ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਮਾਰਚ ,ਬੋਲੇ ਪੰਜਾਬ ਬਿਊਰੋ:
ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚਲਾਈ ਜਾ ਰਹੀ ਮੁਹਿੰਮ ‘ਸਾਡੇ ਬਜ਼ੁਰਗ ਸਾਡਾ ਮਾਣ’ (ਸਟੇਟ ਐਕਸ਼ਨ ਪਲਾਨ 2025-26) ਤਹਿਤ ਪਿੰਡ ਸੋਹਾਣਾ ਵਿਖੇ ਬਜ਼ੁਰਗਾਂ ਲਈ ਇੱਕ ਵਿਸ਼ੇਸ਼ ਸਿਹਤ ਅਤੇ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਐੱਸ. ਏ. ਐੱਸ. ਨਗਰ (ਮੋਹਾਲੀ) ਨਵਦੀਪ ਕੌਰ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਸੀਨੀਅਰ ਸਿਟੀਜ਼ਨਾਂ ਦੀ ਮਾਹਿਰ ਡਾਕਟਰੀ ਟੀਮਾਂ ਪਾਸੋਂ ਸਿਹਤ ਜਾਂਚ ਕਰਵਾਈ ਗਈ ਅਤੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਮੁਹੱਈਆ ਕਰਵਾਈਆਂ ਗਈਆਂ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮੌਕੇ ਲੋੜਵੰਦਾਂ ਦੀਆਂ ਬੁਢਾਪਾ ਪੈਨਸ਼ਨਾਂ ਲਗਾਉਣ ਅਤੇ ਸੀਨੀਅਰ ਸਿਟੀਜ਼ਨ ਕਾਰਡ ਬਣਾਉਣ ਦੀ ਪ੍ਰਕਿਰਿਆ ਮੌਕੇ ‘ਤੇ ਹੀ ਮੁਕੰਮਲ ਕੀਤੀ ਗਈ ਅਤੇ ਬਜ਼ੁਰਗਾਂ ਨੂੰ ਵੱਖ-ਵੱਖ ਸਰਕਾਰੀ ਭਲਾਈ ਸਕੀਮਾਂ, ਕਾਨੂੰਨੀ ਸਹਾਇਤਾ ਅਤੇ ਬੈਂਕ ਫਰਾਡਾਂ ਤੋਂ ਬਚਣ ਬਾਰੇ ਵਿਸ਼ੇਸ਼ ਤੌਰ ‘ਤੇ ਜਾਗਰੂਕ ਵੀ ਕੀਤਾ ਗਿਆ।












