ਨਵੀਂ ਦਿੱਲੀ, 22 ਫਰਵਰੀ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):-
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਭਾਰਤ ਅਮਰੀਕਾ ਕਰ ਮੁਕਤ ਵਪਾਰ ਸਮਝੌਤੇ ਦੇ ਖਿਲਾਫ਼ ਤੇ ਹੋਰ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਕਿਸਾਨਾਂ ਨੇ ਵਿਸ਼ਾਲ ਰੋਸ ਪ੍ਰਦਰਸ਼ਨ ਕਰਦਿਆਂ 11 ਵਜੇ ਤੋਂ 3 ਵਜੇ ਤੱਕ ਰੋਸ਼ ਧਰਨਾ ਦਿੱਤਾ ਅਤੇ ਮੰਗ ਕੀਤੀ ਕਿ ਭਾਰਤ ਅਮਰੀਕਾ ਕਰ ਮੁਕਤ ਵਪਾਰ ਸਮਝੌਤਾ ਰੱਦ ਕੀਤਾ ਜਾਵੇ, ਬਿਜਲੀ ਬਿੱਲ ਤੇ ਬੀਜ ਬਿਲ 2025 ਅਤੇ ਲੇਬਰ ਕੋਡ ਰੱਦ ਕੀਤੇ ਜਾਣ, ਨਰੇਗਾ ਨੂੰ ਬਹਾਲ ਕੀਤਾ ਜਾਵੇ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਬੀਕੇਯੂ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਬੀਕੇਯੂ ਡਕੌਂਦਾ ਬੁਰਜਗਿੱਲ ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਭੱਟੀਵਾਲ, ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ, ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਸੂਬਾ ਆਗੂ ਮੇਜਰ ਸਿੰਘ ਪੁੰਨਾਂਵਾਲ, ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਆਗੂ ਉੱਦਮ ਸਿੰਘ ਸੰਤੋਖਪੁਰਾ, ਕੁੱਲ ਹਿੰਦ ਕਿਸਾਨ ਸਭਾ ਅਜੇ ਭਵਨ ਦੇ ਸੂਬਾ ਆਗੂ ਬਲਦੇਵ ਸਿੰਘ ਨਿਹਾਲਗੜ੍ਹ, ਬੀਕੇਯੂ ਰਾਜੇਵਾਲ ਦੇ ਜ਼ਿਲ੍ਹਾ ਆਗੂ ਕੁਲਵਿੰਦਰ ਸਿੰਘ ਮਾਝਾ, ਬੀਕੇਯੂ ਡਕੌਂਦਾ ਧਨੇਰ ਦੇ ਜ਼ਿਲ੍ਹਾ ਸਕੱਤਰ ਜਗਤਾਰ ਸਿੰਘ ਦੁੱਗਾਂ ਨੇ ਦੱਸਿਆ ਕਿ ਮੋਦੀ ਸਰਕਾਰ ਨੇ ਅਮਰੀਕਾ ਨਾਲ ਕਰ ਮੁਕਤ ਵਪਾਰ ਸਮਝੌਤਾ ਕਰਕੇ ਦੇਸ਼ ਦੀ ਪ੍ਰਭੂਸੱਤਾ ਨੂੰ, ਅਤੇ ਕਿਸਾਨਾਂ ਮਜ਼ਦੂਰਾਂ ਦੇ ਰੁਜ਼ਗਾਰ ਨੂੰ ਦਾਅ ਤੇ ਲਗਾ ਦਿੱਤਾ। ਜੇਕਰ ਮੋਦੀ ਸਰਕਾਰ ਇਸ ਸਮਝੌਤੇ ਨੂੰ ਵਾਪਸ ਨਹੀਂ ਲੈਂਦੀ ਤਾਂ ਇਸ ਸੰਘਰਸ਼ ਨੂੰ ਹੋਰ ਵਿਸ਼ਾਲ ਕੀਤਾ ਜਾਵੇਗਾ ਅਤੇ ਆਉਣ ਵਾਲੇ ਸਮੇਂ ਵਿੱਚ 10 ਮਾਰਚ ਨੂੰ ਬਰਨਾਲਾ ਵਿਖੇ ਮਹਾਂ ਪੰਚਾਇਤ ਕਰਕੇ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਇਸ ਰੋਸ ਧਰਨੇ ਵਿੱਚ ਸਟੇਜ ਸਕੱਤਰ ਦੀ ਭੂਮਿਕਾ ਜਗਮੋਹਨ ਸਿੰਘ ਪਟਿਆਲਾ ਨੇ ਨਿਭਾਈ ਅਤੇ ਇਹਨਾਂ ਤੋਂ ਬਿਨਾਂ ਜਰਨੈਲ ਸਿੰਘ ਜਹਾਂਗੀਰ, ਜਗਤਾਰ ਸਿੰਘ ਲੱਡੀ, ਇੰਦਰਪਾਲ ਸਿੰਘ ਪੁੰਨਾਵਾਲ, ਲਾਭ ਸਿੰਘ ਨਮੋਲ, ਰਣਜੀਤ ਸਿੰਘ ਲੌਂਗੋਵਾਲ, ਦਰਸ਼ਨ ਸਿੰਘ ਕੂੰਨਰਾਂ, ਨਾਜਮ ਸਿੰਘ ਪੁੰਨਾਂਵਾਲ, ਮਨਜਿੰਦਰ ਸਿੰਘ ਘਾਬਦਾਂ ਰੋਹੀ ਸਿੰਘ ਮੰਗਵਾਲ, ਨਿਰਮਲ ਸਿੰਘ ਬਟੜਿਆਣਾ ਨੇ ਵੀ ਸੰਬੋਧਨ ਕੀਤਾ।












