ਹਰਵਿੰਦਰ ਸਿੰਘ ਸਰਨਾ ਨੂੰ ਪੰਥ ਵਿਚੋਂ ਛੇਕਣ ਅਤੇ ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਦੇ ਮਾਮਲੇ ਵਿਚ ਬਾਕੀ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਮੰਗ: ਕਾਲਕਾ, ਕਾਹਲੋਂ

ਨੈਸ਼ਨਲ ਪੰਜਾਬ

ਨਵੀਂ ਦਿੱਲੀ, 8 ਫਰਵਰੀ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਅਪੀਲ ਕੀਤੀ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਦਿੱਲੀ ਗੁਰਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ ਸਰਦਾਰ ਹਰਵਿੰਦਰ ਸਿੰਘ ਸਰਨਾ ਵਲੋਂ ਲੋਕ ਸਭਾ ਵਿਚ ਵਿਰੋਧੀ ਧਿਰ ਆਗੂ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨ ਮਗਰੋਂ ਹਰਵਿੰਦਰ ਸਿੰਘ ਸਰਨਾ ਨੇ ਨਾ ਸਿਰਫ ਰਾਹੁਲ ਗਾਂਧੀ ਤੇ ਗਾਂਧੀ ਪਰਿਵਾਰ ਨੂੰ 1984 ਵਿਚ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਇੰਦਰਾ ਗਾਂਧੀ ਵੱਲੋਂ ਟੈਂਕਾਂ ਤੇ ਤੋਪਾਂ ਨਾਲ ਕੀਤੇ ਹਮਲੇ ਵਿਚ ਕਲੀਨ ਚਿੱਟ ਦਿੱਤੀ ਹੈ ਬਲਕਿ ਇਹ ਵੀ ਆਖ ਦਿੱਤਾ ਹੈ ਕਿ ਇਹ ਹਮਲਾ ਸ੍ਰੀ ਅਕਾਲ ਤਖ਼ਤ ਸਾਹਿਬ ਦੀ ’ਇਮਾਰਤ’ ’ਤੇ ਕੀਤਾ ਗਿਆ ਸੀ ਜੋ ਕਿਸੇ ਵੀ ਤਰੀਕੇ ਗੁਨਾਹ ਨਹੀਂ ਹੈ, ਨੂੰ ਤੁਰੰਤ ਸਿੱਖ ਪੰਥ ਵਿਚੋਂ ਛੇਕਿਆ ਜਾਵੇ। ਉਹਨਾਂ ਕਿਹਾ ਕਿ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਸਥਾਪਿਤ ਸਿੱਖੀ ਦੀ ਆਸਥਾ ਅਤੇ ਪ੍ਰਭੂਸੱਤਾ ਦੇ ਪ੍ਰਤੀਕ ਇਸ ਪਾਵਨ ਪਵਿੱਤਰ ਅਸਥਾਨ ਨੂੰ ਇਕ ’ਇਮਾਰਤ’ ਕਰਾਰ ਦੇਣਾ ਸਰਦਾਰ ਹਰਵਿੰਦਰ ਸਿੰਘ ਸਰਨਾ ਦਾ ਬਹੁਤ ਵੱਡਾ ਗੁਨਾਹ ਹੈ। ਉਹਨਾਂ ਕਿਹਾ ਕਿ ਹੁਣ ਰਾਜੀਵ ਗਾਂਧੀ ਤੋਂ ਬਾਅਦ ਹਰਵਿੰਦਰ ਸਰਨਾ ਨੇ ਸਮੁੱਚੇ ਗਾਂਧੀ ਪਰਿਵਾਰ ਨੂੰ ਨਾ ਸਿਰਫ ਕਲੀਨ ਚਿੱਟ ਦਿੱਤੀ ਹੈ ਬਲਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਖਿਲਾਫ ਵੀ ਬਦਜ਼ੁਬਾਨੀ ਕੀਤੀ ਹੈ। ਇਸ ਦੇ ਨਾਲ ਹੀ ਉਹਨਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮਾਂ ਵੱਲੋਂ ਗੁਰਦੁਆਰਾ ਅੰਬ ਸਾਹਿਬ ਮੁਹਾਲੀ ਦੀ ਜ਼ਮੀਨ ਵੇਚਣ ਦੇ ਮਾਮਲੇ ਵਿਚ ਸਿਰਫ ਮੈਨੇਜਰ ਦੇ ਖਿਲਾਫ ਕਾਰਵਾਈ ਕਰਨ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਇਸ ਮਾਮਲੇ ਵਿਚ ਸਿਰਫ ਮੈਨੇਜਰ ਹੀ ਨਹੀਂ ਬਲਕਿ ਕਮੇਟੀ ਦੇ ਬਹੁਤ ਵੱਡੇ ਪੱਧਰ ਦੇ ਅਧਿਕਾਰੀ ਵੀ ਜ਼ਿੰਮੇਵਾਰ ਹਨ ਇਸ ਲਈ ਇਸ ਮਾਮਲੇ ਵਿਚ ਸਾਰੇ ਦੋਸ਼ੀਆਂ ਦੇ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਮੈਨੇਜਰ ਨੂੰ ਸਿਰਫ ਸਸਪੈਂਡ ਕਰ ਕੇ ਸ਼੍ਰੋਮਣੀ ਕਮੇਟੀ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਹੀ ਹੈ। ਉਹਨਾਂ ਕਿਹਾ ਕਿ ਮਾਮਲੇ ਦੀ ਪੂਰੀ ਪਾਰਦਰਸ਼ਤਾ ਨਾਲ ਜਾਂਚ ਹੋਣੀ ਚਾਹੀਦੀ ਹੈ ਤੇ ਸੱਚ ਸੰਗਤ ਦੇ ਸਾਹਮਣੇ ਆਉਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਉਹ ਹਰਵਿੰਦਰ ਸਿੰਘ ਸਰਨਾ ਤੇ ਗੁਰਦੁਆਰਾ ਅੰਬ ਸਾਹਿਬ ਦੇ ਮਾਮਲੇ ਵਿਚ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਅੱਜ ਹੀ ਪੱਤਰ ਲਿਖ ਰਹੇ ਹਨ ਅਤੇ ਇਸ ਕੇਸ ਦੀ ਪੂਰੀ ਪੈਰਵੀ ਕਰਨਗੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।