ਲੁਧਿਆਣਾ, 12 ਮਾਰਚ ,ਬੋਲੇ ਪੰਜਾਬ ਬਿਊਰੋ;
ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੋਗਾ ਵਿੱਚ ਹੋਣ ਵਾਲੀ ਵਿਸ਼ਾਲ ਰੈਲੀ ’ਤੇ ਸਿਰਫ਼ ਪੰਜਾਬ ਹੀ ਨਹੀਂ, ਸਗੋਂ ਪੂਰੇ ਦੇਸ਼ ਅਤੇ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀ ਨਜ਼ਰ ਟਿਕੀ ਹੋਈ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਇਹ ਰੈਲੀ ਪੰਜਾਬ ਦੀ ਰਾਜਨੀਤੀ ਵਿੱਚ ਇੱਕ ਨਵਾਂ ਮੋੜ ਲਿਆਵੇਗੀ ਅਤੇ ਸੂਬੇ ਵਿੱਚ ਬਦਲਾਅ ਦੀ ਸ਼ੁਰੂਆਤ ਸਾਬਤ ਹੋਵੇਗੀ।
ਉੱਭਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਮੋਰਚੇ ’ਤੇ ਨਾਕਾਮ ਰਹੀ ਹੈ। ਪੰਜਾਬ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਚਿੰਤਾਜਨਕ ਬਣ ਚੁੱਕੀ ਹੈ, ਨਸ਼ੇ ਦਾ ਕਾਰੋਬਾਰ ਲਗਾਤਾਰ ਵੱਧ ਰਿਹਾ ਹੈ, ਨੌਜਵਾਨ ਬੇਰੋਜ਼ਗਾਰੀ ਨਾਲ ਜੂਝ ਰਹੇ ਹਨ ਅਤੇ ਕਿਸਾਨ ਤੇ ਵਪਾਰੀ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦਾ ਭਰੋਸਾ ਮੌਜੂਦਾ ਸਰਕਾਰ ਤੋਂ ਪੂਰੀ ਤਰ੍ਹਾਂ ਉੱਠ ਚੁੱਕਾ ਹੈ।
ਉਨ੍ਹਾਂ ਕਿਹਾ ਕਿ ਸੂਬੇ ਵਿੱਚ ਵਿਰੋਧੀ ਧਿਰ ਦੇ ਰੂਪ ਵਿੱਚ ਬੈਠੀ ਕਾਂਗਰਸ ਵੀ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਨਹੀਂ ਉਤਰੀ। ਕਾਂਗਰਸ ਦੇ ਸ਼ਾਸਨ ਦੌਰਾਨ ਵੀ ਪੰਜਾਬ ਨੇ ਭ੍ਰਿਸ਼ਟਾਚਾਰ, ਕਮਜ਼ੋਰ ਪ੍ਰਸ਼ਾਸਨ ਅਤੇ ਵਿਕਾਸ ਦੀ ਕਮੀ ਦਾ ਸਾਹਮਣਾ ਕੀਤਾ, ਜਿਸ ਕਾਰਨ ਲੋਕ ਹੁਣ ਕਾਂਗਰਸ ਅਤੇ ਮੌਜੂਦਾ ਭਗਵੰਤ ਮਾਨ ਸਰਕਾਰ ਦੋਵਾਂ ਤੋਂ ਹਤਾਸ਼ ਤੇ ਨਿਰਾਸ਼ ਹੋ ਚੁੱਕੇ ਹਨ।
ਉੱਭਾ ਨੇ ਕਿਹਾ ਕਿ ਪੰਜਾਬ ਦੀ ਜਨਤਾ ਹੁਣ ਮਜ਼ਬੂਤ ਵਿਕਾਸਸ਼ੀਲ ਤੇ ਦ੍ਰਿੜ ਇਰਾਦੇ ਵਾਲਾ ਨੇਤ੍ਰਿਤਵ ਚਾਹੁੰਦੀ ਹੈ ਅਤੇ ਇਹ ਨੇਤ੍ਰਿਤਵ ਸਿਰਫ਼ ਬੀਜੇਪੀ ਹੀ ਦੇ ਸਕਦੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਹਮੇਸ਼ਾ ਪੰਜਾਬ ਦੇ ਵਿਕਾਸ ਲਈ ਵੱਡੇ ਫੈਸਲੇ ਕੀਤੇ ਹਨ, ਜਦਕਿ ਰਾਜ ਵਿੱਚ ਰਹੀਆਂ ਸਰਕਾਰਾਂ ਸਿਰਫ਼ ਰਾਜਨੀਤੀ ਕਰਦੀਆਂ ਰਹੀਆਂ ਹਨ।
ਹਰਦੇਵ ਸਿੰਘ ਉੱਭਾ ਨੇ ਕਿਹਾ ਕਿ ਮੋਗਾ ਰੈਲੀ ਵਿੱਚ ਪੰਜਾਬ ਦੇ ਕੋਨੇ-ਕੋਨੇ ਤੋਂ ਲੋਕਾਂ ਦਾ ਵੱਡਾ ਇਤਿਹਾਸਕ ਇਕੱਠਾ ਹੋਵੇਗਾ ਅਤੇ ਇਹ ਰੈਲੀ 2027 ਵਿੱਚ ਆਉਣ ਵਾਲੇ ਵੱਡੇ ਰਾਜਨੀਤਿਕ ਬਦਲਾਅ ਦਾ ਸੰਕੇਤ ਦੇਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਹੁਣ ਫੈਸਲਾ ਕਰ ਚੁੱਕੀ ਹੈ ਕਿ ਸੂਬੇ ਵਿੱਚ ਵਿਕਾਸ, ਅਮਨ-ਚੈਨ ਅਤੇ ਉਦਯੋਗ ਲਿਆਉਣ ਲਈ ਭਾਜਪਾ ਨੂੰ ਮਜ਼ਬੂਤ ਕਰਨਾ ਹੀ ਇਕੱਲਾ ਰਸਤਾ ਹੈ।












