ਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ

ਪੰਜਾਬ

ਐਸ ਏ ਐਸ ਨਗਰ ,28 ਮਾਰਚ ,ਬੋਲੇ ਪੰਜਾਬ ਬਿਊਰੋ;

ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਸਵੀਂ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ । ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ । ਇਸ ਧਾਰਮਿਕ ਸਮਾਗਮ ਵਿੱਚ ਭਾਈ ਮਲਕੀਤ ਸਿੰਘ ਦੇ ਇੰਟਰਨੈਸ਼ਨਲ ਪੰਥਕ ਢਾਡੀ ਜੱਥੇ ਨੇ ਹਿੰਦ ਦੀ ਚਾਦਰ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਮਹਾਰਾਜ ਦੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਅਤੇ ਸ਼ਹਾਦਤ ਤੋਂ ਬਾਅਦ ਉਨਾਂ ਦੇ ਪਵਿਤਰ ਸੀਸ ਨੂੰ ਭਾਈ ਜੇਤਾ ਜੀ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਲਿਆਉਣ ਦੇ ਪ੍ਰਸੰਗ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਸੁਣਾਇਆ। ਭਾਈ ਸਤਿੰਦਰਬੀਰ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਜੀ ਅੰਮ੍ਰਿਤਸਰ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਇਲਾਹੀ ਬਾਣੀ ਨਾਲ ਗਵਾ ਕੇ ਸੰਗਤਾਂ ਨੂੰ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਜੀ ਮੁੱਖ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਭਾਈ ਲੱਖੀ ਸ਼ਾਹ ਵਨਜਾਰਾ ਦੁਆਰਾ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਮਹਾਰਾਜ ਦੀ ਸ਼ਹਾਦਤ ਤੋਂ ਬਾਅਦ ਉਨਾਂ ਦੇ ਧੜ ਦਾ ਸਸਕਾਰ ਕਰਨ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਦੱਸਿਆ। ਉਨਾਂ ਇਹ ਵੀ ਦੱਸਿਆ ਕਿ ਜਿਥੇ ਧੰਨ ਧੰਨ ਸ੍ਰੀ ਤੇਗ ਬਹਾਦਰ ਜੀ ਦਾ ਸਸਕਾਰ ਕੀਤਾ ਗਿਆ ਉਥੇ ਅੱਜ ਗੁਰਦਆਰਾ ਸ੍ਰੀ ਰਕਾਬ ਗੰਜ ਸਾਹਿਬ ਸ਼ੁਸ਼ੋਭਿਤ ਹਨ। ਇਸ ਤੋਂ ਇਲਾਵਾ ਬੀਬੀ ਸੁਰਿੰਦਰ ਕੌਰ ਪਟਿਆਲੇ ਵਾਲਿਆਂ ਦਾ ਇੰਟਰਨੈਸ਼ਨਲ ਢਾਡੀ ਜੱਥਾ, ਭਾਈ ਹਰਜਿੰਦਰ ਸਿੰਘ ਜੀ ਕਰਨਾਲ ਵਾਲੇ, ਭਾਈ ਸੂਬਾ ਸਿੰਘ  ਬਰਨਾਲਾ ਵਾਲੇ, ਭਾਈ ਕੁਲਦੀਪ ਸਿੰਘ ਜੀ ਸ੍ਰੀ ਅੰਮ੍ਰਿਤਸਰ ਸਾਹਿਬ,  ਭਾਈ ਜਸਵਿੰਦਰ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਇੰਦਰਜੀਤ ਸਿੰਘ, ਭਾਈ ਹਰਬਖਸ਼ ਸਿੰਘ, ਭਾਈ ਗੁਰਮੀਤ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਨੇ  ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ । ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ । ਦਸਵੀਂ ਦੇ ਦਿਹਾੜੇ ਤੇ ਹਜ਼ਾਰਾਂ ਸੰਗਤਾਂ ਨੇ ਇਸ ਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ । ਹਰ ਵਿਭਾਗ ਦੇ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਮੁਆਇਨਾ ਕੀਤਾ ਗਿਆ ਅਤੇ ਦਵਾਈ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਤੀ ਗਈ । ਇਸ ਦਿਨ ਕਰਵਾਏ ਗਏ ਅੰਮ੍ਰਿਤ ਸੰਚਾਰ ਵਿੱਚ ਵੱਡੀ ਗਿਣਤੀ ਵਿੱਚ ਪ੍ਰਾਣੀ ਖੰਡੇ ਬਾਟੇ ਦਾ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੇ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਗਿਆ ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।