ਰਸਨੀਤ ਕੌਰ ਕੰਬੋਜ ਦੀ ਇਹ ਵੱਡੀ ਕਾਮਯਾਬੀ ਸਾਰੇ ਘਨੌਰ ਹਲਕੇ ਅਤੇ ਪੰਜਾਬ ਲਈ ਮਾਣ ਦੀ ਗੱਲ ਹੈ ਅਤੇ ਨੌਜਵਾਨਾਂ ਲਈ ਵੱਡੀ ਪ੍ਰੇਰਣਾ ਹੈ: ਝਿੰਜਰ
ਘਨੌਰ 08 ਮਾਰਚ ,ਬੋਲੇ ਪੰਜਾਬ ਬਿਊਰੋ;
ਯੂਥ ਅਕਾਲੀ ਦਲ ਦੇ ਪ੍ਰਧਾਨ ਅਤੇ ਹਲਕਾ ਘਨੌਰ ਦੇ ਇੰਚਾਰਜ ਸਰਬਜੀਤ ਸਿੰਘ ਝਿੰਜਰ ਵੱਲੋਂ ਘਨੌਰ ਦੀ ਹੋਣਹਾਰ ਧੀ ਰਸਨੀਤ ਕੌਰ ਕੰਬੋਜ ਨੂੰ ਉਨ੍ਹਾਂ ਦੇ ਪਿੰਡ ਮਦਨਪੁਰ ਚਲਹੇੜੀ ਵਿਖੇ ਪਹੁੰਚ ਕੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦੀ ਇਸ ਵੱਡੀ ਪ੍ਰਾਪਤੀ ਲਈ ਦਿਲੋਂ ਵਧਾਈ ਦਿੱਤੀ ਗਈ। ਰਸਨੀਤ ਕੌਰ ਕੰਬੋਜ ਨੇ ਦੇਸ਼ ਦੀ ਸਭ ਤੋਂ ਵੱਕਾਰੀ ਪ੍ਰੀਖਿਆ Union Public Service Commission Examination ਵਿੱਚ ਆਲ ਇੰਡੀਆ 51ਵਾਂ ਰੈਂਕ ਹਾਸਲ ਕਰਕੇ ਆਪਣੇ ਮਾਪਿਆਂ, ਪਿੰਡ, ਹਲਕਾ ਘਨੌਰ ਅਤੇ ਪੂਰੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ।
ਇਸ ਮੌਕੇ ਸਰਬਜੀਤ ਸਿੰਘ ਝਿੰਜਰ ਨੇ ਕਿਹਾ ਕਿ ਰਸਨੀਤ ਕੌਰ ਕੰਬੋਜ ਦੀ ਇਹ ਇਤਿਹਾਸਕ ਕਾਮਯਾਬੀ ਪੰਜਾਬ ਦੇ ਨੌਜਵਾਨਾਂ ਲਈ ਇੱਕ ਵੱਡੀ ਪ੍ਰੇਰਣਾ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਉਪਲਬਧੀਆਂ ਇਹ ਦਰਸਾਉਂਦੀਆਂ ਹਨ ਕਿ ਜੇ ਨੌਜਵਾਨ ਮਿਹਨਤ, ਲਗਨ ਅਤੇ ਦ੍ਰਿੜ ਨਿਸ਼ਚੇ ਨਾਲ ਆਪਣੇ ਲਕਸ਼ ਵੱਲ ਅੱਗੇ ਵਧਣ ਤਾਂ ਕੋਈ ਵੀ ਮੰਜ਼ਿਲ ਹਾਸਲ ਕਰਨਾ ਅਸੰਭਵ ਨਹੀਂ।
ਉਨ੍ਹਾਂ ਕਿਹਾ ਕਿ ਪੰਜਾਬ ਦੀ ਮਿੱਟੀ ਵਿੱਚ ਬੇਅੰਤ ਹੁਨਰ ਅਤੇ ਕਾਬਲੀਅਤ ਹੈ ਅਤੇ ਅੱਜ ਦੀ ਨੌਜਵਾਨ ਪੀੜ੍ਹੀ ਦੇਸ਼ ਦੀ ਤਰੱਕੀ ਵਿੱਚ ਅਹਿਮ ਭੂਮਿਕਾ ਨਿਭਾਉਣ ਦੀ ਸਮਰਥਾ ਰੱਖਦੀ ਹੈ। ਉਨ੍ਹਾਂ ਨੇ ਕਿਹਾ ਕਿ ਰਸਨੀਤ ਕੌਰ ਕੰਬੋਜ ਵਰਗੇ ਹੋਣਹਾਰ ਵਿਦਿਆਰਥੀ ਨਾ ਸਿਰਫ਼ ਆਪਣੇ ਪਰਿਵਾਰ ਲਈ ਸਗੋਂ ਸਾਰੇ ਸਮਾਜ ਲਈ ਮਾਣ ਦਾ ਕਾਰਨ ਬਣਦੇ ਹਨ ਅਤੇ ਹੋਰ ਨੌਜਵਾਨਾਂ ਨੂੰ ਵੀ ਉੱਚੇ ਟੀਚੇ ਹਾਸਲ ਕਰਨ ਲਈ ਪ੍ਰੇਰਿਤ ਕਰਦੇ ਹਨ।
ਉਨ੍ਹਾਂ ਅੱਗੇ ਕਿਹਾ ਕਿ 2027 ਵਿੱਚ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ‘ਤੇ ਨੌਜਵਾਨਾਂ ਲਈ ਸਿੱਖਿਆ, ਰੁਜ਼ਗਾਰ ਅਤੇ ਹੁਨਰ ਵਿਕਾਸ ਦੇ ਹੋਰ ਵੱਡੇ ਮੌਕੇ ਪੈਦਾ ਕੀਤੇ ਜਾਣਗੇ। ਇਸਦੇ ਨਾਲ ਹੀ ਨੌਜਵਾਨਾਂ ਨੂੰ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਲਈ ਵਧੀਆ ਸਹੂਲਤਾਂ ਅਤੇ ਮਾਰਗਦਰਸ਼ਨ ਮੁਹੱਈਆ ਕਰਵਾਉਣ ਲਈ ਖਾਸ ਯੋਜਨਾਵਾਂ ਲਾਗੂ ਕੀਤੀਆਂ ਜਾਣਗੀਆਂ, ਤਾਂ ਜੋ ਪੰਜਾਬ ਦੇ ਨੌਜਵਾਨ ਦੇਸ਼ ਦੇ ਹਰ ਖੇਤਰ ਵਿੱਚ ਅੱਗੇ ਵਧ ਸਕਣ।
ਉਨ੍ਹਾਂ ਅੱਗੇ ਕਿਹਾ ਕਿ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਹੀ ਪੰਜਾਬ ਦੇ ਨੌਜਵਾਨਾਂ ਨੂੰ ਅੱਗੇ ਵਧਾਉਣ ਅਤੇ ਉਨ੍ਹਾਂ ਨੂੰ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਰਹੀ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਦਾ ਹਮੇਸ਼ਾ ਇਹ ਮੰਨਣਾ ਰਿਹਾ ਹੈ ਕਿ ਜੇ ਪੰਜਾਬ ਦੇ ਨੌਜਵਾਨ ਸਿੱਖਿਆ ਅਤੇ ਹੁਨਰ ਦੇ ਖੇਤਰ ਵਿੱਚ ਅੱਗੇ ਵਧਣਗੇ ਤਾਂ ਪੰਜਾਬ ਆਪਣੇ ਆਪ ਤਰੱਕੀ ਦੇ ਰਾਹ ‘ਤੇ ਅੱਗੇ ਵਧੇਗਾ।
ਅੰਤ ਵਿੱਚ ਸਰਬਜੀਤ ਸਿੰਘ ਝਿੰਜਰ ਨੇ ਰਸਨੀਤ ਕੌਰ ਕੰਬੋਜ ਨੂੰ ਇਸ ਇਤਿਹਾਸਕ ਪ੍ਰਾਪਤੀ ਲਈ ਇੱਕ ਵਾਰ ਫਿਰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਇਹ ਕਾਮਯਾਬੀ ਸਾਰੇ ਨੌਜਵਾਨਾਂ ਲਈ ਪ੍ਰੇਰਣਾ ਦਾ ਸਰੋਤ ਹੈ। ਉਨ੍ਹਾਂ ਕਿਹਾ ਕਿ ਪ੍ਰਮਾਤਮਾ ਰਸਨੀਤ ਕੌਰ ਕੰਬੋਜ ਨੂੰ ਸਦਾ ਚੜ੍ਹਦੀਕਲਾ ਵਿੱਚ ਰੱਖੇ ਅਤੇ ਉਹ ਆਪਣੀ ਮਿਹਨਤ, ਲਗਨ ਅਤੇ ਕਾਬਲੀਅਤ ਨਾਲ ਦੇਸ਼ ਅਤੇ ਸਮਾਜ ਦੀ ਸੇਵਾ ਕਰਦਿਆਂ ਹੋਰ ਨੌਜਵਾਨਾਂ ਲਈ ਮਾਰਗਦਰਸ਼ਕ ਬਣਨ।












