ਚੰਡੀਗੜ੍ਹ, 18 ਫਰਵਰੀ ,ਬੋਲੇ ਪੰਜਾਬ ਬਿਊਰੋ:
ਪੰਜਾਬ ਭਾਜਪਾ ਦੇ ਉਪ ਪ੍ਰਧਾਨ ਅਤੇ ਸਾਬਕਾ ਵਿਧਾਇਕ ਸ੍ਰੀ ਫਤਿਹ ਜੰਗ ਸਿੰਘ ਬਾਜਵਾ ਨੇ ਕਿਹਾ ਹੈ ਕਿ ਤਰਨਤਾਰਨ ਜ਼ਿਲ੍ਹੇ ਦੇ ਪੱਟੀ ਵਿਧਾਨ ਸਭਾ ਹਲਕੇ ਦੇ ਪਿੰਡ ਠਠੀਆਂ ਮਹੰਤਾ ਦੇ ਸਰਪੰਚ ਦੇ ਕਤਲ ਨੇ ਇੱਕ ਵਾਰ ਫਿਰ ਪੰਜਾਬ ਦੀ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਉਜਾਗਰ ਕਰ ਦਿੱਤਾ ਹੈ। ਇੱਥੇ ਜਾਰੀ ਇੱਕ ਬਿਆਨ ਵਿੱਚ ਬਾਜਵਾ ਨੇ ਕਿਹਾ ਕਿ ਜਿਸ ਤਰੀਕੇ ਨਾਲ ਇੱਕ ਵਿਆਹ ਸਮਾਗਮ ਦੌਰਾਨ ਜਨਤਕ ਤੌਰ ‘ਤੇ ਇਹ ਕਤਲ ਕੀਤਾ ਗਿਆ, ਉਸ ਤੋਂ ਸਾਫ਼ ਪਤਾ ਲੱਗਦਾ ਹੈ ਕਿ ਪੰਜਾਬ ਵਿੱਚ ਅਪਰਾਧੀਆਂ ਅਤੇ ਕਾਤਲਾਂ ਨੂੰ ਨਾ ਤਾਂ ਸਰਕਾਰ ਦਾ ਡਰ ਹੈ ਅਤੇ ਨਾ ਹੀ ਕਾਨੂੰਨ ਦਾ। ਉਨ੍ਹਾਂ ਕਿਹਾ ਕਿ ਮ੍ਰਿਤਕ ਸੂਬੇ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਦਾ ਮੌਜੂਦਾ ਸਰਪੰਚ ਸੀ। ਬਾਜਵਾ ਨੇ ਕਿਹਾ ਕਿ ਜਦੋਂ ਸੂਬੇ ਵਿੱਚ ਸੱਤਾਧਾਰੀ ਪਾਰਟੀ ਦੇ ਚੁਣੇ ਹੋਏ ਨੁਮਾਇੰਦੇ ਵੀ ਸੁਰੱਖਿਅਤ ਨਹੀਂ ਹਨ, ਤਾਂ ਆਮ ਆਦਮੀ ਦੀ ਸੁਰੱਖਿਆ ਪਰਮਾਤਮਾ ‘ਤੇ ਛੱਡ ਦਿੱਤੀ ਜਾਂਦੀ ਹੈ। ਸੀਨੀਅਰ ਭਾਜਪਾ ਆਗੂ ਨੇ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਦੇ ਡੀਜੀਪੀ ਅਤੇ ਮੁੱਖ ਸਕੱਤਰ ਨੇ ਮੋਗਾ ਰੈਲੀ ਵਿੱਚ ਆਮ ਆਦਮੀ ਪਾਰਟੀ ਨਾਲ ਸਟੇਜ ਸਾਂਝੀ ਕੀਤੀ, ਉਸ ਤੋਂ ਇਹ ਸੁਨੇਹਾ ਗਿਆ ਕਿ ਪੰਜਾਬ ਦੀ ਸਿਖਰਲੀ ਨੌਕਰਸ਼ਾਹੀ ਆਮ ਆਦਮੀ ਪਾਰਟੀ ਨਾਲ ਭਾਈਵਾਲ ਬਣ ਗਈ ਹੈ। ਇਸੇ ਕਰਕੇ ਗੈਂਗਸਟਰ ਹੁਣ ਪੁਲਿਸ ਤੋਂ ਨਹੀਂ ਡਰਦੇ। ਉਨ੍ਹਾਂ ਕਿਹਾ ਕਿ ਪੰਜਾਬ ਵਰਗੇ ਸਰਹੱਦੀ ਸੂਬੇ ਵਿੱਚ ਅਜਿਹੀ ਸਥਿਤੀ ਬਹੁਤ ਚਿੰਤਾਜਨਕ ਹੈ। ਉਨ੍ਹਾਂ ਰਾਜਪਾਲ ਤੋਂ ਕਾਨੂੰਨ ਵਿਵਸਥਾ ਦੇ ਮਾਮਲਿਆਂ ਵਿੱਚ ਤੁਰੰਤ ਦਖਲ ਦੀ ਮੰਗ ਕੀਤੀ। ਘਟਨਾ ਦੀ ਨੈਤਿਕ ਜ਼ਿੰਮੇਵਾਰੀ ਲੈਂਦੇ ਹੋਏ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੁਲਿਸ ਡਾਇਰੈਕਟਰ ਜਨਰਲ ਦੇ ਅਸਤੀਫ਼ੇ ਦੀ ਮੰਗ ਕੀਤੀ।












