ਚੰਡੀਗੜ੍ਹ/ਅੰਮ੍ਰਿਤਸਰ, 12 ਫਰਵਰੀ ,ਬੋਲੇ ਪੰਜਾਬ ਬਿਊਰੋ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਨਾਰਕੋ-ਤਸਕਰੀ ਨੈੱਟਵਰਕ ਨਾਲ ਜੁੜੇ ਦੋ ਕਾਰਕੁਨਾਂ ਨੂੰ 7.6 ਕਿਲੋਗ੍ਰਾਮ ਹੈਰੋਇਨ ਅਤੇ 21,800 ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫਤਾਰ ਕਰਕੇ ਇਸ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਾਹਿਬਪ੍ਰੀਤ ਸਿੰਘ ਉਰਫ਼ ਸਾਹਿਬ (19), ਵਾਸੀ ਫਤਿਹਗੜ੍ਹ ਚੂੜੀਆਂ, ਬਟਾਲਾ ਅਤੇ ਮੌਜੂਦਾ ਪਤਾ ਛੇਹਰਟਾ, ਅੰਮ੍ਰਿਤਸਰ ਅਤੇ ਗਗਨਦੀਪ ਸਿੰਘ ਉਰਫ਼ ਗਗਨ (26) ਵਾਸੀ ਗੁਰੂ ਨਾਨਕਪੁਰਾ, ਕੋਟ ਖਾਲਸਾ, ਅੰਮ੍ਰਿਤਸਰ ਵਜੋਂ ਹੋਈ ਹੈ। ਦੋਵੇਂ ਮੁਲਜ਼ਮ ਅਪਰਾਧਿਕ ਪਿਛੋਕੜ ਵਾਲੇ ਹਨ ਅਤੇ ਇਹਨਾਂ ਵਿਰੁੱਧ ਅਸਲਾ ਐਕਟ ਅਤੇ ਲੁੱਟ-ਖੋਹ ਨਾਲ ਸਬੰਧਤ ਮਾਮਲੇ ਦਰਜ ਹਨ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਰਚੁਅਲ ਨੰਬਰਾਂ ਰਾਹੀਂ ਦੁਬਈ ਸਥਿਤ ਇੱਕ ਹੈਂਡਲਰ ਜੋ ਪਾਕਿਸਤਾਨ ਤੋਂ ਡਰੋਨ ਰਾਹੀਂ ਹੈਰੋਇਨ ਦੀ ਖੇਪ ਭੇਜਣਾ ਯਕੀਨੀ ਬਣਾਉਂਦਾ ਸੀ ਅਤੇ ਪਿਕਅੱਪ ਸਥਾਨਾਂ ਅਤੇ ਸਪਲਾਈ ਚੇਨ ਬਾਰੇ ਨਿਰਦੇਸ਼ ਦਿੰਦਾ ਸੀ, ਦੇ ਸੰਪਰਕ ਵਿੱਚ ਸਨ। ਉਨ੍ਹਾਂ ਦੱਸਿਆ ਕਿ ਦੁਬਈ ਸਥਿਤ ਹੈਂਡਲਰ ਨਸ਼ੀਲੇ ਪਦਾਰਥਾਂ ਦੇ ਕਈ ਨੈੱਟਵਰਕਾਂ ਅਤੇ 43 ਕਿਲੋਗ੍ਰਾਮ ਹੈਰੋਇਨ ਦੀ ਬਰਾਮਦਗੀ ਨਾਲ ਸਬੰਧਤ ਇੱਕ ਵੱਡੇ ਐਨਡੀਪੀਐਸ ਕੇਸ ਨਾਲ ਵੀ ਜੁੜਿਆ ਹੋਇਆ ਹੈ।
ਡੀਜੀਪੀ ਨੇ ਦੱਸਿਆ ਕਿ ਇਸ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।
ਇਸ ਆਪਰੇਸ਼ਨ ਬਾਰੇ ਹੋਰ ਜਾਣਕਾਰੀ ਦਿੰਦਿਆਂ, ਕਮਿਸ਼ਨਰ ਆਫ ਪੁਲਿਸ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਖਾਸ ਅਤੇ ਭਰੋਸੇਯੋਗ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਇੱਕ ਯੋਜਨਾਬੱਧ ਆਪਰੇਸ਼ਨ ਚਲਾਇਆ ਅਤੇ ਦੋਵਾਂ ਸ਼ੱਕੀਆਂ ਨੂੰ 7.6 ਕਿਲੋਗ੍ਰਾਮ ਹੈਰੋਇਨ ਅਤੇ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰ ਲਿਆ।
ਸੀਪੀ ਨੇ ਦੱਸਿਆ ਕਿ ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਦੁਬਈ ਸਥਿਤ ਹੈਂਡਲਰ ਨਸ਼ੀਲੇ ਪਦਾਰਥਾਂ ਦੇ ਕਈ ਨੈੱਟਵਰਕ ਚਲਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ ਹੈ।
ਇਸ ਸਬੰਧੀ, ਐਫਆਈਆਰ ਨੰਬਰ 29 ਮਿਤੀ 11.02.2026 ਨੂੰ ਥਾਣਾ ਛੇਹਰਟਾ, ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21-ਸੀ, 25 ਅਤੇ 27-ਏ ਤਹਿਤ ਦਰਜ ਕੀਤੀ ਗਈ ਹੈ।












