ਪ੍ਰਸ਼ਾਸਨ ਅਤੇ ਸਿਹਤ ਅਧਿਕਾਰੀਆਂ ਨੂੰ ਰਜਿਸਟ੍ਰੇਸ਼ਨ ਤੇਜ਼ ਕਰਨ ਦੇ ਨਿਰਦੇਸ਼, ਤਾਂ ਜੋ ਸਾਰੇ ਯੋਗ ਨਾਗਰਿਕਾਂ ਤੱਕ ਲਾਭ ਮਿਲ ਸਕੇ
ਮੋਹਾਲੀ ਵਿੱਚ ਰਜਿਸਟ੍ਰੇਸ਼ਨ ਲਈ 190 ਸਥਾਨ ਕਾਰਜਸ਼ੀਲ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 4 ਫਰਵਰੀ ,ਬੋਲੇ ਪੰਜਾਬ ਬਿਊਰੋ:
ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਮੋਹਾਲੀ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਦੀ ਚੱਲ ਰਹੀ ਰਜਿਸਟ੍ਰੇਸ਼ਨ ਪ੍ਰਕਿਰਿਆ ਦੀ ਸਮੀਖਿਆ ਕੀਤੀ।
ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਇਹ ਪ੍ਰਮੁੱਖ, ਨਾਗਰਿਕ-ਕੇਂਦਰਿਤ ਯੋਜਨਾ ਭਗਵੰਤ ਸਿੰਘ ਮਾਨ ਸਰਕਾਰ ਦੀ ਇੱਕ ਹੋਰ ਵੱਡੀ ਉਪਲਬਧੀ ਹੈ, ਜਿਸ ਦਾ ਮਕਸਦ ਪੰਜਾਬ ਦੇ ਵਸਨੀਕਾਂ ਨੂੰ ਮੁਕੰਮਲ ਸਿਹਤ ਸੁਰੱਖਿਆ ਪ੍ਰਦਾਨ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ 900 ਤੋਂ ਵੱਧ ਸਰਕਾਰੀ ਅਤੇ ਨਿੱਜੀ ਹਸਪਤਾਲ ਸ਼ਾਮਲ ਕੀਤੇ ਗਏ ਹਨ ਅਤੇ ਲਗਭਗ 2,300 ਇਲਾਜ ਪੈਕੇਜ ਕਵਰ ਕੀਤੇ ਗਏ ਹਨ, ਜੋ ਇਸਨੂੰ ਦੇਸ਼ ਦੀਆਂ ਸਭ ਤੋਂ ਵਿਸਤ੍ਰਿਤ ਅਤੇ ਵਿਲੱਖਣ ਸਿਹਤ ਯੋਜਨਾਵਾਂ ਵਿੱਚੋਂ ਇੱਕ ਬਣਾਉਂਦਾ ਹੈ।
ਡਾ. ਬਲਬੀਰ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਯੋਜਨਾ ਅਧੀਨ ਦਾਖ਼ਲੇ ਤੋਂ ਲੈ ਕੇ ਇਲਾਜ ਅਧੀਨ ਆਉਂਦੀਆਂ ਸਾਰੀਆਂ ਕਾਰਵਾਈਆਂ (ਸਰਜਰੀ ਸਮੇਤ), ਲੈਬ ਟੈਸਟ ਅਤੇ ਦਵਾਈਆਂ ਬਿਨਾਂ ਕਿਸੇ ਪੂਰਵ ਸ਼ਰਤ ਦੇ ਕਵਰ ਕੀਤੀਆਂ ਜਾਂਦੀਆਂ ਹਨ।
ਮੋਹਾਲੀ ਦੀ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਸਿਹਤ ਮੰਤਰੀ ਨੂੰ ਰਜਿਸਟ੍ਰੇਸ਼ਨ ਮੁਹਿੰਮ ਦੀ ਪ੍ਰਗਤੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਭਰ ਵਿੱਚ ਇਸ ਸਮੇਂ 190 ਰਜਿਸਟ੍ਰੇਸ਼ਨ ਸਥਾਨ ਕਾਰਜ਼ਸੀਲ ਹਨ। ਇਨ੍ਹਾਂ ਵਿੱਚ 163 ਵਿਲੇਜ ਲੈਵਲ ਐਂਟਰਪ੍ਰਨਿਊਰ (ਵੀ ਐਲ ਈ/ਸੀ ਐਸ ਸੀ ਸੈਂਟਰ) ਅਤੇ 27 ਵਿਸ਼ੇਸ਼ ਕੈਂਪ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਪਹੁੰਚ ਯਕੀਨੀ ਬਣਾਉਣ ਲਈ ਇਨ੍ਹਾਂ ਵਿਸ਼ੇਸ਼ ਕੈਂਪਾਂ ਦੇ ਸਥਾਨ ਲੋੜ ਅਨੁਸਾਰ ਬਦਲੇ ਜਾ ਰਹੇ ਹਨ।
ਰਜਿਸਟ੍ਰੇਸ਼ਨ ਪ੍ਰਕਿਰਿਆ ’ਤੇ ਸੰਤੁਸ਼ਟੀ ਪ੍ਰਗਟ ਕਰਦਿਆਂ ਸਿਹਤ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ ਕਿ ਰਜਿਸਟ੍ਰੇਸ਼ਨ ਦੀ ਰਫ਼ਤਾਰ ਹੋਰ ਤੇਜ਼ ਕੀਤੀ ਜਾਵੇ, ਤਾਂ ਜੋ 10 ਲੱਖ ਰੁਪਏ ਦੀ ਨਕਦ-ਰਹਿਤ ਮੁੱਖ ਮੰਤਰੀ ਸਿਹਤ ਯੋਜਨਾ ਦੇ ਲਾਭ ਹਰ ਯੋਗ ਨਾਗਰਿਕ ਅਤੇ ਪਰਿਵਾਰ ਤੱਕ ਪਹੁੰਚ ਸਕਣ।
ਡਾ. ਬਲਬੀਰ ਸਿੰਘ ਨੇ ਅਧਿਕਾਰੀਆਂ ਨੂੰ ਸਾਵਧਾਨ ਕਰਦਿਆਂ ਕਿਹਾ ਕਿ ਕੁਝ ਠੱਗ ਕਿਸਮ ਦੇ ਲੋਕ ਰਜਿਸਟ੍ਰੇਸ਼ਨ ਟੀਮਾਂ ਦੇ ਨਾਂ ’ਤੇ ਲੋਕਾਂ ਤੋਂ ਪੈਸੇ ਵਸੂਲ ਕਰ ਰਹੇ ਹਨ। ਉਨ੍ਹਾਂ ਜ਼ਿਲ੍ਹੇ ਵਿੱਚ ਅਜਿਹੀ ਕੋਈ ਮਿਸਾਲ ਆਹਮਣੇ ਆਉਣ ‘ਤੇ ਅਜਿਹੇ ਤੱਤਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੇ ਸਪਸ਼ਟ ਨਿਰਦੇਸ਼ ਦਿੱਤੇ।
ਇਸ ਸਮੀਖਿਆ ਮੀਟਿੰਗ ਵਿੱਚ ਏ.ਡੀ.ਸੀ. (ਵਿਕਾਸ) ਸੋਨਮ ਚੌਧਰੀ, ਸਿਵਲ ਸਰਜਨ ਡਾ. ਸੰਗੀਤਾ ਜੈਨ, ਸੀ.ਐੱਮ.ਐੱਫ.ਓ. ਗੁਰਮੀਤ ਸਿੰਘ ਸੋਹੀ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਅਮਨਦੀਪ ਕੌਰ ਅਤੇ ਚੇਅਰਪਰਸਨ, ਜ਼ਿਲ੍ਹਾ ਯੋਜਨਾ ਕਮੇਟੀ, ਇੰਜੀਨੀਅਰ ਪ੍ਰਭਜੋਤ ਕੌਰ ਵੀ ਹਾਜ਼ਰ ਸਨ।












