਾ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਸਿੱਖਿਆ ਮੰਤਰੀ ਪੰਜਾਬ ਦੀ ਰਹਿਨੁਮਾਈ ਹੇਠ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵੱਲੋਂ ਕਰਵਾਏ ਗਏ ਅੰਤਰਰਾਸ਼ਟਰੀ ਪੰਜਾਬੀ ਓਲੰਪਿਆਡ ਵਿੱਚ ਪਟਿਆਲਾ ਜ਼ਿਲ੍ਹੇ ਦੇ ਪੀ.ਐੱਮ. ਸ੍ਰੀ ਸਰਕਾਰੀ ਹਾਈ ਸਕੂਲ, ਢਕਾਨਸੂ ਕਲਾਂ ਦੀ ਹੋਣਹਾਰ ਵਿਦਿਆਰਥਣ ਕਾਰਜਨੀਤ ਕੌਰ ਸਪੁੱਤਰੀ ਰਣਜੀਤ ਸਿੰਘ ਨੇ ਮਿਡਲ ਵਰਗ ਵਿੱਚ ਲਗਾਤਾਰ ਦੂਜੀ ਵਾਰ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ, ਮਾਪਿਆਂ ਅਤੇ ਪੂਰੇ ਜ਼ਿਲ੍ਹੇ ਨੂੰ ਮਾਣ ਮਹਿਸੂਸ ਕਰਵਾਇਆ ਹੈ।
ਇਹ ਸ਼ਾਨਦਾਰ ਉਪਲਬਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਸੰਜੀਵ ਸ਼ਰਮਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਪਟਿਆਲਾ ਡਾ. ਰਵਿੰਦਰਪਾਲ ਸਿੰਘ ਦੀ ਸੁਚੱਜੀ ਅਗਵਾਈ ਅਤੇ ਮਾਰਗਦਰਸ਼ਨ ਹੇਠ ਸੰਭਵ ਹੋਈ। ਇਸ ਦੇ ਨਾਲ ਹੀ ਪੀ.ਐੱਮ. ਸ੍ਰੀ ਸਰਕਾਰੀ ਹਾਈ ਸਕੂਲ, ਢਕਾਨਸੂ ਕਲਾਂ ਜ਼ਿਲ੍ਹਾ ਪਟਿਆਲਾ ਦੇ ਹੈੱਡ ਮਾਸਟਰ ਰਾਜੀਵ ਕੁਮਾਰ ਦੀ ਲਗਾਤਾਰ ਦੇਖ-ਰੇਖ, ਅਧਿਆਪਕਾਂ ਦੀ ਮਿਹਨਤ ਅਤੇ ਵਿਦਿਆਰਥਣ ਦੀ ਲਗਨ ਨੇ ਇਸ ਸਫ਼ਲਤਾ ਨੂੰ ਨਵੀਂ ਉਚਾਈ ਦਿੱਤੀ।
ਅੰਤਰਰਾਸ਼ਟਰੀ ਪੱਧਰ ‘ਤੇ ਕਰਵਾਏ ਗਏ ਇਸ ਓਲੰਪਿਆਡ ਵਿੱਚ ਵਿਦਿਆਰਥੀਆਂ ਦੀ ਪੰਜਾਬੀ ਭਾਸ਼ਾ ‘ਤੇ ਪਕੜ, ਪਾਠ ਸਮਝ, ਸ਼ਬਦ-ਭੰਡਾਰ ਆਦਿ ਦੀ ਪਰਖ ਕੀਤੀ ਗਈ। ਕਾਰਜਨੀਤ ਕੌਰ ਨੇ ਆਪਣੀ ਕਾਬਲੀਅਤ ਅਤੇ ਦ੍ਰਿੜ ਇਰਾਦੇ ਨਾਲ ਮਿਡਲ ਵਰਗ ਵਿੱਚ ਸਾਰੇ ਪ੍ਰਤਿਭਾਗੀਆਂ ਨੂੰ ਪਿੱਛੇ ਛੱਡਦਿਆਂ ਪਹਿਲਾ ਸਥਾਨ ਹਾਸਲ ਕੀਤਾ।
ਇਸ ਉਪਲਬਧੀ ‘ਤੇ ਸਕੂਲ ਪ੍ਰਬੰਧਕਾਂ, ਅਧਿਆਪਕਾਂ, ਸਹਿਯੋਗੀ ਵਿਦਿਆਰਥੀਆਂ ਅਤੇ ਮਾਪਿਆਂ ਵੱਲੋਂ ਖੁਸ਼ੀ ਜਤਾਈ ਗਈ। ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਸ਼ਰਮਾ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਕਾਮਯਾਬੀਆਂ ਨਾਲ ਨਾ ਸਿਰਫ਼ ਵਿਦਿਆਰਥੀਆਂ ਦਾ ਮਨੋਬਲ ਵਧਦਾ ਹੈ, ਸਗੋਂ ਪੰਜਾਬੀ ਭਾਸ਼ਾ ਪ੍ਰਤੀ ਰੁਚੀ ਵੀ ਮਜ਼ਬੂਤ ਹੁੰਦੀ ਹੈ।
ਹੈੱਡ ਮਾਸਟਰ ਰਾਜੀਵ ਕੁਮਾਰ ਨੇ ਕਾਰਜਨੀਤ ਕੌਰ ਦੀ ਸਫਲਤਾ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਹ ਲਗਾਤਾਰ ਦੂਜੀ ਉਪਲਬਧੀ ਵਿਦਿਆਰਥਣ ਦੀ ਮਿਹਨਤ, ਅਨੁਸ਼ਾਸਨ ਅਤੇ ਅਧਿਆਪਕਾਂ ਦੀ ਸਹੀ ਰਹਿਨੁਮਾਈ ਅਤੇ ਮਾਤਾ-ਪਿਤਾ ਦੇ ਚੰਗੇ ਸਾਥ ਦਾ ਨਤੀਜਾ ਹੈ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਕਾਰਜਨੀਤ ਕੌਰ ਭਵਿੱਖ ਵਿੱਚ ਵੀ ਪੰਜਾਬੀ ਭਾਸ਼ਾ ਅਤੇ ਹੋਰ ਖੇਤਰਾਂ ਵਿੱਚ ਨਵੀਆਂ ਉਚਾਈਆਂ ਹਾਸਲ ਕਰੇਗੀ ਅਤੇ ਹੋਰ ਵਿਦਿਆਰਥੀਆਂ ਲਈ ਪ੍ਰੇਰਣਾ ਦਾ ਸ੍ਰੋਤ ਬਣੇਗੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।