ਚੰਡੀਗੜ੍ਹ 26 ਫਰਵਰੀ ,ਬੋਲੇ ਪੰਜਾਬ ਬਿਊਰੋ;
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਲਈ ਲਾਜ਼ਮੀ ਟੈਟ (Teacher Eligibility Test) ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਪੱਖ ਸਪੱਸ਼ਟ ਕਰਦਿਆਂ ਇੱਕ ਅਹਿਮ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਟੈਟ ਦੀ ਲਾਜ਼ਮੀ ਸ਼ਰਤ ਦੇ ਵਿਰੁੱਧ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਏਗੀ।
ਸਿੱਖਿਆ ਮੰਤਰੀ ਨੇ ਦੱਸਿਆ ਕਿ ਸਰਕਾਰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਹੀ ਹੈ ਅਤੇ ਅਧਿਆਪਕਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਜਲਦੀ ਹੀ ਸੁਪਰੀਮ ਕੋਰਟ ਵਿੱਚ ਇੱਕ ਰੀਵਿਊ ਪਟੀਸ਼ਨ ਦਾਇਰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦੀ ਕੋਸ਼ਿਸ਼ ਹੈ ਕਿ ਅਧਿਆਪਕਾਂ ਦੇ ਹਿੱਤਾਂ ਦੀ ਰਾਖੀ ਕੀਤੀ ਜਾ ਸਕੇ।
ਦਰਅਸਲ, ਅਧਿਆਪਕਾਂ ਦੀਆਂ ਪਦ-ਉੱਨਤੀਆਂ (Promotions) ਅਤੇ ਰੈਗੂਲਰ ਹੋਣ ਦੀ ਪ੍ਰਕਿਰਿਆ ਵਿੱਚ ਟੈਟ (TET) ਪਾਸ ਹੋਣਾ ਇੱਕ ਵੱਡੀ ਰੁਕਾਵਟ ਬਣਿਆ ਹੋਇਆ ਹੈ। ਕਈ ਪੁਰਾਣੇ ਅਧਿਆਪਕ ਜਥੇਬੰਦੀਆਂ ਲਗਾਤਾਰ ਮੰਗ ਕਰ ਰਹੀਆਂ ਸਨ ਕਿ ਉਨ੍ਹਾਂ ਨੂੰ ਇਸ ਸ਼ਰਤ ਤੋਂ ਛੋਟ ਦਿੱਤੀ ਜਾਵੇ ਕਿਉਂਕਿ ਉਨ੍ਹਾਂ ਦੀ ਨਿਯੁਕਤੀ ਸਮੇਂ ਅਜਿਹੇ ਨਿਯਮ ਨਹੀਂ ਸਨ।
ਹਰਜੋਤ ਬੈਂਸ ਨੇ ਕਿਹਾ, “ਅਸੀਂ ਆਪਣੇ ਅਧਿਆਪਕਾਂ ਦੇ ਨਾਲ ਖੜ੍ਹੇ ਹਾਂ। ਜੇਕਰ ਅਦਾਲਤੀ ਫੈਸਲਿਆਂ ਕਾਰਨ ਕੋਈ ਦਿੱਕਤ ਆ ਰਹੀ ਹੈ, ਤਾਂ ਅਸੀਂ ਦੇਸ਼ ਦੀ ਸਰਵਉੱਚ ਅਦਾਲਤ ਵਿੱਚ ਆਪਣਾ ਪੱਖ ਰੱਖਾਂਗੇ ਅਤੇ ਕਾਨੂੰਨੀ ਮਾਹਿਰਾਂ ਦੀ ਸਲਾਹ ਨਾਲ ਰੀਵਿਊ ਪਟੀਸ਼ਨ ਪਾਵਾਂਗੇ।”











