ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਮਾਰਚ, ਬੋਲੇ ਪੰਜਾਬ ਬਿਊਰੋ;
ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ, ਸ੍ਰੀਮਤੀ ਪ੍ਰਭਜੋਤ ਕੌਰ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਗਿਆ ਕਿ ਪੰਜਾਬ ਵਿੱਚ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਲਗਾਤਾਰ ਪੂਰੇ ਕਰ ਰਹੀ ਹੈ। ਪੰਜਾਬ ਸਰਕਾਰ ਲੋਕਾਂ ਨਾਲ ਕੀਤਾ ਗਿਆ ਹਰ ਵਾਅਦਾ ਪੂਰਾ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਰਾਜਨੀਤੀ ਦੀ ਨੀਂਹ ਇਮਾਨਦਾਰੀ, ਸਾਫ਼ ਨੀਅਤ ਅਤੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੀ ਵਚਨਬੱਧਤਾ ‘ਤੇ ਖੜੀ ਹੈ। ਉਨ੍ਹਾਂ ਕਿਹਾ ਕਿ ਰਵਾਇਤੀ ਰਾਜਨੀਤੀ ਵਿੱਚ ਚੋਣਾਂ ਦੌਰਾਨ ਵੱਡੇ ਵਾਅਦੇ ਤਾਂ ਕੀਤੇ ਜਾਂਦੇ ਹਨ ਪਰ ਚੋਣਾਂ ਤੋਂ ਬਾਅਦ ਉਹਨਾਂ ਨੂੰ ਅਕਸਰ ਭੁੱਲ ਜਾਇਆ ਜਾਂਦਾ ਹੈ, ਜਦਕਿ ਆਮ ਆਦਮੀ ਪਾਰਟੀ ਦੀ ਸਰਕਾਰ ਇਸ ਤੋਂ ਵੱਖਰੀ ਰਾਜਨੀਤੀ ਕਰ ਰਹੀ ਹੈ।
ਚੇਅਰਪਰਸਨ ਪ੍ਰਭਜੋਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਔਰਤਾਂ ਦੇ ਸਤਿਕਾਰ ਅਤੇ ਆਰਥਿਕ ਸਸ਼ਕਤੀਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ ਮੁੱਖ ਮੰਤਰੀ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਦਾ ਐਲਾਨ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ 18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਨੂੰ ਪ੍ਰਤੀ ਮਹੀਨਾ ਰੁਪਏ 1000 ਦੀ ਆਰਥਿਕ ਸਹਾਇਤਾ ਦਿੱਤੀ ਜਾਵੇਗੀ, ਜਦਕਿ ਸਮਾਜਿਕ ਨਿਆਂ ਨੂੰ ਯਕੀਨੀ ਬਣਾਉਣ ਲਈ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ ਰੁਪਏ 1500 ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਯੋਜਨਾ ਸਿਰਫ਼ ਵਿੱਤੀ ਸਹਾਇਤਾ ਨਹੀਂ, ਸਗੋਂ ਪੰਜਾਬ ਦੀਆਂ ਮਾਵਾਂ, ਭੈਣਾਂ ਅਤੇ ਧੀਆਂ ਦੇ ਸਨਮਾਨ ਦਾ ਪ੍ਰਤੀਕ ਹੈ। ਇਸ ਯੋਜਨਾ ਦਾ ਲਾਭ ਆਮਦਨ ਕਰ ਰਿਟਰਨ ਭਰਨ ਵਾਲੀਆਂ ਔਰਤਾਂ ਨੂੰ ਨਹੀਂ ਮਿਲੇਗਾ, ਜਦ ਕਿ ਦੂਸਰੀਆਂ ਔਰਤਾਂ ਜੋ ਕਿ ਆਮਦਨ ਕਰ ਰਿਟਰਨ ਨਹੀਂ ਭਰਦੀਆਂ, ਇਸ ਦੀਆਂ ਹੱਕਦਾਰ ਹੋਣਗੀਆ।
ਪ੍ਰਭਜੋਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਯੋਜਨਾ ਲਈ ਬਜਟ ਵਿੱਚ ਰੁਪਏ 9300 ਕਰੋੜ ਦੀ ਵੱਡੀ ਰਕਮ ਰੱਖੀ ਗਈ ਹੈ, ਜੋ ਕਿ ਦੇਸ਼ ਵਿੱਚ ਔਰਤਾਂ ਲਈ ਸਿੱਧੀ ਵਿੱਤੀ ਸਹਾਇਤਾ ਦੀਆਂ ਸਭ ਤੋਂ ਵੱਡੀਆਂ ਯੋਜਨਾਵਾਂ ਵਿੱਚੋਂ ਇੱਕ ਹੈ।
ਚੇਅਰਪਰਸਨ ਨੇ ਦੱਸਿਆ ਕਿ ਇਹ ਯੋਜਨਾ 13 ਅਪ੍ਰੈਲ ਨੂੰ ਵਿਸਾਖੀ ਦੇ ਪਵਿੱਤਰ ਦਿਨ ਤੋਂ ਸ਼ੁਰੂ ਕੀਤੀ ਜਾਵੇਗੀ। ਇਸ ਲਈ ਪੰਜਾਬ ਭਰ ਵਿੱਚ ਖ਼ਾਸ ਰਜਿਸਟ੍ਰੇਸ਼ਨ ਕੈਂਪ ਲਗਾਏ ਜਾਣਗੇ ਤਾਂ ਜੋ ਹਰ ਯੋਗ ਔਰਤ ਨੂੰ ਇਸ ਯੋਜਨਾ ਦਾ ਲਾਭ ਮਿਲ ਸਕੇ। ਉਨ੍ਹਾਂ ਕਿਹਾ ਕਿ ਇਹ ਯੋਜਨਾ ਪੰਜਾਬ ਦੀਆਂ ਲੱਖਾਂ ਔਰਤਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਅਤੇ ਸਵੈ-ਨਿਰਭਰ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗੀ।
ਪ੍ਰਭਜੋਤ ਕੌਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੰਨਣਾ ਹੈ ਕਿ ਜੇਕਰ ਔਰਤਾਂ ਮਜ਼ਬੂਤ ਹੋਣਗੀਆਂ ਤਾਂ ਪਰਿਵਾਰ ਮਜ਼ਬੂਤ ਹੋਣਗੇ ਅਤੇ ਜਦੋਂ ਪਰਿਵਾਰ ਮਜ਼ਬੂਤ ਹੋਣਗੇ ਤਾਂ ਸਮਾਜ ਵੀ ਮਜ਼ਬੂਤ ਬਣੇਗਾ।
ਅਖੀਰ ਵਿੱਚ ਪ੍ਰਭਜੋਤ ਕੌਰ ਨੇ ਕਿਹਾ ਕਿ ਜਿੱਥੇ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੀ ਹੈ, ਉੱਥੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ “ਕੇਜਰੀਵਾਲ ਦੀ ਗਰੰਟੀ” ਚੋਣਾਂ ਦਾ ਨਾਅਰਾ ਨਹੀਂ, ਸਗੋਂ ਲੋਕਾਂ ਨਾਲ ਕੀਤਾ ਗਿਆ ਭਰੋਸੇਯੋਗ ਵਾਅਦਾ ਹੈ, ਜਿਸ ਨੂੰ ਹਮੇਸ਼ਾ ਪੂਰਾ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਜੋ ਵਾਅਦੇ ਕੀਤੇ ਗਏ ਸਨ, ਉਹ ਸਾਰੇ ਪਹਿਲਾਂ ਹੀ ਪੂਰੇ ਕੀਤੇ ਜਾ ਚੁੱਕੇ ਹਨ। ਆਖਰੀ ਵਾਅਦਾ ਔਰਤਾਂ ਨੂੰ ਪ੍ਰਤੀ ਮਹੀਨਾ ਰੁਪਏ 1000 ਦੇਣ ਦਾ ਵਾਅਦਾ ਵੀ ਪੂਰਾ ਕਰ ਦਿੱਤਾ ਗਿਆ ਹੈ।












