ਮੋਹਾਲੀ, 8 ਫਰਵਰੀ,ਬੋਲੇ ਪੰਜਾਬ ਬਿਊਰੋ;
ਐਸ ਸੀ ਬੀਸੀ ਮਹਾਂ ਪੰਚਾਇਤ ਪੰਜਾਬ ਵੱਲੋਂ ਮੋਹਾਲੀ ਫੇਸ 7 ਦੀਆਂ ਲਾਈਟਾਂ ਤੇ ਚੱਲ ਰਹੇ ‘ਰਿਜ਼ਰਵੇਸ਼ਨ ਚੋਰ ਫੜੋ ਮੋਰਚੇ’ ਤੇ ਸ਼੍ਰੀ ਗੁਰੂ ਰਵਿਦਾਸ ਜੀ ਦਾ 649ਵਾਂ ਪ੍ਰਕਾਸ਼ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ। ਪਿੰਡ ਕੁੰਭੜਾ ਦੀਆਂ ਬੀਬੀਆਂ ਦੇ ਜੱਥੇ ਨੇ ਸ਼੍ਰੀ ਸੁਖਮਨੀ ਸਾਹਿਬ ਦਾ ਪਾਠ ਆਈ ਸੰਗਤ ਨੂੰ ਸਰਵਣ ਕਰਾਇਆ ਤੇ ਅਰਦਾਸ ਉਪਰੰਤ ਚਾਹ ਅਤੇ ਪਕੌੜਿਆਂ ਦਾ ਅਤੁੱਟ ਲੰਗਰ ਵਰਤਾਇਆ ਗਿਆ। ਰਾਹਗੀਰਾਂ ਨੇ ਚਾਹ ਪਕੌੜਿਆਂ ਦਾ ਲੰਗਰ ਛਕਿਆ ਤੇ ਗੁਰੂ ਸਾਹਿਬ ਦੀ ਬਾਣੀ ਦਾ ਕੀਰਤਨ ਸਰਵਣ ਕੀਤਾ। ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਦੇ ਜ਼ਿਲਾ ਮੋਹਾਲੀ ਦੇ ਪ੍ਰਧਾਨ ਪਹਿਲਵਾਨ ਅਮਰਜੀਤ ਸਿੰਘ ਗਿੱਲ ਨੇ ਆਪਣੇ ਸਾਥੀਆਂ ਸਮੇਤ ਵਿਸ਼ੇਸ਼ ਤੌਰ ਤੇ ਹਾਜ਼ਰੀ ਲਗਵਾਈ। ਉਨਾਂ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਸ਼੍ਰੀ ਗੁਰੂ ਰਵਿਦਾਸ ਜੀ ਦੇ ਦਿੱਤੇ ਉਪਦੇਸ਼ਾਂ ਤੇ ਚੱਲਣ ਦੀ ਅਪੀਲ ਕੀਤੀ ਤੇ ਚੱਲ ਰਹੇ ਲੰਗਰ ਵਿੱਚ ਸੇਵਾ ਕਰਵਾਈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੋਰਚਾ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਨੇ ਕਿਹਾ ਕਿ ਸਾਡੇ ਬਹੁਤ ਚੰਗੇ ਭਾਗ ਹਨ ਕਿ ਇਸ ਮੋਰਚੇ ਸਥਾਨ ਤੇ ਹਰ ਇੱਕ ਗੁਰਪੁਰਬ, ਸ਼ਹੀਦੀ ਦਿਹਾੜੇ ਆਦਿ ਤੇ ਲੰਗਰ ਲਗਾਏ ਜਾਂਦੇ ਹਨ ਤੇ ਗੁਰਬਾਣੀ ਦਾ ਪਾਠ ਕੀਤਾ ਜਾਂਦਾ ਹੈ। ਉਹਨਾਂ ਕਿਹਾ ਕਿ ਮੌਜੂਦਾ ਜਾਂ ਸਾਬਕਾ ਵਿਧਾਇਕਾਂ ਨੇ ਮੋਰਚੇ ਤੇ ਆਪਣੀ ਹਾਜ਼ਰੀ ਲਗਵਾਉਣੀ ਜਰੂਰੀ ਨਹੀਂ ਸਮਝੀ। ਜਦਕਿ ਵੋਟਾਂ ਦੇ ਸਮੇਂ ਵਿੱਚ ਇਹਨਾਂ ਲੀਡਰਾਂ ਨੂੰ ਐਸ ਸੀ ਬੀਸੀ ਲੋਕ ਯਾਦ ਆਉਂਦੇ ਹਨ ਤੇ ਘਰ ਘਰ ਜਾ ਕੇ ਉਹਨਾਂ ਦੀਆਂ ਮਿਨਤਾਂ ਤੇ ਤਰਲੇ ਕਰਦੇ ਹਨ। ਦੋ ਸਾਲਾਂ ਤੋਂ ਚੱਲ ਰਹੇ ਮੋਰਚੇ ਦੀਆਂ ਮੰਗਾਂ ਦੇ ਮਾਮਲੇ ਤੇ ਪੰਜਾਬ ਸਰਕਾਰ ਨੇ ਵੀ ਕੋਈ ਉਚਿਤ ਕਾਰਵਾਈ ਨਹੀਂ ਕੀਤੀ।
ਇਸ ਮੌਕੇ ਮੋਰਚੇ ਦੇ ਸੀਨੀਅਰ ਆਗੂ ਹਰਨੇਕ ਸਿੰਘ ਮਲੋਆ, ਮਾਸਟਰ ਬਨਵਾਰੀ ਲਾਲ, ਗੁਰਨਾਮ ਕੌਰ ਸਾਬਕਾ ਬਲਾਕ ਸੰਮਤੀ ਮੈਂਬਰ ਨੇ ਸੰਬੋਧਨ ਕੀਤਾ ਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਜੀਵਨ ਦਾ ਅਧਾਰ ਬਣਾਕੇ ਚੱਲਣ ਦੀ ਪ੍ਰੇਰਣਾ ਦਿੱਤੀ।
ਇਸ ਮੌਕੇ ਕਰਮ ਸਿੰਘ ਕੁਰੜੀ, ਸੁਰਿੰਦਰ ਸਿੰਘ, ਨੰਬਰਦਾਰ ਬਲਵਿੰਦਰ ਸਿੰਘ ਮਲੋਆ, ਦਰਸ਼ਨ ਸਿੰਘ ਬਾਠ, ਨੰਬਰਦਾਰ ਬਰਜਿੰਦਰ ਸਿੰਘ, ਮਹਿੰਦਰ ਸਿੰਘ ਰਾਜ ਗਿੱਲ, ਬੱਬਲ ਚੌਪੜਾ, ਰੁਪਿੰਦਰ ਕੌਰ, ਜਸਵਿੰਦਰ ਕੌਰ, ਮਨਪ੍ਰੀਤ ਕੌਰ, ਨੀਲਮ, ਸੁਰਜੀਤ ਕੌਰ, ਰਜਿੰਦਰ ਕੌਰ ਮੱਕੜਿਆ, ਹਰਪਾਲ ਸਿੰਘ, ਕੁਲਦੀਪ ਸਿੰਘ, ਪਰਮਿੰਦਰ ਸਿੰਘ, ਮਨਦੀਪ ਸਿੰਘ, ਕਰਮਜੀਤ ਸਿੰਘ ਆਦਿ ਹਾਜ਼ਰ ਹੋਏ।












