ਚੰਡੀਗੜ੍ਹ, 12 ਫ਼ਰਵਰੀ, ਬੋਲੇ ਪੰਜਾਬ ਬਿਊਰੋ :
ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਜਲੰਧਰ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੰਮਨ ਭੇਜਿਆ ਹੈ। ਉਨ੍ਹਾਂ ਨੂੰ ਵਿਦੇਸ਼ੀ ਮੁਦਰਾ ਪ੍ਰਬੰਧਨ ਐਕਟ (ਫੇਮਾ) ਤਹਿਤ ਦਰਜ ਇੱਕ ਪੁਰਾਣੇ ਮਾਮਲੇ ਵਿੱਚ ਅੱਜ 12 ਫਰਵਰੀ ਨੂੰ ਏਜੰਸੀ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ।
ਹਾਲਾਂਕਿ, ਸੂਤਰਾਂ ਤੋਂ ਪਤਾ ਲੱਗਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਨਿਰਧਾਰਤ ਸਮੇਂ ‘ਤੇ ਈਡੀ ਸਾਹਮਣੇ ਪੇਸ਼ ਨਹੀਂ ਹੋਣਗੇ। ਉਹ ਇਸ ਸਮੇਂ ਚੰਡੀਗੜ੍ਹ ਦੇ ਹਸਪਤਾਲ ਵਿੱਚ ਦਾਖਲ ਹਨ ਅਤੇ ਉਨ੍ਹਾਂ ਨੇ ਗੋਡੇ ਬਦਲਣ ਦੀ ਸਰਜਰੀ ਕਰਵਾਈ ਹੈ।
ਸੂਤਰਾਂ ਅਨੁਸਾਰ, ਇਹ ਮਾਮਲਾ ਉਨ੍ਹਾਂ ਦੇ ਪੁੱਤਰ ਰਣਇੰਦਰ ਸਿੰਘ ਨਾਲ ਸੰਬੰਧਤ ਇੱਕ ਟਰੱਸਟ ਨਾਲ ਜੁੜੇ ਪੁਰਾਣੇ ਮਾਮਲੇ ਨਾਲ ਸਬੰਧਤ ਹੈ। ਦੱਸਿਆ ਜਾ ਰਿਹਾ ਹੈ ਕਿ ਚੱਲ ਰਹੀ ਜਾਂਚ ਦੇ ਹਿੱਸੇ ਵਜੋਂ ਫੇਮਾ ਦੀਆਂ ਧਾਰਾਵਾਂ ਤਹਿਤ ਸੰਮਨ ਜਾਰੀ ਕੀਤੇ ਗਏ ਹਨ।
ਇਸ ਦੌਰਾਨ ਰਣਇੰਦਰ ਸਿੰਘ ਨੇ ਇੱਕ ਸੋਸ਼ਲ ਮੀਡੀਆ ਪੋਸਟ ਵਿੱਚ ਲਿਖਿਆ, “ਕਾਨੂੰਨ ਦੀ ਪਾਲਣਾ ਕਰਨ ਵਾਲੇ ਨਾਗਰਿਕ ਹੋਣ ਦੇ ਨਾਤੇ, ਅਸੀਂ ਹਰ ਜਾਂਚ ਏਜੰਸੀ ਨਾਲ ਪੂਰਾ ਸਹਿਯੋਗ ਕਰਾਂਗੇ। ਸਾਨੂੰ ਕਾਨੂੰਨ ‘ਤੇ ਪੂਰਾ ਵਿਸ਼ਵਾਸ ਹੈ ਅਤੇ ਸਾਨੂੰ ਵਿਸ਼ਵਾਸ ਹੈ ਕਿ ਸੱਚਾਈ ਅਤੇ ਨਿਆਂ ਦੀ ਜਿੱਤ ਹੋਵੇਗੀ।”












