ਮੋਰਿੰਡਾ 8 ਮਾਰਚ ,ਬੋਲੇ ਪੰਜਾਬ ਬਿਊਰੋ;
ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਹੈ ਕਿ ਅਮਰੀਕਾ ਦੁਨੀਆ ਭਰ ਵਿੱਚ ਆਪਣਾ ਦਬਦਬਾ ਬਣਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੀ ਅਮਰੀਕਾ ਦੇ ਦਬਾਅ ਹੇਠ ਕੰਮ ਕਰਦੀ ਨਜ਼ਰ ਆ ਰਹੀ..
ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਹੈ ਕਿ ਅਮਰੀਕਾ ਦੁਨੀਆ ਭਰ ਵਿੱਚ ਆਪਣਾ ਦਬਦਬਾ ਬਣਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੀ ਅਮਰੀਕਾ ਦੇ ਦਬਾਅ ਹੇਠ ਕੰਮ ਕਰਦੀ ਨਜ਼ਰ ਆ ਰਹੀ ਹੈ। ਉਹ ਇੱਥੇ ਰੰਗੀ ਪੈਲੇਸ ਵਿੱਚ ਕਿਸਾਨਾਂ ਦੀ ਇਕੱਤਰਤਾ ਨੂੰ ਸੰਬੋਧਨ ਕਰ ਰਹੇ ਸਨ।
ਸ੍ਰੀ ਰਾਜੇਵਾਲ ਨੇ ਕਿਹਾ ਕਿ ਭਾਰਤ ਸਰਕਾਰ ਆਉਣ ਵਾਲੇ ਸਮੇਂ ਵਿੱਚ ਅਮਰੀਕਾ ਨਾਲ ਫਰੀ ਟਰੇਡ ਐਗਰੀਮੈਂਟ (ਐੱਫ ਟੀ ਏ) ਕਰਨ ਦੀ ਤਿਆਰੀ ਕਰ ਰਹੀ ਹੈ ਪਰ ਇਸ ਸਮਝੌਤੇ ਵਿੱਚ ਦੋਹਾਂ ਦੇਸ਼ਾਂ ਵਿਚਕਾਰ ਬਰਾਬਰੀ ਵਾਲੀ ਕੋਈ ਗੱਲ ਨਹੀਂ ਦਿਖਾਈ ਦਿੰਦੀ। ਉਨ੍ਹਾਂ ਦੱਸਿਆ ਕਿ ਇਸ ਤਹਿਤ ਅਮਰੀਕਾ ਤੋਂ ਆਉਣ ਵਾਲੀਆਂ ਵਸਤੂਆਂ ’ਤੇ ਲਗਪਗ ਜ਼ੀਰੋ ਡਿਊਟੀ ਹੋਵੇਗੀ ਜਦੋਂਕਿ ਭਾਰਤ ਵੱਲੋਂ ਭੇਜੇ ਜਾਣ ਵਾਲੇ ਸਾਮਾਨ ’ਤੇ ਕਰੀਬ 15 ਫ਼ੀਸਦੀ ਡਿਊਟੀ ਲੱਗੇਗੀ। ਉਨ੍ਹਾਂ ਦੋਸ਼ ਲਗਾਇਆ ਕਿ ਇਸ ਤਰ੍ਹਾਂ ਦੇ ਸਮਝੌਤੇ ਨਾਲ ਖੇਤੀ ਸੈਕਟਰ ਨੂੰ ਵੱਡਾ ਨੁਕਸਾਨ ਹੋ ਸਕਦਾ ਹੈ।.ਉਨ੍ਹਾਂ ਕਿਹਾ ਕਿ ਭਾਰਤ ਵਿੱਚ ਲਗਪਗ 86 ਫ਼ੀਸਦੀ ਕਿਸਾਨਾਂ ਕੋਲ ਪੰਜ ਏਕੜ ਤੋਂ ਘੱਟ ਜ਼ਮੀਨ ਹੈ ਜਦੋਂਕਿ ਅਮਰੀਕਾ ਵਿੱਚ ਕਿਸਾਨ ਹਜ਼ਾਰਾਂ ਏਕੜ ਜ਼ਮੀਨ ਦੇ ਮਾਲਕ ਹਨ ਅਤੇ ਉੱਥੇ ਸਰਕਾਰ ਵੱਲੋਂ ਖੇਤੀਬਾੜੀ ਨੂੰ ਲਗਪਗ 80 ਫ਼ੀਸਦੀ ਤੱਕ ਸਬਸਿਡੀ ਦਿੱਤੀ ਜਾਂਦੀ ਹੈ। ਅਜਿਹੇ ਹਾਲਾਤ ਵਿੱਚ ਦੋਵਾਂ ਦੇਸ਼ਾਂ ਦੇ ਕਿਸਾਨਾਂ ਵਿੱਚ ਮੁਕਾਬਲਾ ਬਰਾਬਰੀ ਦਾ ਨਹੀਂ ਰਹਿ ਸਕਦਾ।
ਕਿਸਾਨ ਆਗੂ ਨੇ ਪੰਜਾਬ ਵਿੱਚ ਵਧ ਰਹੀ ਕੈਂਸਰ ਦੀ ਸਮੱਸਿਆ ’ਤੇ ਵੀ ਚਿੰਤਾ ਜ਼ਾਹਿਰ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਾਣੀ ਵਿੱਚ ਨਾਈਟਰੇਟਸ, ਮੈਗਨੀਸ਼ੀਅਮ ਅਤੇ ਫਲੋਰਾਈਡ ਵਰਗੇ ਤੱਤਾਂ ਦੀ ਮਾਤਰਾ ਵਧਣ ਕਾਰਨ ਕੈਂਸਰ ਵਰਗੀਆਂ ਬਿਮਾਰੀਆਂ ਫੈਲ ਰਹੀਆਂ ਹਨ। ਸਰਵੇਖਣਾਂ ਮੁਤਾਬਕ ਪੰਜਾਬ ਦਾ ਹਰ ਚੌਥਾ ਵਿਅਕਤੀ ਕੈਂਸਰ ਦੀ ਲਪੇਟ ਵਿੱਚ ਆ ਰਿਹਾ ਹੈ, ਪਰ ਇਸ ਗੰਭੀਰ ਮਸਲੇ ਨੂੰ ਰਾਜਨੀਤਕ ਆਗੂਆਂ ਵੱਲੋਂ ਉੱਚਿਤ ਤਰਜੀਹ ਨਹੀਂ ਦਿੱਤੀ ਜਾ ਰਹੀ।
ਉਨ੍ਹਾਂ ਕਿਹਾ ਕਿ ਕੌਮਾਂਤਰੀ ਰਿਪੇਰੀਅਨ ਕਾਨੂੰਨ ਅਨੁਸਾਰ ਦਰਿਆਈ ਪਾਣੀਆਂ ’ਤੇ ਸਭ ਤੋਂ ਪਹਿਲਾ ਹੱਕ ਉਸ ਸੂਬੇ ਦਾ ਹੁੰਦਾ ਹੈ ਜਿਸ ਵਿੱਚੋਂ ਉਹ ਵਗਦੇ ਹਨ, ਪਰ ਕੇਂਦਰ ਸਰਕਾਰਾਂ ਵੱਲੋਂ ਸਮੇਂ-ਸਮੇਂ ’ਤੇ ਪੰਜਾਬ ਦੇ ਪਾਣੀਆਂ ਨੂੰ ਨਾਨ-ਰਿਪੇਰੀਅਨ ਸੂਬਿਆਂ ਨੂੰ ਦੇ ਕੇ ਪੰਜਾਬ ਨਾਲ ਨਿਆਂ ਨਹੀਂ ਕੀਤਾ ਗਿਆ।
ਸ੍ਰੀ ਰਾਜੇਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸੀਡ ਐਕਟ, ਬਿਜਲੀ ਐਕਟ ਅਤੇ ਹੋਰ ਕਾਨੂੰਨ ਜਲਦਬਾਜ਼ੀ ਵਿੱਚ ਲਿਆ ਕੇ ਸੂਬਿਆਂ ਦੇ ਹੱਕ ਘਟਾਏ ਜਾ ਰਹੇ ਹਨ, ਜਿਸ ਨਾਲ ਫੈੱਡਰਲ ਢਾਂਚਾ ਕਮਜ਼ੋਰ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ, ਮਜ਼ਦੂਰਾਂ ਅਤੇ ਹੋਰ ਮਿਹਨਤਕਸ਼ ਵਰਗਾਂ ਦੇ ਹੱਕਾਂ ਦੀ ਰੱਖਿਆ ਲਈ ਸੰਘਰਸ਼ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।
ਇਸ ਮੌਕੇ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਜਨਰਲ ਸਕੱਤਰ ਪਰਮਿੰਦਰ ਸਿੰਘ ਚਲਾਕੀ ਸਣੇ ਹੋਰ ਆਗੂਆਂ ਨੇ ਵੀ ਸੰਬੋਧਨ ਕੀਤਾ।












